ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੁੱਖ ਦਫ਼ਤਰ ਵਿੱਚ ਹੋਈ। ਮੀਟਿੰਗ ਦੌਰਾਨ ਕਈ ਅਹਿਮ ਮਤੇ ਪਾਸ ਕੀਤੇ ਗਏ।
ਮੀਟਿੰਗ ਵਿੱਚ ਸੰਨ 1980 ਅਤੇ 1990 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰਾਂ ਨੂੰ ਦਰਸਾਉਣ ਵਾਲੀ ਫ਼ਿਲਮ ‘ਸਤਲੁਜ’ ਦੀ ਟੀਮ ਦਾ ਧੰਨਵਾਦ ਕਰਦਿਆਂ ਮਤਾ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਉਸ ਸਮੇਂ ਸਿੱਖ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਹੋਏ। ਦਿੱਲੀ, ਕਾਨਪੁਰ, ਬੋਕਾਰੋ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ, ਜਦਕਿ ਪੰਜਾਬ ਵਿੱਚ ਵੀ ਹਜ਼ਾਰਾਂ ਬੇਕਸੂਰ ਸਿੱਖ ਮਾਰੇ ਗਏ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਨੂੰ ਆਪਣੇ ਪਿਆਰਿਆਂ ਦੀਆਂ ਲਾਸ਼ਾਂ ਵੀ ਨਹੀਂ ਮਿਲੀਆਂ।
ਧਾਮੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੇ ਲਾਪਤਾ ਅਤੇ ਮਾਰੇ ਗਏ ਸਿੱਖਾਂ ਦਾ ਸੱਚ ਸਾਹਮਣੇ ਲਿਆਉਣ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਪੁਲਿਸ ਨੇ ਉਨ੍ਹਾਂ ਨੂੰ ਤਸ਼ੱਦਦ ਕਰਕੇ ਮਾਰ ਦਿੱਤਾ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀਆਂ ਘਟਨਾਵਾਂ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ।
ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਮੁਫ਼ਤ ਸਕੀਮਾਂ ਬੰਦ ਕਰ ਦੇਵੇਗੀ… ਰਾਜਾ ਵੜਿੰਗ ਨੇ ਮਾਨ ਦੇ ਦਾਅਵੇ ਨੂੰ ਰੱਦ ਕੀਤਾ
ਅੰਤ੍ਰਿੰਗ ਕਮੇਟੀ ਨੇ ਇੱਕ ਹੋਰ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰੀਕੇ ਪੱਤਣ ਵਿਖੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿੱਚ ਕੀਤੀ ਗਈ ਸਮੂਹਿਕ ਅਰਦਾਸ ਦੇ ਉਪਰਾਲੇ ਦਾ ਸਵਾਗਤ ਕੀਤਾ ਅਤੇ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਵੀ ਕੀਤੀ ਗਈ। ਧਾਮੀ ਨੇ ਕਿਹਾ ਕਿ ਕਈ ਸਿੱਖ ਕੈਦੀ ਆਪਣੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਫਿਰ ਵੀ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।
ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕੁਝ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਦੇ ਕੇ ਸਮੇਂ ਤੋਂ ਪਹਿਲਾਂ ਰਿਹਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੁਤਾਬਕ ਇਹ ਦੋਹਰਾ ਮਾਪਦੰਡ ਹੈ।
ਮੀਟਿੰਗ ਵਿੱਚ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਪ੍ਰੈੱਸਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿੱਚ ਸਿੱਖੀ ਦੇ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

SGPC Passes Key Resolutions Regarding