AAP Rally: ਮੋਗਾ ਦੇ ਪਿੰਡ ਮਟਵਾਣੀ ਵਿੱਚ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਪਾਰਟੀ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਰੈਲੀ ਵਾਲੀ ਥਾਂ ਪਹੁੰਚੇ। ਪ੍ਰਬੰਧਾਂ ਦਾ ਨਿਰੀਖਣ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਪੰਜਾਬ ਦੀਆਂ ਸਭ ਤੋਂ ਵੱਡੀਆਂ ਰੈਲੀਆਂ ਵਿੱਚੋਂ ਇੱਕ ਹੋਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਨੂ ਨੇ ਦੱਸਿਆ ਕਿ ਰੈਲੀ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀਆਂ, ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਇਕੱਠ ਰਾਹੀਂ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਦੀ ਸ਼ੁਰੂਆਤ ਵੀ ਕਰੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਇਤਿਹਾਸਕ ਫਤਵਾ ਦਿੱਤਾ ਸੀ ਅਤੇ ਸਰਕਾਰ ਨੇ ਪਹਿਲੇ ਮਹੀਨੇ ਤੋਂ ਹੀ ਲੋਕ ਭਲਾਈ ਦੇ ਕੰਮ ਸ਼ੁਰੂ ਕਰ ਦਿੱਤੇ ਸਨ। ਪੰਨੂ ਮੁਤਾਬਕ, ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ ਕਈ ਹੋਰ ਲੋਕ ਹਿੱਤ ਦੇ ਫੈਸਲੇ ਵੀ ਲਏ ਹਨ। ਉਨ੍ਹਾਂ ਕਿਹਾ ਕਿ ਹਰ ਘਰ ਨੂੰ ਦੋ ਮਹੀਨਿਆਂ ਵਿੱਚ 600 ਯੂਨਿਟ ਮੁਫ਼ਤ ਬਿਜਲੀ ਦੇਣ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ 78 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦਾ ਦਾਅਵਾ ਵੀ ਕੀਤਾ ਗਿਆ।
ਪੰਨੂ ਨੇ ਕਿਹਾ ਕਿ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ, ਜਿਸ ਨਾਲ ਖੇਤੀਬਾੜੀ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਅਨੁਸਾਰ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਾਲ ਸੜਕ ਹਾਦਸਿਆਂ ਵਿੱਚ ਮੌਤਾਂ ਘਟੀਆਂ ਹਨ, ਜਦਕਿ 18 ਟੋਲ ਪਲਾਜ਼ੇ ਬੰਦ ਹੋਣ ਕਾਰਨ ਲੋਕਾਂ ਦੀ ਰੋਜ਼ਾਨਾ ਕਰੋੜਾਂ ਰੁਪਏ ਦੀ ਬਚਤ ਹੋ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਵਧਾਉਣ ਅਤੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਨਾਲ ਸਰਕਾਰੀ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਸੁਧਾਰਨ ਦੇ ਯਤਨ ਵੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਵਿੱਚ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਮੁੜ ਸਮਰਥਨ ਮੰਗੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਮਾਨ ਸਰਕਾਰ ਨੂੰ ਹੋਰ ਪੰਜ ਸਾਲ ਦੇਣ ਦੀ ਅਪੀਲ ਕਰੇਗੀ। ਰੈਲੀ ਵਿੱਚ ਆਉਣ ਵਾਲੇ ਲੋਕਾਂ ਲਈ ਪਾਰਕਿੰਗ, ਖਾਣ-ਪੀਣ ਅਤੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ। ਲੁਧਿਆਣਾ ਅਤੇ ਮੋਗਾ ਵੱਲੋਂ ਆਉਣ ਵਾਲੇ ਵਾਹਨਾਂ ਲਈ ਵੱਖ-ਵੱਖ ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ। ਸੁਰੱਖਿਆ ਅਤੇ ਆਵਾਜਾਈ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਸੰਭਾਲੇਗੀ।
ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਬਾਰੇ ਬੋਲਦਿਆਂ ਪੰਨੂ ਨੇ ਕਿਹਾ ਕਿ ਭਾਜਪਾ ਨੂੰ ਸਮਰਥਨ ਦੇਣ ਦੇ ਫੈਸਲੇ ’ਤੇ ਅਕਾਲੀ ਦਲ ਨੂੰ ਲੋਕਾਂ ਸਾਹਮਣੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਭਾਜਪਾ ’ਤੇ ਹਰਿਆਣਾ, ਦਿੱਲੀ, ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਦੀਆਂ ਸਿੱਖ ਸੰਸਥਾਵਾਂ ਦੇ ਮਾਮਲਿਆਂ ਵਿੱਚ ਦਖ਼ਲ ਦੇਣ ਦੇ ਦੋਸ਼ ਲਗਾਏ ਅਤੇ ਅਕਾਲੀ ਆਗੂਆਂ ਤੋਂ ਇਸ ਬਾਰੇ ਰੁਖ਼ ਪੁੱਛਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਹਾਲਾਤਾਂ ਨੂੰ ਸਮਝਦੇ ਹਨ ਅਤੇ ਪਿਛਲੇ ਸਮੇਂ ਦੇ ਕਾਲੇ ਦੌਰ ਨੂੰ ਨਹੀਂ ਭੁੱਲੇ। ਉਨ੍ਹਾਂ ਅਨੁਸਾਰ 26 ਨਵੰਬਰ ਦੀ ਰੈਲੀ ਵਿੱਚ ਸਰਕਾਰ ਦੇ ਕੰਮ ਲੋਕਾਂ ਸਾਹਮਣੇ ਰੱਖ ਕੇ ਮੁੜ ਸਮਰਥਨ ਦੀ ਅਪੀਲ ਕੀਤੀ ਜਾਵੇਗੀ।

