
Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਮਿਆਰੀ ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਬਿਹਤਰ ਮੌਕੇ ਦੇਣ ਲਈ ਕੰਮ ਕਰ ਰਹੀ ਹੈ। ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲੈਣ ਤੱਕ ਸੀਮਤ ਰੱਖਣਾ ਨਹੀਂ, ਸਗੋਂ ਉਨ੍ਹਾਂ ਨੂੰ ਉੱਦਮੀ ਬਣਾਉਣਾ ਹੈ, ਤਾਂ ਜੋ ਉਹ ਆਪਣੇ ਕਾਰੋਬਾਰ ਸ਼ੁਰੂ ਕਰਕੇ ਹੋਰਨਾਂ ਲਈ ਵੀ ਰੁਜ਼ਗਾਰ ਪੈਦਾ ਕਰ ਸਕਣ। ਮੁੱਖ ਮੰਤਰੀ ਕਪੂਰਥਲਾ ਸਥਿਤ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ 14ਵੇਂ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨੌਜਵਾਨਾਂ ਨੂੰ ਲੋੜੀਂਦੇ ਮੌਕੇ ਨਾ ਮਿਲਣ ਕਾਰਨ ਕਈਆਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਜਾਣਾ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਯੋਗਤਾ ਦੇ ਆਧਾਰ ‘ਤੇ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਿਫ਼ਾਰਸ਼ ਦੀ ਥਾਂ ਯੋਗਤਾ ਨੂੰ ਪਹਿਲ ਦੇਣ ਨਾਲ ਨੌਜਵਾਨਾਂ ਦਾ ਭਰੋਸਾ ਵਧਿਆ ਹੈ।
ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸਮਾਰਟ ਕਲਾਸਰੂਮ ਅਤੇ ਵਿਗਿਆਨ ਲੈਬਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਅਧਿਆਪਕਾਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀਆਂ ਦੀ ਜਾਣਕਾਰੀ ਦੇਣ ਲਈ ਸਿੰਗਾਪੁਰ ਅਤੇ ਫਿਨਲੈਂਡ ਵੀ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਨਵੀਆਂ ਤਕਨੀਕਾਂ ਨਾਲ ਜੋੜਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਿਗਰੀ ਹਾਸਲ ਕਰਨਾ ਜੀਵਨ ਦਾ ਮਹੱਤਵਪੂਰਨ ਪੜਾਅ ਹੈ, ਪਰ ਅਸਲ ਸਫ਼ਲਤਾ ਆਪਣੇ ਗਿਆਨ ਦੀ ਵਰਤੋਂ ਸਮਾਜ ਅਤੇ ਦੇਸ਼ ਦੀ ਤਰੱਕੀ ਲਈ ਕਰਨ ਵਿੱਚ ਹੈ। ਉਨ੍ਹਾਂ ਨੌਜਵਾਨਾਂ ਨੂੰ ਵੱਡੇ ਟੀਚੇ ਮਿੱਥਣ, ਲਗਾਤਾਰ ਮਿਹਨਤ ਕਰਨ ਅਤੇ ਨਵੀਨਤਾ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਨੌਜਵਾਨਾਂ ਨੂੰ ਮੌਕੇ ਅਤੇ ਸਹਿਯੋਗ ਦੇਣਾ ਹੈ, ਜਦਕਿ ਉਨ੍ਹਾਂ ਮੌਕਿਆਂ ਦਾ ਲਾਭ ਉਠਾ ਕੇ ਅੱਗੇ ਵਧਣਾ ਨੌਜਵਾਨਾਂ ਦੇ ਆਪਣੇ ਹੱਥ ਵਿੱਚ ਹੈ।
ਮੁੱਖ ਮੰਤਰੀ ਨੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਵਜ਼ੀਫ਼ਿਆਂ ਅਤੇ ਬਰਾਬਰ ਮੌਕਿਆਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ NEET ਪ੍ਰੀਖਿਆ ਵਿੱਚ ਆਮ ਪਰਿਵਾਰਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਹੀ ਮਾਰਗਦਰਸ਼ਨ ਅਤੇ ਮੌਕੇ ਮਿਲਣ ਨਾਲ ਹਰ ਪਿਛੋਕੜ ਦੇ ਵਿਦਿਆਰਥੀ ਅੱਗੇ ਵਧ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨਾਲ ਜੁੜੇ ਰਹਿਣ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਛੇ ਖਿਡਾਰੀਆਂ ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਨੂੰ ਸਨਮਾਨਿਤ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਰਵਿੰਦ ਕੁਮਾਰ ਬਾਂਸਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਬੇਅੰਤ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਸਹੀ ਮੌਕੇ ਦੇ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਮੰਜ਼ਿਲਾਂ ਤੱਕ ਲਿਜਾਇਆ ਜਾ ਸਕਦਾ ਹੈ।