skip to content

Last Updated: November 23, 2026

Dainik Savera Times Logo

Punjab Band: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਵਿਰੋਧ ਵਿੱਚ ਭਲਕੇ ਪੰਜਾਬ ਬੰਦ ਦਾ ਸੱਦਾ

14 October 2026 ਅੱਪਡੇਟ ਕੀਤਾ ਗਿਆ

Punjab Band: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਵਿਰੋਧ ਵਿੱਚ ਭਲਕੇ ਪੰਜਾਬ ਬੰਦ ਦਾ ਸੱਦਾ

Moga: ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਮੋਗਾ ਸ਼ਹਿਰ ਦੇ ਮੁੱਖ ਚੌਕ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੇ ਪ੍ਰਮੁੱਖ ਚੌਕਾਂ ’ਤੇ ਸੜਕਾਂ ਜਾਮ ਕਰਕੇ ਧਰਨੇ ਦਿੱਤੇ ਜਾਣਗੇ। ਐਲਾਨ ਮੁਤਾਬਕ, ਇਹ ਧਰਨੇ ਸ਼ਾਮ ਤੱਕ ਜਾਰੀ ਰਹਿਣਗੇ। ਪਰਮਿੰਦਰ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਨੇ ਇਨਸਾਫ਼ ਸੰਘਰਸ਼ ਨਾਲ ਜੁੜੀਆਂ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਐਕਸ਼ਨ ਕਮੇਟੀ ਦੇ ਮੈਂਬਰ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਸੰਯੁਕਤ ਸਕੱਤਰ ਕਰਮਜੀਤ ਮਾਣੂਕੇ ਨੇ ਦੱਸਿਆ ਕਿ ਪਿਛਲੇ ਦਿਨੀਂ ਮਾਨਸਾ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਨੇ ਕਥਿਤ ਤੌਰ ’ਤੇ ਪਰਮਿੰਦਰ ਝੋਟੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਬਣਾਈ ਗਈ ਹੈ ਅਤੇ ਇਸ ਦੀ ਅਗਵਾਈ ਹੇਠ ਮਾਨਸਾ ਵਿੱਚ ਪੱਕਾ ਮੋਰਚਾ ਵੀ ਸ਼ੁਰੂ ਕੀਤਾ ਗਿਆ ਹੈ।

ਕਰਮਜੀਤ ਮਾਣੂਕੇ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੁਲਿਸ ਅਤੇ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ, ਸਿਆਸਤਦਾਨਾਂ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਗੱਠਜੋੜ ਕਾਰਨ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ। ਐਕਸ਼ਨ ਕਮੇਟੀ ਨੇ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ ਹੈ।

ਐਕਸ਼ਨ ਕਮੇਟੀ ਦੀਆਂ ਮੁੱਖ ਮੰਗਾਂ

ਐਕਸ਼ਨ ਕਮੇਟੀ ਨੇ ਮੰਗ ਕੀਤੀ ਹੈ ਕਿ ਪਰਵਿੰਦਰ ਝੋਟੇ ਦੇ ਮ੍ਰਿਤਕ ਸਰੀਰ ਦਾ ਪੋਸਟਮਾਰਟਮ ਪੀਜੀਆਈ ਦੇ ਡਾਕਟਰਾਂ ਤੋਂ ਕਰਵਾਇਆ ਜਾਵੇ ਅਤੇ ਹੱਤਿਆ ਦੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਈ ਜਾਵੇ। ਇਸ ਤੋਂ ਇਲਾਵਾ, ਕਮੇਟੀ ਨੇ ਪੰਜਾਬ ਵਿੱਚ ਮੈਡੀਕਲ ਨਸ਼ਿਆਂ, ਪ੍ਰੇਗਾਬਾਲਿਨ (ਪ੍ਰੇਗਾ) ਅਤੇ ਚਿੱਟੇ ਨੂੰ ਖ਼ਤਮ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ।

ਮੋਗਾ ਵਿੱਚ ਇਨ੍ਹਾਂ ਥਾਵਾਂ ’ਤੇ ਲੱਗਣਗੇ ਜਾਮ

ਕਰਮਜੀਤ ਮਾਣੂਕੇ ਅਨੁਸਾਰ, ਪੰਜਾਬ ਬੰਦ ਦੌਰਾਨ ਮੋਗਾ ਦੇ ਮੁੱਖ ਚੌਕ, ਬਾਘਾਪੁਰਾਣਾ ਚੌਕ, ਬੱਧਨੀ ਰੋਡ, ਅਜੀਤਵਾਲ ਰੋਡ, ਧਰਮਕੋਟ ਚੌਕ ਅਤੇ ਸਮਾਲਸਰ ਵਿੱਚ ਸੜਕਾਂ ਜਾਮ ਕਰਕੇ ਧਰਨੇ ਦਿੱਤੇ ਜਾਣਗੇ। ਇਨ੍ਹਾਂ ਥਾਵਾਂ ’ਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਐਕਸ਼ਨ ਕਮੇਟੀ ਨੇ ਮੋਗਾ ਨਾਲ ਸਬੰਧਤ ਇਨਸਾਫ਼ ਸੰਘਰਸ਼ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ 15 ਅਕਤੂਬਰ ਦੇ ਪੰਜਾਬ ਬੰਦ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕਮੇਟੀ ਦਾ ਕਹਿਣਾ ਹੈ ਕਿ ਇਸ ਬੰਦ ਰਾਹੀਂ ਪਰਮਿੰਦਰ ਝੋਟੇ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਜਵਾਬਦੇਹੀ ਦੀ ਮੰਗ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.