PUNJAB DESK: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਹਾਜ਼ਰੀ ਲਈ ਮੰਗੀ ਗਈ ਉਨ੍ਹਾਂ ਦੀ ਪੈਰੋਲ ਅਰਜ਼ੀ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਚੁਣੇ ਹੋਏ ਐਮਪੀ ਹਨ ਅਤੇ ਆਪਣੇ ਹਲਕੇ ਦੀਆਂ ਸਮੱਸਿਆਵਾਂ ਸੰਸਦ ਵਿੱਚ ਉਠਾਉਣਾ ਚਾਹੁੰਦੇ ਹਨ।
ਪਰ ਪੰਜਾਬ ਸਰਕਾਰ ਨੇ ਇਸ ਬੇਨਤੀ ਦਾ ਵਿਰੋਧ ਕੀਤਾ। ਸਰਕਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਐਨਐਸਏ (ਰਾਸ਼ਟਰੀ ਸੁਰੱਖਿਆ ਕਾਨੂੰਨ) ਲਾਗੂ ਹੈ। ਅਦਾਲਤ ਨੇ ਸਰਕਾਰ ਦੀਆਂ ਦਲੀਲਾਂ ਨੂੰ ਸਹੀ ਮੰਨਦੇ ਹੋਏ ਪੈਰੋਲ ਦੀ ਮੰਗ ਰੱਦ ਕਰ ਦਿੱਤੀ।
ਜ਼ਿਕਰ ਕਰਨ ਵਾਲੀ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਸਪੱਸ਼ਟ ਕਰ ਚੁੱਕੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਜਾਂ ਨਾ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਅਧੀਨ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਵਾਰ ਪੈਰੋਲ ਲਈ ਅਰਜ਼ੀਆਂ ਦਾਇਰ ਕੀਤੀਆਂ ਗਈਆਂ ਸਨ, ਪਰ ਹਰ ਵਾਰ ਉਨ੍ਹਾਂ ਦੀਆਂ ਬੇਨਤੀਆਂ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
