Paddy Procurement Begins in Ajnala Mandi: ਅੰਮ੍ਰਿਤਸਰ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਅਜਨਾਲਾ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਪਹਿਲੀ ਢੇਰੀ ਵੇਚਣ ਵਾਲੇ ਕਿਸਾਨ ਨੂੰ ਸਨਮਾਨਿਤ ਕੀਤਾ। ਵਿਧਾਇਕ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰੀ ਭਾਅ ’ਤੇ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ, ਤੁਲਾਈ ਤੇ ਲਿਫ਼ਟਿੰਗ ਦੀ ਪ੍ਰਕਿਰਿਆ ਸੁਚਾਰੂ ਰੱਖਣ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਪਹਿਲੀ ਢੇਰੀ ਵੇਚਣ ਵਾਲੇ ਕਿਸਾਨ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਮੰਡੀ ਬੋਰਡ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਸੂਬੇ ਦੀਆਂ ਮੰਡੀਆਂ ਵਿੱਚ ਲੋੜੀਂਦੇ ਅਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰੀ ਭਾਅ ’ਤੇ ਖ਼ਰੀਦਿਆ ਜਾਵੇਗਾ ਅਤੇ ਫ਼ਸਲ ਦੀ ਅਦਾਇਗੀ ਸਮੇਂ ਸਿਰ ਤੇ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਤੁਲਾਈ ਅਤੇ ਲਿਫ਼ਟਿੰਗ ਦੀ ਪ੍ਰਕਿਰਿਆ ਤੇਜ਼ੀ ਨਾਲ ਅਤੇ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇ। ਸ. ਧਾਲੀਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਲੋੜੀਂਦੀਆਂ ਡਾਕਟਰੀ ਸਹੂਲਤਾਂ ਦੇ ਉਚਿਤ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਇਲਾਵਾ ਕਿਸਾਨਾਂ ਲਈ ਵੀ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਖ਼ਰੀਦ ਦੇ ਨੌਂ ਸੀਜ਼ਨ ਸਫ਼ਲਤਾਪੂਰਵਕ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਮੌਜੂਦਾ ਦਸਵੇਂ ਖ਼ਰੀਦ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਨਵੇਂ ਸ਼ੈੱਡ ਬਣਾਉਣ ਦੇ ਨਾਲ-ਨਾਲ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

