Last Updated: November 12, 2026

Dainik Savera Times Logo

Akali Dal: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਵਿੱਚ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ : ਮਨਪ੍ਰੀਤ ਸਿੰਘ ਅਯਾਲੀ

12 November 2026 ਅੱਪਡੇਟ ਕੀਤਾ ਗਿਆ

Akali Dal: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਜਿਸਟ੍ਰੇਸ਼ਨ ਵਿੱਚ ਬੇਵਜ੍ਹਾ ਦੇਰੀ ਬਰਦਾਸ਼ਤ ਨਹੀਂ : ਮਨਪ੍ਰੀਤ ਸਿੰਘ ਅਯਾਲੀ

Chandigarh: ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਰਾਜਨੀਤਿਕ ਪਾਰਟੀ ਵਜੋਂ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਮਾਮਲਾ ਗੰਭੀਰ ਹੋ ਗਿਆ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਅਯਾਲੀ ਨੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਚੋਣ ਕਮਿਸ਼ਨ ਦੇ ਨਾਮ ਇੱਕ ਮੰਗ ਪੱਤਰ ਸੌਂਪ ਕੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਲਦੀ ਪੂਰੀ ਕਰਨ ਦੀ ਮੰਗ ਉਠਾਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਅਯਾਲੀ ਨੇ ਕਿਹਾ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29A ਅਧੀਨ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਕਾਰਵਾਈ ਨੂੰ ਹੋਰ ਲਟਕਾਉਣ ਦੀ ਬਜਾਏ ਤੁਰੰਤ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ 22 ਜਨਵਰੀ 2025 ਨੂੰ ਰਜਿਸਟ੍ਰੇਸ਼ਨ ਲਈ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਅਰਜ਼ੀ ਜਮ੍ਹਾਂ ਕਰਵਾਈ ਗਈ ਸੀ। ਇਸ ਤੋਂ ਬਾਅਦ 27 ਅਪ੍ਰੈਲ 2026 ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਭਾਰਤੀ ਚੋਣ ਕਮਿਸ਼ਨ ਨੂੰ ਸਕਾਰਾਤਮਕ ਤਸਦੀਕ ਰਿਪੋਰਟ ਵੀ ਭੇਜ ਦਿੱਤੀ ਗਈ ਸੀ, ਪਰ ਅਖ਼ਬਾਰਾਂ ਵਿੱਚ ਜਨਤਕ ਨੋਟਿਸ ਛਪਵਾਉਣ ਲਈ ਲੋੜੀਂਦੇ ਨਿਰਦੇਸ਼ ਅਜੇ ਤੱਕ ਜਾਰੀ ਨਹੀਂ ਹੋਏ।

ਅਯਾਲੀ ਨੇ ਇਸ ਗੱਲ ‘ਤੇ ਵੀ ਸਵਾਲ ਚੁੱਕਿਆ ਕਿ ਜਨਤਕ ਨੋਟਿਸ ਪ੍ਰਕਾਸ਼ਿਤ ਹੋਣ ਤੋਂ ਪਹਿਲਾਂ ਹੀ 9 ਜੁਲਾਈ 2026 ਨੂੰ ਇੱਕ ਇਤਰਾਜ਼ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ। ਉਨ੍ਹਾਂ ਚੋਣ ਕਮਿਸ਼ਨ ਤੋਂ ਪੁੱਛਿਆ ਕਿ ਨਿਰਧਾਰਤ ਪ੍ਰਕਿਰਿਆ ਮੁਤਾਬਕ ਅਖ਼ਬਾਰਾਂ ਵਿੱਚ ਜਨਤਕ ਸੂਚਨਾ ਜਾਰੀ ਹੋਣ ਤੋਂ ਬਾਅਦ ਹੀ ਇਤਰਾਜ਼ ਮੰਗੇ ਜਾਣੇ ਚਾਹੀਦੇ ਹਨ, ਫਿਰ ਇਸ ਤੋਂ ਪਹਿਲਾਂ ਮਿਲੇ ਇਤਰਾਜ਼ ਨੂੰ ਕਾਰਵਾਈ ਰੋਕਣ ਦਾ ਆਧਾਰ ਕਿਵੇਂ ਬਣਾਇਆ ਗਿਆ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਹਰ ਨਾਗਰਿਕ ਅਤੇ ਸਿਆਸੀ ਸੰਗਠਨ ਨੂੰ ਆਪਣੇ ਵਿਚਾਰ ਪ੍ਰਗਟਾਉਣ, ਸ਼ਾਂਤੀਪੂਰਨ ਢੰਗ ਨਾਲ ਸੰਗਠਿਤ ਹੋਣ ਅਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੇ ਅਧਿਕਾਰ ਦਿੰਦਾ ਹੈ। ਸੰਵਿਧਾਨ ਦੀਆਂ ਧਾਰਾਵਾਂ 14 ਅਤੇ 19 ਤਹਿਤ ਮਿਲੇ ਅਧਿਕਾਰਾਂ ਦੇ ਮੱਦੇਨਜ਼ਰ ਸਾਰੇ ਰਾਜਨੀਤਿਕ ਸੰਗਠਨਾਂ ਨਾਲ ਬਰਾਬਰੀ ਅਤੇ ਨਿਰਪੱਖਤਾ ਵਾਲਾ ਵਿਹਾਰ ਹੋਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਬਾਰੇ ਫੈਸਲਾ ਕਾਨੂੰਨੀ ਨਿਯਮਾਂ ਅਨੁਸਾਰ ਹੋਵੇ ਅਤੇ ਇਸ ਵਿੱਚ ਕਿਸੇ ਤਰ੍ਹਾਂ ਦਾ ਪੱਖਪਾਤ ਜਾਂ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ।

