Amritsar: ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਪ੍ਰਬੰਧਾਂ ਦੀ ਨਿਗਰਾਨੀ ਵਧਾ ਦਿੱਤੀ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਾਈ ਕਰਵਾਉਣ ਅਤੇ ਮੰਡੀਆਂ ਵਿੱਚ ਨਿਰਧਾਰਤ ਨਮੀ ਮਾਪਦੰਡਾਂ ਦੇ ਅਨੁਸਾਰ ਸੁੱਕਾ ਝੋਨਾ ਲੈ ਕੇ ਪਹੁੰਚਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਝੋਨੇ ਵਿੱਚ ਵੱਧ ਤੋਂ ਵੱਧ 17 ਫੀਸਦੀ ਨਮੀ ਦੀ ਸੀਮਾ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਵੱਧ ਨਮੀ ਵਾਲੀ ਫ਼ਸਲ ਨੂੰ ਮੰਡੀ ਵਿੱਚ ਵੇਚਣ ਸਮੇਂ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਕਟਾਈ ਦੇ ਸਮੇਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ।
2,461 ਰੁਪਏ ਪ੍ਰਤੀ ਕੁਇੰਟਲ ਤੈਅ ਹੈ ਕੀਮਤ
ਪ੍ਰਸ਼ਾਸਨ ਮੁਤਾਬਕ ਇਸ ਸੀਜ਼ਨ ਕੇਂਦਰ ਸਰਕਾਰ ਨੇ ਝੋਨੇ ਦੀ ਫ਼ਸਲ ਲਈ 2,461 ਰੁਪਏ ਪ੍ਰਤੀ ਕੁਇੰਟਲ ਦੀ ਕੀਮਤ ਨਿਰਧਾਰਤ ਕੀਤੀ ਹੈ। ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੀ ਫ਼ਸਲ ਨੂੰ ਢੁੱਕਵੇਂ ਨਮੀ ਪੱਧਰ ‘ਤੇ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਨਿਰਧਾਰਤ ਕੀਮਤ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਹੋਵੇ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਜਲਦਬਾਜ਼ੀ ਵਿੱਚ ਅੱਧ-ਪੱਕੀ ਫ਼ਸਲ ਦੀ ਕਟਾਈ ਨਾ ਕਰਨ ਅਤੇ ਝੋਨਾ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਉਸ ਦੀ ਨਮੀ ਦਾ ਧਿਆਨ ਰੱਖਣ।
ਕੰਬਾਈਨ ਆਪਰੇਟਰਾਂ ਲਈ ਵੀ ਸਮਾਂ ਨਿਰਧਾਰਤ
ਡਿਪਟੀ ਕਮਿਸ਼ਨਰ ਨੇ ਕੰਬਾਈਨ ਹਾਰਵੈਸਟਰ ਆਪਰੇਟਰਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ ਹੀ ਕੀਤੀ ਜਾਵੇ। ਪ੍ਰਸ਼ਾਸਨ ਵੱਲੋਂ ਇਸ ਨਿਰਦੇਸ਼ ਦੀ ਪਾਲਣਾ ਯਕੀਨੀ ਬਣਾਉਣ ਲਈ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਮੰਡੀਆਂ ਵਿੱਚ ਅਧਿਕਾਰੀ ਕਰ ਰਹੇ ਹਨ ਨਿਰੀਖਣ
ਡੀਸੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਅਧਿਕਾਰੀ ਖਰੀਦ ਪ੍ਰਕਿਰਿਆ ‘ਤੇ ਨਜ਼ਰ ਬਣਾਈ ਰੱਖ ਰਹੇ ਹਨ। ਵੱਖ-ਵੱਖ ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕਰ ਰਹੇ ਹਨ ਅਤੇ ਕਿਸਾਨਾਂ ਤੋਂ ਸਿੱਧਾ ਫੀਡਬੈਕ ਵੀ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਲਈ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।