Amritsar Police Arrests: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋ ਨਾਬਾਲਗਾਂ ਸਮੇਤ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ 4 ਕਿਲੋ ਹੈਰੋਇਨ, ਪੰਜ ਗੈਰ-ਕਾਨੂੰਨੀ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਲੁੱਟ ਨਾਲ ਜੁੜੇ ਇੱਕ ਮਾਮਲੇ ਨੂੰ ਵੀ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਦੋ .32 ਬੋਰ ਪਿਸਤੌਲ, ਇੱਕ 9 ਐਮਐਮ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੌਕ 9 ਐਮਐਮ ਪਿਸਤੌਲ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਹੌਂਡਾ ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ, ਮਲਕੀਤ ਸਿੰਘ ਉਰਫ਼ ਮੀਤਾ, ਸੁਖਦੇਵ ਸਿੰਘ ਉਰਫ਼ ਸੁੱਖ, ਕਰਨਦੀਪ ਸਿੰਘ ਉਰਫ਼ ਕਾਲੂ, ਰੋਹਿਤ ਉਰਫ਼ ਚੋਹੀ, ਕਵੀਜੀਤ ਸਿੰਘ, ਸੰਜੇ ਕੁਮਾਰ ਉਰਫ਼ ਮੋਟਾ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਇਹ ਸਾਰੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਤੇ ਇਲਾਕਿਆਂ ਨਾਲ ਸਬੰਧਤ ਹਨ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਈ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਲੁੱਟ-ਖੋਹ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ। ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਅਤੇ ਨਸ਼ਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਦਾ ਮਕਸਦ ਇਸ ਅਪਰਾਧਿਕ ਨੈੱਟਵਰਕ ਦੀਆਂ ਸਾਰੀਆਂ ਕੜੀਆਂ ਨੂੰ ਤੋੜਨਾ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਕਾਰਵਾਈ ਤਿੰਨ ਵੱਖ-ਵੱਖ ਆਪਰੇਸ਼ਨਾਂ ਰਾਹੀਂ ਕੀਤੀ ਗਈ। ਪਹਿਲੀ ਕਾਰਵਾਈ ਵਿੱਚ ਥਾਣਾ ਕੈਂਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮਲਕੀਤ ਸਿੰਘ, ਸੁਖਦੇਵ ਸਿੰਘ, ਕਰਨਦੀਪ ਸਿੰਘ ਅਤੇ ਦੋ ਨਾਬਾਲਗਾਂ ਨੂੰ ਕਾਬੂ ਕੀਤਾ। ਇਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, ਚਾਰ ਜ਼ਿੰਦਾ ਕਾਰਤੂਸ ਅਤੇ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਦੂਜੀ ਕਾਰਵਾਈ ਦੌਰਾਨ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ .32 ਬੋਰ ਦੇ ਦੋ ਪਿਸਤੌਲ ਅਤੇ ਦੋ ਕਾਰਤੂਸ ਜ਼ਬਤ ਕੀਤੇ ਗਏ।
ਤੀਜੀ ਕਾਰਵਾਈ ਵਿੱਚ ਪੁਲਿਸ ਨੇ ਰੋਹਿਤ ਉਰਫ਼ ਚੋਹੀ, ਕਵੀਜੀਤ ਸਿੰਘ ਅਤੇ ਸੰਜੇ ਕੁਮਾਰ ਉਰਫ਼ ਮੋਟਾ ਨੂੰ ਗ੍ਰਿਫ਼ਤਾਰ ਕਰਕੇ ਕਤਲ ਦੀ ਕੋਸ਼ਿਸ਼ ਅਤੇ ਲੁੱਟ ਦੇ ਮਾਮਲੇ ਨੂੰ ਸੁਲਝਾਇਆ। ਜਾਂਚ ਮੁਤਾਬਕ ਤਿੰਨ ਅਣਪਛਾਤੇ ਹਮਲਾਵਰਾਂ ਨੇ ਸ਼ਿਕਾਇਤਕਰਤਾ ਇੰਦਰਪ੍ਰੀਤ ਸਿੰਘ ‘ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਸ ਦੀ ਲੱਤ ਵਿੱਚ ਸੱਟ ਲੱਗੀ ਸੀ। ਹਮਲਾਵਰ ਉਸ ਕੋਲੋਂ 3,000 ਰੁਪਏ ਨਕਦੀ, ਇੱਕ ਨਕਲੀ ਕੜਾ ਅਤੇ ਅੰਗੂਠੀ ਖੋਹ ਕੇ ਫਰਾਰ ਹੋ ਗਏ ਸਨ। ਇਸ ਮਾਮਲੇ ਵਿੱਚ ਥਾਣਾ ਏ-ਡਿਵੀਜ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ। ਤੀਜੀ ਕਾਰਵਾਈ ਦੌਰਾਨ ਇੱਕ ਗਲੌਕ 9 ਐਮਐਮ ਪਿਸਤੌਲ ਅਤੇ ਤਿੰਨ ਕਾਰਤੂਸ ਵੀ ਬਰਾਮਦ ਕੀਤੇ ਗਏ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸੰਜੇ ਕੁਮਾਰ ਬਾਰੇ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਵਿਦੇਸ਼ ਵਿੱਚ ਬੈਠੇ ਉਸ ਦੇ ਹੈਂਡਲਰਾਂ ਵੱਲੋਂ ਉਸ ਨੂੰ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਸ ਪੂਰੇ ਮਾਮਲੇ ਸਬੰਧੀ ਥਾਣਾ ਕੈਂਟ ਅਤੇ ਥਾਣਾ ਏ-ਡਿਵੀਜ਼ਨ ਵਿੱਚ ਤਿੰਨ ਵੱਖ-ਵੱਖ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਹੋਰ ਸੰਪਰਕਾਂ, ਵਿਦੇਸ਼ੀ ਹੈਂਡਲਰਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

