
CJP Protest: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਜੰਤਰ-ਮੰਤਰ ’ਤੇ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਸਖ਼ਤ ਕਦਮ ਚੁੱਕੇ ਹਨ। ਅਧਿਕਾਰੀਆਂ ਮੁਤਾਬਕ, ਸ਼ਨੀਵਾਰ ਨੂੰ ਜੰਤਰ-ਮੰਤਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਲਗਭਗ 200 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਸੀ ਕਿ ਸੀਜੇਪੀ ਨੂੰ ਇਸ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਅਤੇ ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ। ਸ਼ਨੀਵਾਰ ਸਵੇਰੇ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਪਾਰਟੀ ਦੇ ਬੁਲਾਰੇ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਨੂੰ ਵੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲੈ ਲਿਆ ਗਿਆ। ਉਹ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚੇ ਸਨ।
ਜਾਣਕਾਰੀ ਅਨੁਸਾਰ, ਜਹਾਜ਼ ਦੇ ਉਤਰਣ ਤੋਂ ਬਾਅਦ ਦਿੱਲੀ ਪੁਲਿਸ ਦੇ ਮੁਲਾਜ਼ਮ ਉਸ ਦੇ ਅੰਦਰ ਗਏ ਅਤੇ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਦੀ ਟੀਮ ਜਹਾਜ਼ ਦੇ ਅੰਦਰ ਆਈ ਸੀ ਅਤੇ ਉਨ੍ਹਾਂ ਨੂੰ ਸੌਰਵ ਦਾਸ ਤੇ ਆਸ਼ੂਤੋਸ਼ ਰਾਂਕਾ ਸਮੇਤ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ। ਵੀਡੀਓ ਵਿੱਚ ਉਹ ਪੁਲਿਸ ਨੂੰ ਇਹ ਕਹਿੰਦੇ ਵੀ ਸੁਣਾਈ ਦਿੰਦੇ ਹਨ ਕਿ ਉਹ ਗ੍ਰਿਫ਼ਤਾਰ ਹੋਣ ਲਈ ਆਏ ਹਨ ਅਤੇ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇ।
ਇਸ ਦੌਰਾਨ ਸੋਸ਼ਲ ਮੀਡੀਆ ਇਨਫਲੂਐਂਸਰ ਧਰੁਵ ਰਾਠੀ ਨੂੰ ਵੀ ਗੁਰੂਗ੍ਰਾਮ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦਿੱਲੀ ਦੀਆਂ ਸਰਹੱਦਾਂ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਮੁਲਾਜ਼ਮਾਂ ਨੂੰ ਬਾਡੀ ਕੈਮਰਿਆਂ ਨਾਲ ਲੈਸ ਕੀਤਾ ਗਿਆ ਹੈ, ਤਾਂ ਜੋ ਪ੍ਰਦਰਸ਼ਨ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਰਿਕਾਰਡ ਕੀਤਾ ਜਾ ਸਕੇ। ਪੁਲਿਸ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਸੁਰੱਖਿਆ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀਆਂ ਰਿਹਾਇਸ਼ਾਂ ਦੇ ਆਲੇ-ਦੁਆਲੇ ਵੀ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸ਼ਹਿਰ ਦੇ ਅਹਿਮ ਸਥਾਨਾਂ ’ਤੇ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਸੁਪਰੀਮ ਕੋਰਟ ਅਤੇ ਮੰਡੀ ਹਾਊਸ ਸਮੇਤ ਕਈ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਵੀ ਸੁਰੱਖਿਆ ਵਧਾਈ ਗਈ ਹੈ ਅਤੇ ਡਰੋਨਾਂ ਰਾਹੀਂ ਪੂਰੇ ਇਲਾਕੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਰੇਲਵੇ ਸਟੇਸ਼ਨ ਦੇ ਕੰਪਲੈਕਸ ਵਿੱਚ ਦਿੱਲੀ ਪੁਲਿਸ ਦੇ ਜਵਾਨਾਂ ਦੇ ਨਾਲ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੀ ਤਾਇਨਾਤੀ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਇਲਾਕਿਆਂ ਵਿੱਚ ਸੁਰੱਖਿਆ ਮਾਰਚ ਕੱਢੇ ਜਾ ਰਹੇ ਹਨ, ਜਦਕਿ ਪੁਲਿਸ ਅਧਿਕਾਰੀ ਪੂਰੀ ਸਥਿਤੀ ’ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ।
मेष: दिन शुभ रहेगा...