Site icon Dainik Savera Punjab

Moga News: ‘ਆਪ’ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਨੂੰ ਧੋਖੇ ਵਿੱਚ ਰੱਖਿਆ : ਅਕਾਲੀ ਆਗੂ

Akali-BJP Alliance: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਘਬਰਾਹਟ ਹੈ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਮੋਗਾ ਹਲਕਾ ਇੰਚਾਰਜ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਅਕਾਲੀ-ਭਾਜਪਾ ਗਠਜੋੜ ਨੂੰ ਮੌਕਾ ਦੇਣਗੇ।

ਸੰਨੀ ਗਿੱਲ ਨੇ ਸੱਤਾਧਾਰੀ ਪਾਰਟੀ ਦੇ ਮੰਤਰੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਦੂਜੀਆਂ ਪਾਰਟੀਆਂ ਬਾਰੇ ਬਿਆਨ ਦੇਣ ਦੀ ਬਜਾਏ ਆਪਣੇ ਕਾਰਜਕਾਲ ਦਾ ਹਿਸਾਬ ਲੋਕਾਂ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਕੋਈ ਵੱਡੀ ਪ੍ਰਾਪਤੀ ਨਹੀਂ ਕੀਤੀ ਅਤੇ ਸਿਰਫ਼ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਮੁਤਾਬਕ ਸਰਕਾਰੀ ਸਕੂਲਾਂ ਦੀ ਰੰਗਾਈ ਅਤੇ ਮੁਰੰਮਤ ਕਰਕੇ ਉਨ੍ਹਾਂ ਨੂੰ ਸਕੂਲ ਆਫ਼ ਐਮੀਨੈਂਸ ਦਾ ਨਾਮ ਦਿੱਤਾ ਗਿਆ, ਜਦਕਿ ਸਰਕਾਰੀ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਬਦਲ ਕੇ ਉੱਥੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਾਈਆਂ ਗਈਆਂ।

ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਕੇ ਵੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਸੰਨੀ ਗਿੱਲ ਨੇ ਕਿਹਾ ਕਿ ਕਈ ਆਮ ਆਦਮੀ ਕਲੀਨਿਕ ਬੰਦ ਹੋਣ ਦੀ ਸਥਿਤੀ ਵਿੱਚ ਹਨ ਅਤੇ ਡਾਕਟਰਾਂ ਤੇ ਹੋਰ ਮੁਲਾਜ਼ਮਾਂ ਦੀ ਘਾਟ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚ ਬਠਿੰਡਾ ਦਾ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ, ਤਲਵੰਡੀ ਸਾਬੋ ਦੀ ਰਿਫਾਇਨਰੀ, ਮੋਹਾਲੀ ਦਾ ਇੰਡੀਅਨ ਬਿਜ਼ਨਸ ਸਕੂਲ ਅਤੇ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਸ਼ਾਮਲ ਹਨ।

ਅਕਾਲੀ ਆਗੂ ਨੇ ਕਿਹਾ ਕਿ ਪਿਛਲੀ ਗਠਜੋੜ ਸਰਕਾਰ ਦੌਰਾਨ ਬਠਿੰਡਾ ਵਿੱਚ ਕੈਂਸਰ ਹਸਪਤਾਲ ਦੀ ਸਥਾਪਨਾ ਕੀਤੀ ਗਈ ਅਤੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਵੱਲ ਕਦਮ ਚੁੱਕੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਕਬੱਡੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਛਾਣ ਦਿਵਾਉਣ ਲਈ ਵਿਸ਼ਵ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਸਨ। ਇਸ ਤੋਂ ਇਲਾਵਾ ਸ੍ਰੀ ਰਾਮਤੀਰਥ ਮੰਦਰ ਦੇ ਨਵੀਨੀਕਰਨ ਅਤੇ ਸਿੱਖ ਵਿਰਾਸਤ ਨਾਲ ਸਬੰਧਤ ਯਾਦਗਾਰਾਂ ਦੇ ਨਿਰਮਾਣ ਨੂੰ ਵੀ ਪੁਰਾਣੀ ਸਰਕਾਰ ਦੀਆਂ ਪ੍ਰਾਪਤੀਆਂ ਵਜੋਂ ਗਿਣਾਇਆ।

ਸੰਨੀ ਗਿੱਲ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀਆਂ ਕਈ ਲੋਕ ਭਲਾਈ ਯੋਜਨਾਵਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਬਣਨ ‘ਤੇ ਇਨ੍ਹਾਂ ਯੋਜਨਾਵਾਂ ਨੂੰ ਮੁੜ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿੱਚ ਨਵੇਂ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਅਤੇ ਪੰਜਾਬ ਵਿੱਚ ਇੱਕੋ ਗਠਜੋੜ ਦੀ ਸਰਕਾਰ ਹੋਣ ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਸਕਦੀ ਹੈ। ਸੰਨੀ ਗਿੱਲ ਨੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਖੁਸ਼ਹਾਲੀ ਲਿਆਉਣ ਦਾ ਦਾਅਵਾ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਫੈਸਲਾ ਸੁਣਾ ਕੇ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਹਨ।

Exit mobile version