Last Updated: November 15, 2026

Dainik Savera Times Logo

Amritsar EVM Checking: ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਤਿਆਰੀ ਤੇਜ਼, ਅੰਮ੍ਰਿਤਸਰ ‘ਚ EVM ਅਤੇ VVPAT ਮਸ਼ੀਨਾਂ ਦੀ ਜਾਂਚ ਸ਼ੁਰੂ

14 November 2026 ਅੱਪਡੇਟ ਕੀਤਾ ਗਿਆ

Amritsar EVM Checking: ਪੰਜਾਬ ਵਿਧਾਨ ਸਭਾ ਚੋਣਾਂ-2027 ਦੀ ਤਿਆਰੀ ਤੇਜ਼, ਅੰਮ੍ਰਿਤਸਰ ‘ਚ EVM ਅਤੇ VVPAT ਮਸ਼ੀਨਾਂ ਦੀ ਜਾਂਚ ਸ਼ੁਰੂ

EVM VVPAT Checking: ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (VVPAT) ਮਸ਼ੀਨਾਂ ਦੀ ਪਹਿਲੇ ਪੜਾਅ ਦੀ ਤਕਨੀਕੀ ਜਾਂਚ ਸ਼ੁਰੂ ਹੋ ਗਈ ਹੈ। ਇਹ ਪ੍ਰਕਿਰਿਆ 12 ਨਵੰਬਰ ਤੋਂ ਜਾਰੀ ਹੈ, ਜਿਸ ਵਿੱਚ ਭਾਰਤ ਇਲੈਕਟ੍ਰਾਨਿਕਸ ਲਿਮਟਿਡ (BEL) ਦੇ ਮਾਹਿਰ ਇੰਜੀਨੀਅਰ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਭਰੋਸੇਯੋਗਤਾ ਦੀ ਜਾਂਚ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਾਂਚ ਦਾ ਕੰਮ BEL ਦੇ ਅਧਿਕਾਰਤ ਅਤੇ ਤਜਰਬੇਕਾਰ ਇੰਜੀਨੀਅਰਾਂ ਵੱਲੋਂ ਕੀਤਾ ਜਾ ਰਿਹਾ ਹੈ। ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਚੋਣ ਵਿਭਾਗ ਦੇ ਅਧਿਕਾਰੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਨਿਯਮਾਂ ਅਤੇ ਤਕਨੀਕੀ ਮਾਪਦੰਡਾਂ ਅਨੁਸਾਰ ਹਰ ਮਸ਼ੀਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਲਈ ਦਬੁਰਜੀ ਸਥਿਤ EVM ਵੇਅਰਹਾਊਸ ਦੇ FLC ਹਾਲ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜੋ ਜੀ.ਟੀ. ਰੋਡ ‘ਤੇ ਅਲਫ਼ਾ ਇੰਟਰਨੈਸ਼ਨਲ ਸਿਟੀ ਦੇ ਨੇੜੇ ਸਥਿਤ ਹੈ।

ਪ੍ਰਸ਼ਾਸਨ ਅਨੁਸਾਰ EVM ਅਤੇ VVPAT ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾ ਰਹੀ ਹੈ। ਇਸ ਦੌਰਾਨ ਮਸ਼ੀਨਾਂ ਦੀ ਤਕਨੀਕੀ ਹਾਲਤ, ਕੰਮ ਕਰਨ ਦੀ ਸਮਰੱਥਾ ਅਤੇ ਭਰੋਸੇਯੋਗਤਾ ਨੂੰ ਵੱਖ-ਵੱਖ ਪੱਧਰਾਂ ‘ਤੇ ਪਰਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਮਸ਼ੀਨਾਂ ਦੀ ਸਕੈਨਿੰਗ ਅਤੇ ਚੋਣ ਕਮਿਸ਼ਨ ਵੱਲੋਂ ਲਾਜ਼ਮੀ ਕੀਤੀਆਂ ਹੋਰ ਤਕਨੀਕੀ ਪ੍ਰਕਿਰਿਆਵਾਂ ਵੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਉਣ ਵਾਲੀਆਂ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਵੀ ਇਸ ਜਾਂਚ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਦੇ ਅਧਿਕਾਰਤ ਨੁਮਾਇੰਦੇ ਜਾਂਚ ਵਾਲੀ ਥਾਂ ‘ਤੇ ਮੌਜੂਦ ਰਹਿ ਸਕਦੇ ਹਨ ਅਤੇ ਆਪਣੀ ਹਾਜ਼ਰੀ ਵਿੱਚ ਮਸ਼ੀਨਾਂ ਦੀ ਜਾਂਚ ਹੁੰਦੀ ਦੇਖ ਸਕਦੇ ਹਨ। ਇਸ ਨਾਲ ਚੋਣ ਪ੍ਰਬੰਧਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾ ਭਰੋਸਾ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਤ ਨੁਮਾਇੰਦਿਆਂ ਦੀ ਜਾਂਚ ਦੌਰਾਨ ਨਿਯਮਤ ਹਾਜ਼ਰੀ ਯਕੀਨੀ ਬਣਾਉਣ। ਇਸ ਨਾਲ ਉਹ ਮਸ਼ੀਨਾਂ ਦੀ ਜਾਂਚ ਦੇ ਹਰੇਕ ਪੜਾਅ ਨੂੰ ਖੁਦ ਦੇਖ ਸਕਣਗੇ। ਉਨ੍ਹਾਂ ਕਿਹਾ ਕਿ ਪੂਰੀ ਪ੍ਰਕਿਰਿਆ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ, ਪਾਰਦਰਸ਼ਤਾ ਅਤੇ ਲਗਾਤਾਰ ਨਿਗਰਾਨੀ ਹੇਠ ਚਲਾਈ ਜਾ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਸ ਤਕਨੀਕੀ ਜਾਂਚ ਦਾ ਮੁੱਖ ਮਕਸਦ ਵੋਟਿੰਗ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਮ ਲੋਕਾਂ ਦਾ ਚੋਣ ਪ੍ਰਣਾਲੀ ਵਿੱਚ ਵਿਸ਼ਵਾਸ ਕਾਇਮ ਰੱਖਣਾ ਹੈ। ਪੰਜਾਬ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਕੀਤੀ ਜਾ ਰਹੀ ਇਹ ਕਾਰਵਾਈ ਨਿਰਪੱਖ, ਸੁਚਾਰੂ ਅਤੇ ਪਾਰਦਰਸ਼ੀ ਚੋਣ ਪ੍ਰਬੰਧ ਯਕੀਨੀ ਬਣਾਉਣ ਦੀ ਤਿਆਰੀ ਦਾ ਅਹਿਮ ਹਿੱਸਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.