skip to content

Last Updated: November 6, 2026

Dainik Savera Times Logo

Amritsar Heroin Seizure: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 36 ਕਿਲੋ ਹੈਰੋਇਨ ਸਮੇਤ ਨਾਬਾਲਗ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

6 November 2026 ਅੱਪਡੇਟ ਕੀਤਾ ਗਿਆ

Amritsar Heroin Seizure: ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 36 ਕਿਲੋ ਹੈਰੋਇਨ ਸਮੇਤ ਨਾਬਾਲਗ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

Amritsar: ਮੁਲਜ਼ਮਾਂ ਕੋਲੋਂ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਣ ਅਤੇ ਵਿਦੇਸ਼ ਵਿੱਚ ਬੈਠੇ ਹੈਂਡਲਰ ਨਾਲ ਸੰਪਰਕ ਹੋਣ ਦੀ ਗੱਲ ਸਾਹਮਣੇ ਆਈ ਹੈ।

ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਸਿੰਘ ਵਾਸੀ ਘਨੂਪੁਰ, ਅੰਮ੍ਰਿਤਸਰ, ਪਰਮਜੀਤ ਸਿੰਘ ਅਤੇ ਕਮਲਪਾਲ ਸਿੰਘ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਇਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਕਾਬੂ ਕੀਤਾ ਗਿਆ ਹੈ। ਪਰਮਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ।

ਹੈਰੋਇਨ ਦੀ ਵੱਡੀ ਖੇਪ ਤੋਂ ਇਲਾਵਾ ਪੁਲਿਸ ਨੇ ਤਸਕਰੀ ਲਈ ਵਰਤੇ ਜਾ ਰਹੇ ਦੋ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਮੁਤਾਬਕ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਇਹ ਹੈਂਡਲਰ ਲੋਪੋਕੇ ਇਲਾਕੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਹੈਰੋਇਨ ਦੀ ਖੇਪ ਪਹੁੰਚਾਉਣ ਦਾ ਪ੍ਰਬੰਧ ਕਰਦਾ ਸੀ।

ਜਾਂਚ ਅਨੁਸਾਰ ਸਰਹੱਦ ਨੇੜੇ ਡਰੋਨ ਰਾਹੀਂ ਸੁੱਟੀ ਗਈ ਨਸ਼ੇ ਦੀ ਖੇਪ ਮੁਲਜ਼ਮਾਂ ਨੇ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਖੇਪ ਅੰਮ੍ਰਿਤਸਰ-ਲੋਪੋਕੇ ਰੋਡ ‘ਤੇ ਕਿਸੇ ਹੋਰ ਧਿਰ ਨੂੰ ਸੌਂਪਣੀ ਸੀ। ਪੁਲਿਸ ਅਨੁਸਾਰ ਹੈਂਡਲਰ ਆਪਣੇ ਹੋਰ ਸਾਥੀਆਂ ਰਾਹੀਂ ਹੈਰੋਇਨ ਅੱਗੇ ਵੱਖ-ਵੱਖ ਲੋਕਾਂ ਤੱਕ ਪਹੁੰਚਾਉਂਦਾ ਸੀ।

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਇਸ ਸਬੰਧੀ ਪੱਕੀ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਤੁਰੰਤ ਛਾਪੇਮਾਰੀ ਕੀਤੀ। ਭਾਰਤਮਾਲਾ ਹਾਈਵੇਅ ਦੇ ਪੁਲ ਨੇੜਿਓਂ ਚਾਰਾਂ ਮੁਲਜ਼ਮਾਂ ਨੂੰ 36 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਇਸ ਦੌਰਾਨ ਨਸ਼ੇ ਦੀ ਸਪਲਾਈ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਏ।

ਪੁਲਿਸ ਨੇ ਇਸ ਮਾਮਲੇ ਵਿੱਚ ਪੂਰੇ ਨੈੱਟਵਰਕ ਦੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ 6 ਨਵੰਬਰ 2026 ਨੂੰ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿੱਚ ਐਫਆਈਆਰ ਨੰਬਰ 72 ਦਰਜ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.