Census 2027: ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸ਼ੁਰੂ ਕੀਤੀ ਗਈ ਸਵੈ-ਜਨਗਣਨਾ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕ 30 ਨਵੰਬਰ 2026 ਤੱਕ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਵੇਰਵੇ ਆਨਲਾਈਨ ਦਰਜ ਕਰਵਾਉਣ।
ਉਨ੍ਹਾਂ ਦੱਸਿਆ ਕਿ ਸਵੈ-ਜਨਗਣਨਾ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਉਪਲਬਧ ਰਹੇਗੀ। ਇਸ ਦੌਰਾਨ ਲੋਕ ਸਰਕਾਰੀ ਵੈੱਬਸਾਈਟ https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਅਤੇ ਰਿਹਾਇਸ਼ ਨਾਲ ਜੁੜੀ ਜਾਣਕਾਰੀ ਖੁਦ ਭਰ ਸਕਦੇ ਹਨ। ਸਫਲਤਾਪੂਰਵਕ ਵੇਰਵੇ ਜਮ੍ਹਾਂ ਹੋਣ ਤੋਂ ਬਾਅਦ ਇੱਕ ਵਿਸ਼ੇਸ਼ ਸਵੈ-ਗਣਨਾ ਪਛਾਣ ਨੰਬਰ (S.E. ID) ਜਾਰੀ ਕੀਤਾ ਜਾਵੇਗਾ, ਜਿਸ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੋਵੇਗਾ।
ਡਿਪਟੀ ਕਮਿਸ਼ਨਰ ਅਨੁਸਾਰ, 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਜਨਗਣਨਾ ਕਰਮਚਾਰੀ ਘਰ-ਘਰ ਪਹੁੰਚ ਕੇ ਲੋਕਾਂ ਦੀ ਗਿਣਤੀ ਅਤੇ ਹੋਰ ਲੋੜੀਂਦੇ ਵੇਰਵੇ ਇਕੱਠੇ ਕਰਨਗੇ। ਜਿਹੜੇ ਪਰਿਵਾਰ ਪਹਿਲਾਂ ਹੀ ਆਨਲਾਈਨ ਸਵੈ-ਜਨਗਣਨਾ ਕਰ ਚੁੱਕੇ ਹੋਣਗੇ, ਉਨ੍ਹਾਂ ਨੂੰ ਘਰ ਆਉਣ ਵਾਲੇ ਕਰਮਚਾਰੀਆਂ ਨਾਲ ਆਪਣੀ S.E. ID ਸਾਂਝੀ ਕਰਨੀ ਪਵੇਗੀ।
ਇਸ ਪਛਾਣ ਨੰਬਰ ਰਾਹੀਂ ਕਰਮਚਾਰੀ ਪਹਿਲਾਂ ਆਨਲਾਈਨ ਭਰੀ ਗਈ ਜਾਣਕਾਰੀ ਦੀ ਜਾਂਚ ਅਤੇ ਪੁਸ਼ਟੀ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਇਸ ਰਾਸ਼ਟਰੀ ਮੁਹਿੰਮ ਵਿੱਚ ਜ਼ਿੰਮੇਵਾਰੀ ਨਾਲ ਯੋਗਦਾਨ ਪਾਉਣ ਦੇ ਨਾਲ-ਨਾਲ ਆਪਣੇ ਗੁਆਂਢੀਆਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਵੀ ਸਵੈ-ਜਨਗਣਨਾ ਬਾਰੇ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ।
ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਨਗਣਨਾ ਰਾਹੀਂ ਮਿਲਣ ਵਾਲੇ ਸਹੀ ਅੰਕੜੇ ਸਰਕਾਰੀ ਯੋਜਨਾਵਾਂ ਅਤੇ ਨੀਤੀਆਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਸਕੂਲਾਂ, ਹਸਪਤਾਲਾਂ, ਸੜਕਾਂ, ਆਵਾਜਾਈ ਅਤੇ ਹੋਰ ਜਨਤਕ ਸਹੂਲਤਾਂ ਦੀਆਂ ਲੋੜਾਂ ਦਾ ਮੁਲਾਂਕਣ ਕਰਕੇ ਯੋਜਨਾਬੰਦੀ ਕੀਤੀ ਜਾਂਦੀ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਨਾਗਰਿਕਾਂ ਵੱਲੋਂ ਦਿੱਤੀ ਜਾਣ ਵਾਲੀ ਸਾਰੀ ਜਾਣਕਾਰੀ ਨਿਰਧਾਰਤ ਨਿਯਮਾਂ ਅਨੁਸਾਰ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਨਾਲ ਇਕੱਠੇ ਕੀਤੇ ਗਏ ਭਰੋਸੇਯੋਗ ਅੰਕੜੇ ਭਵਿੱਖ ਦੇ ਵਿਕਾਸ ਅਤੇ ਜਨਤਕ ਸਹੂਲਤਾਂ ਦੀ ਬਿਹਤਰ ਯੋਜਨਾਬੰਦੀ ਵਿੱਚ ਮਦਦਗਾਰ ਸਾਬਤ ਹੋਣਗੇ।

