skip to content

Last Updated: November 19, 2026

Dainik Savera Times Logo

Land Dispute: ਖੇਤ ‘ਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਨੂੰ ਪਿਸਤੌਲ ਦਿਖਾ ਕੇ ਧਮਕਾਇਆ, ਜ਼ਮੀਨ ‘ਤੇ ਕਬਜ਼ੇ ਦੀ ਕੋਸ਼ਿਸ਼

19 November 2026 ਅੱਪਡੇਟ ਕੀਤਾ ਗਿਆ

Land Dispute: ਖੇਤ ‘ਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਨੂੰ ਪਿਸਤੌਲ ਦਿਖਾ ਕੇ ਧਮਕਾਇਆ, ਜ਼ਮੀਨ ‘ਤੇ ਕਬਜ਼ੇ ਦੀ ਕੋਸ਼ਿਸ਼

Moga Land Dispute: ਮੋਗਾ ਜ਼ਿਲ੍ਹੇ ਦੇ ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਤਲਵੰਡੀ ਨੌ ਬਹਾਰ ਵਿੱਚ ਜ਼ਮੀਨ ਨੂੰ ਲੈ ਕੇ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕਿਸਾਨ ਨੇ ਦੋਸ਼ ਲਾਇਆ ਹੈ ਕਿ ਉਸ ਨੂੰ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਅਤੇ ਉਸ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਦੋ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਤਲਵੰਡੀ ਨੌ ਬਹਾਰ ਦੇ ਰਹਿਣ ਵਾਲੇ ਪਵਨ ਕੁਮਾਰ ਪੁੱਤਰ ਰੇਸ਼ਮ ਲਾਲ ਨੇ ਦੱਸਿਆ ਕਿ ਉਹ ਆਪਣੀ ਜ਼ਮੀਨ ਵਿੱਚ ਕਣਕ ਦੀ ਬਿਜਾਈ ਕਰ ਰਿਹਾ ਸੀ। ਇਸ ਦੌਰਾਨ ਕੁਝ ਹੋਰ ਵਿਅਕਤੀ ਵੀ ਉਸ ਦੇ ਨਾਲ ਖੇਤ ਵਿੱਚ ਮੌਜੂਦ ਸਨ। ਸ਼ਿਕਾਇਤਕਰਤਾ ਮੁਤਾਬਕ ਸਵੇਰੇ ਕਰੀਬ 8 ਤੋਂ 9 ਵਜੇ ਦੇ ਵਿਚਕਾਰ ਪਿੰਡ ਦਾ ਹੀ ਵਿਨੋਦ ਕੁਮਾਰ ਪੁੱਤਰ ਸਵਰਗੀ ਜਸਪਾਲ ਸਿੰਘ ਆਪਣੇ ਕੁਝ ਅਣਪਛਾਤੇ ਸਾਥੀਆਂ ਸਮੇਤ ਉੱਥੇ ਪਹੁੰਚ ਗਿਆ।

ਪਵਨ ਕੁਮਾਰ ਨੇ ਦੋਸ਼ ਲਾਇਆ ਕਿ ਖੇਤ ਵਿੱਚ ਆਉਂਦਿਆਂ ਹੀ ਵਿਨੋਦ ਕੁਮਾਰ ਨੇ ਉਸ ਤੋਂ ਪੁੱਛਿਆ ਕਿ ਉਹ ਉਸ ਦੀ ਜ਼ਮੀਨ ਵਿੱਚ ਕਣਕ ਦੀ ਬਿਜਾਈ ਕਿਉਂ ਕਰ ਰਿਹਾ ਹੈ। ਇਸ ਦੇ ਜਵਾਬ ਵਿੱਚ ਪਵਨ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਨਾਲ ਮਿਲ ਕੇ ਵਿਨੋਦ ਦੀ ਮਾਤਾ ਤੋਂ ਇਸ ਜ਼ਮੀਨ ਦੀ ਰਜਿਸਟਰੀ ਕਰਵਾਈ ਹੋਈ ਹੈ। ਉਸ ਮੁਤਾਬਕ ਦੋਵੇਂ ਭਰਾ ਪਿਛਲੇ ਲਗਭਗ ਡੇਢ ਸਾਲ ਤੋਂ ਇਸ ਜ਼ਮੀਨ ‘ਤੇ ਖੇਤੀ ਕਰ ਰਹੇ ਹਨ ਅਤੇ ਇਸੇ ਕਰਕੇ ਉਹ ਇਸ ਨੂੰ ਆਪਣੀ ਜ਼ਮੀਨ ਦੱਸਦੇ ਹਨ।

ਸ਼ਿਕਾਇਤ ਅਨੁਸਾਰ, ਇਸ ਗੱਲ ਨੂੰ ਲੈ ਕੇ ਵਿਨੋਦ ਕੁਮਾਰ ਗੁੱਸੇ ਵਿੱਚ ਆ ਗਿਆ ਅਤੇ ਉਸ ਨੇ ਆਪਣੀ ਡੱਬ ਵਿੱਚੋਂ ਪਿਸਤੌਲ ਕੱਢ ਲਈ। ਕਿਸਾਨ ਦਾ ਦੋਸ਼ ਹੈ ਕਿ ਮੁਲਜ਼ਮ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਗਾਲੀ-ਗਲੋਚ ਵੀ ਕੀਤੀ। ਇਸ ਤੋਂ ਇਲਾਵਾ ਉਸ ਦੇ ਨਾਲ ਆਏ ਵਿਅਕਤੀਆਂ ਨੇ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ।

ਪਵਨ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਖੇਤ ਵਿੱਚ ਹੋ ਰਹੇ ਰੌਲੇ-ਰੱਪੇ ਨੂੰ ਸੁਣ ਕੇ ਆਸ-ਪਾਸ ਦੇ ਕਈ ਲੋਕ ਇਕੱਠੇ ਹੋ ਗਏ। ਹਾਲਾਤ ਨੂੰ ਦੇਖਦਿਆਂ ਉਹ ਡਰ ਗਿਆ ਅਤੇ ਆਪਣੀ ਜ਼ਮੀਨ ਤੋਂ ਨਿਕਲ ਕੇ ਘਰ ਚਲਾ ਗਿਆ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਪਹੁੰਚ ਕਰਕੇ ਪੂਰੀ ਘਟਨਾ ਬਾਰੇ ਸ਼ਿਕਾਇਤ ਦਰਜ ਕਰਵਾਈ।

ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਪਵਨ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਵਿਨੋਦ ਕੁਮਾਰ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਰਿਕਾਰਡ ਮੁਤਾਬਕ ਵਿਨੋਦ ਕੁਮਾਰ ਨੂੰ ਹਾਲੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਮਾਮਲੇ ਦੀ ਅਗਲੀ ਜਾਂਚ ਸਹਾਇਕ ਥਾਣੇਦਾਰ ਜਸਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.