skip to content

Last Updated: November 6, 2026

Dainik Savera Times Logo

‘ਸਤਲੁਜ’ ਮੂਵੀ : ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਦਾ ਨਹੀਂ ਮਿਲਿਆ ਕੋਈ ਥਹੁ-ਪਤਾ !

10 July 2026 ਅੱਪਡੇਟ ਕੀਤਾ ਗਿਆ

‘ਸਤਲੁਜ’ ਮੂਵੀ : ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ’ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਦਾ ਨਹੀਂ ਮਿਲਿਆ ਕੋਈ ਥਹੁ-ਪਤਾ !

Jaswant Singh Khalra News : ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਹੈ। ਜਸਪਾਲ ਸਿੰਘ ਮਈ 2023 ਤੋਂ ਅਦਾਲਤੀ ਹੁਕਮਾਂ ਤਹਿਤ ਜ਼ਮਾਨਤ ’ਤੇ ਰਿਹਾਅ ਹੈ, ਜਦਕਿ ਉਸ ਦੀ ਸਜ਼ਾ ਮੁਆਫ਼ੀ ਸਬੰਧੀ ਪ੍ਰਸਤਾਵ ’ਤੇ ਅਜੇ ਤਕ ਅੰਤਿਮ ਫ਼ੈਸਲਾ ਨਹੀਂ ਆਇਆ।

ਫ਼ਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਨੇ ਇੱਕ ਵਾਰ ਫਿਰ ਸੁਰਖੀਆਂ ਬਟੋਰੀਆਂ ਹਨ। ਇਸੇ ਵਿਚਾਲੇ ਖਾਲੜਾ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ, ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਖੇਤੀਬਾੜੀ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ ਹਾਈ ਕੋਰਟ ਦੇ ਉਸ ਫ਼ੈਸਲੇ ਦੇ ਆਧਾਰ ’ਤੇ ਹੋਈ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸਜ਼ਾ ਮੁਆਫ਼ੀ ਸਬੰਧੀ ਸਰਕਾਰ ਦੇ ਪ੍ਰਸਤਾਵ ’ਤੇ ਰਾਜਪਾਲ ਤਿੰਨ ਮਹੀਨਿਆਂ ਤੱਕ ਕੋਈ ਫ਼ੈਸਲਾ ਨਹੀਂ ਲੈਂਦੇ, ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਤੰਬਰ 2022 ਵਿੱਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਭੇਜਿਆ ਸੀ, ਪਰ ਇਸ ’ਤੇ ਅਜੇ ਤਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਇਸੇ ਆਧਾਰ ’ਤੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਜਸਪਾਲ ਸਿੰਘ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਪਹਿਲਾਂ 2019 ਵਿੱਚ ਵੀ ਜਸਪਾਲ ਸਿੰਘ ਨੂੰ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ। ਹਾਲਾਂਕਿ ਟਾਂਡਾ ਥਾਣੇ ਦੇ ਇੱਕ ਹੋਰ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਕਾਰਨ ਉਸ ਨੂੰ ਜੇਲ੍ਹ ਵਿੱਚ ਹੀ ਰੱਖਿਆ ਗਿਆ ਸੀ। ਇਸ ਦੇ ਖ਼ਿਲਾਫ਼ ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਵੀ ਦਾਇਰ ਕੀਤੀ ਸੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ। ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਜਸਵੰਤ ਸਿੰਘ ਖਾਲੜਾ ਕਤਲ ਕੇਸ ਅਤੇ ਇਸ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.