
Amritsar: ਅੰਮ੍ਰਿਤਸਰ ਵਿੱਚ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (CI) ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਕਥਿਤ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਭਾਂਡਾਫੋੜ ਕੀਤਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋਗ੍ਰਾਮ ICE (ਕ੍ਰਿਸਟਲ ਮੈਥਾਮਫੈਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਗੌਰਵ ਯਾਦਵ ਨੇ ਸਾਂਝੀ ਕੀਤੀ।
ਚੋਗਾਵਾਂ ਅਤੇ ਬੰਡਾਲਾ ਦੇ ਰਹਿਣ ਵਾਲੇ ਹਨ ਮੁਲਜ਼ਮ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਵਾਸੀ ਸੋਹਨ ਸਿੰਘ ਅਤੇ ਪਿੰਡ ਬੰਡਾਲਾ ਵਾਸੀ ਸਲੀਮ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਬਰਾਮਦ ਕੀਤੇ ਹਥਿਆਰਾਂ ਵਿੱਚ ਦੋ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਇਨ੍ਹਾਂ ਦੇ ਨਾਲ ਮੈਗਜ਼ੀਨ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪਹੁੰਚਾਉਣ ਲਈ ਵਰਤੋਂ ਕੀਤੀ ਜਾ ਰਹੀ ਸੀ।
DGP ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਵੱਲੋਂ ਆਪਣੇ ਸਹਿਯੋਗੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਕੇ ਅੱਗੇ ਸਪਲਾਈ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।
ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।
NDPS ਅਤੇ Arms Act ਤਹਿਤ ਮਾਮਲਾ ਦਰਜ
ਇਸ ਸਬੰਧੀ FIR ਨੰਬਰ 55, ਮਿਤੀ 09-09-2026 ਨੂੰ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਦਰਜ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ NDPS Act ਦੀਆਂ ਧਾਰਾਵਾਂ 22, 25 ਅਤੇ 29 ਅਤੇ Arms Act ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।