Site icon Dainik Savera Punjab

Drone Ban: ਅੰਮ੍ਰਿਤਸਰ ਹਵਾਈ ਅੱਡੇ ਦੇ ਆਲੇ-ਦੁਆਲੇ ਡਰੋਨ ਉਡਾਉਣ ‘ਤੇ 6 ਜਨਵਰੀ ਤੱਕ ਪਾਬੰਦੀ ਲਾਗੂ

Drone Ban: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੇ ਆਲੇ-ਦੁਆਲੇ ਡਰੋਨ ਕੈਮਰੇ ਚਲਾਉਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਨ ਦਾ ਮਕਸਦ ਹਵਾਈ ਅੱਡੇ ਅਤੇ ਇਸ ਦੇ ਨੇੜਲੇ ਇਲਾਕਿਆਂ ਵਿੱਚ ਕਿਸੇ ਵੀ ਸੰਭਾਵਿਤ ਸੁਰੱਖਿਆ ਖ਼ਤਰੇ ਨੂੰ ਰੋਕਣਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ 6 ਜਨਵਰੀ 2027 ਤੱਕ ਲਾਗੂ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਵਿੱਚ ਦੱਸਿਆ ਗਿਆ ਹੈ ਕਿ ਇਸ ਹਵਾਈ ਅੱਡੇ ਤੋਂ ਦਿਨ-ਰਾਤ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਹੁੰਦਾ ਹੈ। ਇਸ ਕਾਰਨ ਇਲਾਕੇ ਦੀ ਸੁਰੱਖਿਆ ਬੇਹੱਦ ਅਹਿਮ ਹੈ ਅਤੇ ਕਿਸੇ ਵੀ ਅਜਿਹੀ ਗਤੀਵਿਧੀ ਨੂੰ ਰੋਕਣਾ ਜ਼ਰੂਰੀ ਹੈ, ਜਿਸ ਨਾਲ ਹਵਾਈ ਸੇਵਾਵਾਂ ਜਾਂ ਸੁਰੱਖਿਆ ਪ੍ਰਬੰਧਾਂ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ।

ਹੁਕਮਾਂ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਹਵਾਈ ਅੱਡੇ ਦੇ ਨੇੜਲੇ ਪੇਂਡੂ ਇਲਾਕਿਆਂ ਵਿੱਚ ਕਈ ਹੋਟਲ ਅਤੇ ਮੈਰਿਜ ਪੈਲੇਸ ਸਥਿਤ ਹਨ। ਇੱਥੇ ਵਿਆਹਾਂ ਅਤੇ ਹੋਰ ਸਮਾਗਮਾਂ ਦੀ ਵੀਡੀਓਗ੍ਰਾਫੀ ਜਾਂ ਕਵਰੇਜ ਲਈ ਅਕਸਰ ਡਰੋਨ ਕੈਮਰਿਆਂ ਦੀ ਵਰਤੋਂ ਕੀਤੀ ਜਾਂਦੀ ਹੈ।

ਪ੍ਰਸ਼ਾਸਨ ਨੂੰ ਖ਼ਦਸ਼ਾ ਹੈ ਕਿ ਡਰੋਨ ਦੀ ਇਸ ਵਰਤੋਂ ਦੀ ਆੜ ਵਿੱਚ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ। ਇਸੇ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਹਵਾਈ ਅੱਡੇ ਦੇ ਨੇੜਲੇ ਪੇਂਡੂ ਖੇਤਰਾਂ ਵਿੱਚ ਡਰੋਨ ਕੈਮਰੇ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਹੁਕਮਾਂ ਵਿੱਚ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਵਾਲੀ ਵਾੜ ਦੇ ਨੇੜੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ’ਤੇ ਵੀ ਰੋਕ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਡਰੋਨ ਸਬੰਧੀ ਪਾਬੰਦੀ 6 ਜਨਵਰੀ 2027 ਤੱਕ ਜਾਰੀ ਰਹੇਗੀ, ਜਿਸ ਦਾ ਮਕਸਦ ਹਵਾਈ ਅੱਡੇ ਅਤੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ।

Exit mobile version