Amritpal Singh : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਲੋਕ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਇਸ ਮੌਕੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਤੇ ਅੰਤਿਮ ਯਾਤਰਾ ‘ਚ ਸ਼ਾਮਲ ਹੋਣ ਲਈ ਪਹੁੰਚੇ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਜੀ ਖਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਤੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਪਹੁੰਚੇ ਹਨ।
ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਰਿਹਾਈ ਦੀ ਕੀਤੀ ਮੰਗ
ਰਿਹਾਈ ਦੇ ਮੁੱਦੇ ‘ਤੇ ਗੱਲ ਕਰਦਿਆਂ ਭੀਮ ਸਿੰਘ ਨੇ ਮੰਗ ਕੀਤੀ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਲੰਬੇ ਸਮੇਂ ਤੋਂ ਬੰਦ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਵੱਡੇ ਪੱਧਰ ‘ਤੇ ਮੋਰਚੇ ਲਗਾਏ ਜਾ ਚੁੱਕੇ ਹਨ, ਪਰ ਸਰਕਾਰਾਂ ਵੱਲੋਂ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਗਿਆ।
