ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇੱਕ ਅਹਿਮ ਐਲਾਨ ਕੀਤਾ ਹੈ। ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿੰਗਾਈ ਭੱਤੇ ਵਿੱਚ 8% ਦੇ ਵਾਧੇ ਦਾ ਐਲਾਨ ਕੀਤਾ। ਇਸ ਫੈਸਲੇ ਨਾਲ ਮੁਲਾਜ਼ਮਾਂ ਲਈ ਕੁੱਲ ਮਹਿੰਗਾਈ ਭੱਤਾ ਵਧ ਕੇ 50% ਹੋ ਜਾਵੇਗਾ।
ਮਿਲੇਗਾ ਵਧੇ ਹੋਏ ਡੀ.ਏ ਦਾ ਲਾਭ
ਪੰਜਾਬ ਸਰਕਾਰ ਅਨੁਸਾਰ, ਮੁਲਾਜ਼ਮਾਂ ਨੂੰ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ। ਇਹ ਵਾਧਾ 4-4 ਫੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਲਾਗੂ ਹੈ। ਇਸ ਫੈਸਲੇ ਨਾਲ ਲਗਭਗ 8 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਮੀਟਿੰਗ ਸਕਾਰਾਤਮਕ ਰਹੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪੰਜਾਬ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕੀਤੇ ਜਾਣਗੇ।
ਓਪੀਐੱਸ ਸਮੇਤ ਕਈ ਲੰਬਿਤ ਮਸਲਿਆਂ ‘ਤੇ ਚਰਚਾ
ਮੀਟਿੰਗ ਵਿੱਚ ਸਿਰਫ਼ ਮਹਿੰਗਾਈ ਭੱਤੇ ਦੇ ਵਾਧੇ ਬਾਰੇ ਹੀ ਨਹੀਂ, ਸਗੋਂ ਮੁਲਾਜ਼ਮਾਂ ਨਾਲ ਸਬੰਧਤ ਕਈ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ‘ਤੇ ਵੀ ਚਰਚਾ ਕੀਤੀ ਗਈ। ਇਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਯੋਜਨਾ, ਪ੍ਰੋਬੇਸ਼ਨ ਪੀਰੀਅਡ ਦੌਰਾਨ ਤਨਖਾਹਾਂ, ਅਤੇ ਆਸ਼ਾ ਤੇ ਮਿਡ-ਡੇ-ਮੀਲ ਵਰਕਰਾਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ। ਇਨ੍ਹਾਂ ਮਸਲਿਆਂ ਦੇ ਪੱਕੇ ਹੱਲ ਲਈ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਕਾਰ ਇੱਕ ਹੋਰ ਮੀਟਿੰਗ ਕਰਨ ਦਾ ਪ੍ਰਸਤਾਵ ਵੀ ਰੱਖਿਆ ਗਿਆ ਸੀ।
ਮੁਲਾਜ਼ਮਾਂ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਦਾ ਫੈਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਬਾਰੇ ਨਿਯਮਿਤ ਗੱਲਬਾਤ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਮੁਲਾਜ਼ਮ ਨੁਮਾਇੰਦਿਆਂ ਨਾਲ ਮਹੀਨਾਵਾਰ ਮੀਟਿੰਗਾਂ ਕਰਨ ਦਾ ਵਾਅਦਾ ਕੀਤਾ ਹੈ।
70,000 ਸਰਕਾਰੀ ਨੌਕਰੀਆਂ ਦਾ ਜ਼ਿਕਰ
ਇਸ ਮੀਟਿੰਗ ‘ਚ ਪੰਜਾਬ ਸਰਕਾਰ ਅਨੁਸਾਰ 70,000 ਸਰਕਾਰੀ ਨੌਕਰੀਆਂ ਦਾ ਜ਼ਿਕਰ, ਭਰਤੀ ਪ੍ਰਕਿਰਿਆ ਵਿੱਚ ਮੈਰਿਟ ਅਤੇ ਉਮੀਦਵਾਰਾਂ ਦੀ ਸਖ਼ਤ ਮਿਹਨਤ ਨੂੰ ਪਹਿਲ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਅਤੇ ਇਸ ਦੇ ਕਰਮਚਾਰੀਆਂ ਦੇ ਮਿਲ ਕੇ ਕੰਮ ਕਰਨ ਦੀ ਮਹੱਤਤਾ ‘ਤੇ ਮੁੜ ਜ਼ੋਰ ਦਿੱਤਾ।


