Passport Case: ਪਾਸਪੋਰਟ ਅਰਜ਼ੀ ਵਿੱਚ ਜਨਮ ਸਥਾਨ ਦੀ ਜਾਣਕਾਰੀ ਨੂੰ ਲੈ ਕੇ ਕਥਿਤ ਗੜਬੜ ਸਾਹਮਣੇ ਆਉਣ ਤੋਂ ਬਾਅਦ ਸੌਰਵ ਦਾਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਚੇਨਈ ਸਥਿਤ ਖੇਤਰੀ ਪਾਸਪੋਰਟ ਦਫ਼ਤਰ (RPO) ਵੱਲੋਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸੱਤ ਦਿਨਾਂ ਦੇ ਅੰਦਰ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਜਵਾਬ ਦਾਖ਼ਲ ਕਰਨ ਤੱਕ ਪਾਸਪੋਰਟ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਪ੍ਰੈੱਸ ਬ੍ਰੀਫਿੰਗ ਦੌਰਾਨ ਕਿਹਾ ਕਿ ਪਾਸਪੋਰਟ ਲਈ ਅਰਜ਼ੀ ਦਿੰਦੇ ਸਮੇਂ ਸਹੀ ਜਾਣਕਾਰੀ ਦੇਣਾ ਲਾਜ਼ਮੀ ਹੁੰਦਾ ਹੈ। ਜੇਕਰ ਜਾਂਚ ਦੌਰਾਨ ਦਿੱਤੇ ਗਏ ਵੇਰਵਿਆਂ ਵਿੱਚ ਕੋਈ ਅੰਤਰ ਸਾਹਮਣੇ ਆਉਂਦਾ ਹੈ ਜਾਂ ਤੱਥ ਲੁਕਾਉਣ ਦਾ ਸ਼ੱਕ ਹੁੰਦਾ ਹੈ ਤਾਂ ਸਬੰਧਤ ਵਿਅਕਤੀ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ।
ਜੈਸਵਾਲ ਮੁਤਾਬਕ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਤੋਂ ਮਿਲੀ ਰਿਪੋਰਟ ਦੇ ਆਧਾਰ ‘ਤੇ ਚੇਨਈ ਦੇ ਖੇਤਰੀ ਪਾਸਪੋਰਟ ਦਫ਼ਤਰ ਨੇ 23 ਨਵੰਬਰ ਨੂੰ ਸੌਰਵ ਦਾਸ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਵਿੱਚ ਜਨਮ ਸਥਾਨ ਨਾਲ ਜੁੜੀ ਜਾਣਕਾਰੀ ਬਾਰੇ ਸੱਤ ਦਿਨਾਂ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਇਹ ਵੀ ਆਖਿਆ ਗਿਆ ਹੈ ਕਿ ਜਦੋਂ ਤੱਕ ਉਹ ਆਪਣਾ ਜਵਾਬ ਨਹੀਂ ਦਿੰਦੇ, ਉਦੋਂ ਤੱਕ ਪਾਸਪੋਰਟ ਦੀ ਵਰਤੋਂ ਨਾ ਕਰਨ।
ਇਸ ਦੌਰਾਨ ਭਾਰਤ ਅਤੇ ਰੂਸ ਦੇ ਕੂਟਨੀਤਕ ਸਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਦੇ ਵਿਦੇਸ਼ ਮੰਤਰੀ ਨੇ ਰੂਸ ਦੇ ਵਿਦੇਸ਼ ਮੰਤਰੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਹੈ। ਪਿਛਲੇ ਕੁਝ ਹਫ਼ਤਿਆਂ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵੱਖ-ਵੱਖ ਪੱਧਰਾਂ ‘ਤੇ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਹੋਏ ਹਨ। ਇਨ੍ਹਾਂ ਦੌਰਾਨ ਦੁਵੱਲੇ ਸਬੰਧਾਂ ਦੇ ਨਾਲ ਖੇਤਰੀ, ਵਿਸ਼ਵ ਪੱਧਰੀ ਅਤੇ ਬਹੁਪੱਖੀ ਮੁੱਦਿਆਂ ‘ਤੇ ਵੀ ਵਿਚਾਰ ਸਾਂਝੇ ਕੀਤੇ ਗਏ।
ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਮਾਮਲਿਆਂ ਨੂੰ ਲੈ ਕੇ ਵੀ ਗੱਲਬਾਤ ਜਾਰੀ ਹੈ। ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਦੋਵਾਂ ਦੇਸ਼ਾਂ ਦੇ ਕੂਟਨੀਤਕ ਅਤੇ ਫ਼ੌਜੀ ਅਧਿਕਾਰੀ ਲਗਾਤਾਰ ਸੰਪਰਕ ਵਿੱਚ ਹਨ। ਹਾਲ ਹੀ ਵਿੱਚ ਪੂਰਬੀ ਖੇਤਰ ਵਿੱਚ ਸੀਨੀਅਰ ਫ਼ੌਜੀ ਕਮਾਂਡਰਾਂ ਵਿਚਾਲੇ ਬੈਠਕ ਹੋਈ, ਜਿਸ ਵਿੱਚ ਅਸਲ ਕੰਟਰੋਲ ਰੇਖਾ (LAC) ਨਾਲ ਜੁੜੇ ਮਸਲਿਆਂ ਅਤੇ ਸਰਹੱਦੀ ਪ੍ਰਬੰਧਨ ਨੂੰ ਬਿਹਤਰ ਬਣਾਉਣ ਬਾਰੇ ਚਰਚਾ ਕੀਤੀ ਗਈ। ਇਸ ਦਾ ਮੁੱਖ ਮਕਸਦ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰੱਖਣਾ ਹੈ।
ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਣ ਦੇ ਮਾਮਲੇ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪਰਵਾਸ ਦੇ ਖ਼ਿਲਾਫ਼ ਹੈ ਅਤੇ ਇਸ ਸਬੰਧੀ ਅਮਰੀਕਾ ਨਾਲ ਸਹਿਯੋਗ ਕਰਦਾ ਹੈ। ਜਦੋਂ ਕਿਸੇ ਵਿਅਕਤੀ ਨੂੰ ਭਾਰਤ ਭੇਜਣ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਸਭ ਤੋਂ ਪਹਿਲਾਂ ਉਸ ਦੀ ਕੌਮੀਅਤ ਦੀ ਜਾਂਚ ਕੀਤੀ ਜਾਂਦੀ ਹੈ। ਭਾਰਤੀ ਨਾਗਰਿਕ ਹੋਣ ਦੀ ਪੁਸ਼ਟੀ ਤੋਂ ਬਾਅਦ ਉਸ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਅੱਗੇ ਵਧਾਈ ਜਾਂਦੀ ਹੈ। ਮੰਤਰਾਲੇ ਅਨੁਸਾਰ, ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਅਮਰੀਕਾ ਵੱਲੋਂ 1,700 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।
मेष: दिन शुभ रहेगा...