Last Updated: November 22, 2026

Dainik Savera Times Logo

Latest : ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

21 November 2026 ਅੱਪਡੇਟ ਕੀਤਾ ਗਿਆ

Latest : ਅੱਜ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ, ਪਰਿਵਾਰ ਦੀ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ

Amritpal Singh Grandmother Funeral : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅੱਜ ਆਪਣੀ ਦਾਦੀ ਮਾਤਾ ਜੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਇਸ ਸਬੰਧੀ ਅਦਾਲਤ ਵੱਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਪੈਰੋਲ ਦਿੱਤੀ ਗਈ ਹੈ। ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਉਨ੍ਹਾਂ ਦੀ ਦਾਦੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿੰਡ ‘ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਤਿਮ ਸਸਕਾਰ ਦੇ ਪ੍ਰਬੰਧਾਂ ਤੇ ਅਗਲੇ ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਤਾਲਮੇਲ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਣ ਨੇ ਦੱਸਿਆ ਕਿ ਗੁਰਮਤਿ ਮਰਿਆਦਾ ਅਨੁਸਾਰ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾਉਣ ਲਈ ਅੰਮ੍ਰਿਤਪਾਲ ਸਿੰਘ ਦੁਪਹਿਰ 12 ਵਜੇ ਪੁਲਿਸ ਹਿਰਾਸਤ ‘ਚ ਆਪਣੇ ਘਰ ਪਹੁੰਚਣਗੇ। ਇਸ ਤੋਂ ਬਾਅਦ ਉਨ੍ਹਾਂ ਦੀ ਦਾਦੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਯਾਤਰਾ ਦੇ ਰੂਪ ‘ਚ ਸਸਕਾਰ ਵਾਲੀ ਥਾਂ ‘ਤੇ ਲਿਜਾਇਆ ਜਾਵੇਗਾ। ਅਦਾਲਤ ਦੇ ਹੁਕਮਾਂ ਅਨੁਸਾਰ ਦੁਪਹਿਰ 3 ਵਜੇ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਮੁੜ ਆਪਣੀ ਹਿਰਾਸਤ ‘ਚ ਲੈ ਲਵੇਗਾ।

ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਤਿੰਨ ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਇਲਾਵਾ 22 ਅਤੇ 23 ਨਵੰਬਰ ਨੂੰ ਹੋਣ ਵਾਲੀ ਫੁੱਲ ਚੁਗਣ ਦੀ ਰਸਮ ਤੇ ਅੰਤਿਮ ਅਰਦਾਸ ‘ਚ ਅੰਮ੍ਰਿਤਪਾਲ ਸਿੰਘ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

ਨਿੱਜੀ ਜ਼ਮੀਨ ‘ਤੇ ਹੋਵੇਗਾ ਅੰਤਿਮ ਸਸਕਾਰ, ਸੰਗਤ ਲਈ ਲੰਗਰ ਦੇ ਪ੍ਰਬੰਧ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਦਾਦੀ ਮਾਤਾ ਜੀ ਦਾ ਅੰਤਿਮ ਸਸਕਾਰ ਪਿੰਡ ਜੱਲੂਪੁਰ ਖੇੜਾ ਵਿਖੇ ਪਰਿਵਾਰ ਦੀ ਨਿੱਜੀ ਜ਼ਮੀਨ ‘ਤੇ ਕੀਤਾ ਜਾਵੇਗਾ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਪਾਰਕਿੰਗ, ਲੰਗਰ ਤੇ ਚਾਹ-ਪਾਣੀ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਪਿੰਡ ਦੇ ਅੰਦਰ ਭੀੜ ਇਕੱਠੀ ਕਰਨ ਦੀ ਬਜਾਏ ਸਿੱਧਾ ਸਸਕਾਰ ਵਾਲੀ ਥਾਂ ‘ਤੇ ਪਹੁੰਚ ਕੇ ਮਾਤਾ ਜੀ ਦੇ ਅੰਤਿਮ ਦਰਸ਼ਨ ਕਰਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.