Amritsar Police: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮੁਹਿੰਮ ਦੌਰਾਨ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫ਼ੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਤੋਂ ਇਲਾਵਾ, ਪੁਲਿਸ ਵੱਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ 109 ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਹੋਰ ਬਰਾਮਦਗੀਆਂ ਵੀ ਹੋ ਸਕਦੀਆਂ ਹਨ।
ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਘਰਿੰਡਾ, ਥਾਣਾ ਲੋਪੋਕੇ ਅਤੇ ਥਾਣਾ ਭਿੰਡੀ ਸੈਦਾ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰਦਿਆਂ ਮੁਲਜ਼ਮਾਂ ਦੇ ਸੰਪਰਕਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਜਾਂਚ ਮੁਤਾਬਕ, ਇਹ ਹੈਂਡਲਰ ਅਪਰਾਧਿਕ ਗਿਰੋਹਾਂ ਤੱਕ ਨਾਜਾਇਜ਼ ਹਥਿਆਰ ਪਹੁੰਚਾਉਣ ਵਿੱਚ ਮਦਦ ਕਰਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੀਆਂ ਅਗਲੀਆਂ ਅਤੇ ਪਿਛਲੀਆਂ ਕੜੀਆਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ।
ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ, ਤਾਂ ਜੋ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨਾਲ ਜੁੜੇ ਪੂਰੇ ਗਿਰੋਹ ਦਾ ਪਤਾ ਲਗਾਇਆ ਜਾ ਸਕੇ। ਜਾਂਚ ਏਜੰਸੀਆਂ ਦਾ ਉਦੇਸ਼ ਇਸ ਨੈੱਟਵਰਕ ਦੀ ਸਪਲਾਈ ਅਤੇ ਵੰਡ ਪ੍ਰਣਾਲੀ ਨੂੰ ਤੋੜਨਾ ਹੈ, ਜਿਸ ਨਾਲ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲਗਾਈ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਸੰਗਠਿਤ ਅਪਰਾਧ, ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਅਨੁਸਾਰ, ਇਨ੍ਹਾਂ ਕਾਰਵਾਈਆਂ ਦਾ ਮਕਸਦ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਵਿੱਚ ਸੁਰੱਖਿਅਤ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ।
मेष: दिन शुभ रहेगा...