Kartar Singh Sarabha: ਪੰਜਾਬ ਦੇ ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 111ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਜੱਦੀ ਘਰ ਅਤੇ ਯਾਦਗਾਰ ਵਿਖੇ ਹਾਜ਼ਰੀ ਲਗਵਾਈ ਅਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਦਿੱਤੀ ਗਈ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ।
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ ਅਤੇ ਕੁਰਬਾਨੀ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦਾ ਜੀਵਨ ਨੌਜਵਾਨਾਂ ਲਈ ਦੇਸ਼ ਭਗਤੀ ਅਤੇ ਹੌਸਲੇ ਦੀ ਅਜਿਹੀ ਮਿਸਾਲ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਸਰਾਭਾ ਨਾਲ ਜੁੜਿਆ ਇੱਕ ਦਿਲਚਸਪ ਕਿੱਸਾ ਵੀ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਜਦੋਂ ਉਹ ਪਹਿਲੀ ਵਾਰ ਇਸ ਪਿੰਡ ਆਏ ਸਨ ਤਾਂ ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਬਾਬਾ ਜੀ ਦੀ ਛੁੱਟੀ ਨਹੀਂ ਹੈ। ਮਾਨ ਨੇ ਦੱਸਿਆ ਕਿ ਪਿੰਡ ਵਾਸੀ ਅੱਜ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਬਹੁਤ ਸਤਿਕਾਰ ਨਾਲ ‘ਬਾਬਾ ਜੀ’ ਕਹਿ ਕੇ ਯਾਦ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸ਼ਹਾਦਤ ਵਾਲੇ ਦਿਨ ਛੁੱਟੀ ਮਨਾਉਣ ਦੀ ਪ੍ਰਥਾ ਜਾਰੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਹੁਣ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹੀ, ਸਗੋਂ ਪੂਰੇ ਦੇਸ਼ ਵਿੱਚ ਉਨ੍ਹਾਂ ਨੂੰ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਦਿਖਾਇਆ ਗਿਆ ਜਜ਼ਬਾ ਹਰ ਭਾਰਤੀ ਲਈ ਪ੍ਰੇਰਣਾ ਹੈ। ਇਸ ਮੌਕੇ ਸ਼ਹੀਦ ਦੇ ਜੀਵਨ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਦੀ ਲਹਿਰ ਵਿੱਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।
ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿੱਚ ਹੋਇਆ ਸੀ। ਬਚਪਨ ਵਿੱਚ ਹੀ ਉਨ੍ਹਾਂ ਦੇ ਪਿਤਾ ਮੰਗਲ ਸਿੰਘ ਦਾ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਦਾਦਾ ਬਦਨ ਸਿੰਘ ਨੇ ਉਨ੍ਹਾਂ ਦੀ ਪਰਵਰਿਸ਼ ਕੀਤੀ। ਮੁੱਢਲੀ ਪੜ੍ਹਾਈ ਪੂਰੀ ਕਰਨ ਮਗਰੋਂ ਉਹ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਚਲੇ ਗਏ। ਉੱਥੇ ਭਾਰਤੀਆਂ ਨਾਲ ਹੁੰਦੇ ਨਸਲੀ ਵਿਤਕਰੇ ਅਤੇ ਅਪਮਾਨ ਨੇ ਉਨ੍ਹਾਂ ਦੇ ਮਨ ਵਿੱਚ ਅੰਗਰੇਜ਼ੀ ਹਕੂਮਤ ਵਿਰੁੱਧ ਸੰਘਰਸ਼ ਕਰਨ ਦਾ ਜਜ਼ਬਾ ਹੋਰ ਮਜ਼ਬੂਤ ਕਰ ਦਿੱਤਾ। ਉਨ੍ਹਾਂ ਨੇ ਕੈਲੀਫੋਰਨੀਆ ਯੂਨੀਵਰਸਿਟੀ, ਬਰਕਲੇ ਵਿੱਚ ਕੈਮਿਸਟਰੀ ਦੀ ਪੜ੍ਹਾਈ ਕੀਤੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਨੂੰ ਆਜ਼ਾਦੀ ਦੀ ਲੜਾਈ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਸਾਲ 1915 ਵਿੱਚ ਅੰਗਰੇਜ਼ੀ ਹਕੂਮਤ ਵਿਰੁੱਧ ਪ੍ਰਸਤਾਵਿਤ ਬਗਾਵਤ ਦੀ ਯੋਜਨਾ ਅਸਫਲ ਹੋਣ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਕ੍ਰਾਂਤੀਕਾਰੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ। ਇਸ ਦੌਰਾਨ ਕਰਤਾਰ ਸਿੰਘ ਸਰਾਭਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਲਾਹੌਰ ਸਾਜ਼ਿਸ਼ ਕੇਸ ਤਹਿਤ ਉਨ੍ਹਾਂ ਵਿਰੁੱਧ ਮੁਕੱਦਮਾ ਚਲਾਇਆ ਗਿਆ। ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਇਸ ਨੌਜਵਾਨ ਕ੍ਰਾਂਤੀਕਾਰੀ ਦਾ ਨਾਮ ਭਾਰਤੀ ਆਜ਼ਾਦੀ ਸੰਗਰਾਮ ਦੇ ਇਤਿਹਾਸ ਵਿੱਚ ਹਮੇਸ਼ਾ ਸਤਿਕਾਰ ਨਾਲ ਲਿਆ ਜਾਂਦਾ ਰਹੇਗਾ।