ਵਿਧਾਇਕ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਨੇੜੇ ਆ ਰਹੀਆਂ ਹਨ। ਰਜਿਸਟ੍ਰੇਸ਼ਨ ਪੂਰੀ ਨਾ ਹੋਣ ਕਾਰਨ ਪਾਰਟੀ ਨੂੰ ਚੋਣ ਨਿਸ਼ਾਨ ਪ੍ਰਾਪਤ ਕਰਨ ਅਤੇ ਰਜਿਸਟਰਡ ਰਾਜਨੀਤਿਕ ਪਾਰਟੀ ਵਜੋਂ ਚੋਣਾਂ ਦੀ ਤਿਆਰੀ ਕਰਨ ਵਿੱਚ ਮੁਸ਼ਕਲ ਆ ਰਹੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਲੈਂਦਿਆਂ ਬਾਕੀ ਰਹਿੰਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਮਾਂ ਨਿਰਧਾਰਤ ਸਮੇਂ ਅੰਦਰ ਪੂਰੀਆਂ ਕੀਤੀਆਂ ਜਾਣ।

ਮੰਗ ਪੱਤਰ ਰਾਹੀਂ ਚੋਣ ਕਮਿਸ਼ਨ ਤੋਂ ਅਖ਼ਬਾਰਾਂ ਵਿੱਚ ਜਨਤਕ ਨੋਟਿਸ ਜਾਰੀ ਕਰਨ ਦੇ ਨਿਰਦੇਸ਼ ਤੁਰੰਤ ਦੇਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ 9 ਜੁਲਾਈ 2026 ਨੂੰ ਦਰਜ ਕੀਤੇ ਗਏ ਇਤਰਾਜ਼ ਦੀ ਕਾਪੀ ਅਤੇ ਉਸ ਨਾਲ ਜਮ੍ਹਾਂ ਦਸਤਾਵੇਜ਼ ਪਾਰਟੀ ਨੂੰ ਮੁਹੱਈਆ ਕਰਵਾਉਣ, ਆਪਣਾ ਪੱਖ ਪੇਸ਼ ਕਰਨ ਲਈ ਲੋੜੀਂਦਾ ਸਮਾਂ ਦੇਣ ਅਤੇ ਰਜਿਸਟ੍ਰੇਸ਼ਨ ਦੀ ਸਮੁੱਚੀ ਪ੍ਰਕਿਰਿਆ ਬਿਨਾਂ ਹੋਰ ਦੇਰੀ ਪੂਰੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਸਰਦਾਰ ਕਬਲ ਸਿੰਘ ਅਤੇ ਨਿਰਮਲ ਸਿੰਘ ਜੋਹਲਾ ਸਮੇਤ ਕਈ ਪਾਰਟੀ ਆਗੂ ਵੀ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.