Asian Hockey Champions Trophy 2026 : ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ‘ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2024’ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗ ਲੈਣ ਵਾਲੀਆਂ ਟੀਮਾਂ ਦਾ ਸਵਾਗਤ ਕੀਤਾ, ਜਿਨ੍ਹਾਂ ਵਿੱਚ ਬੰਗਲਾਦੇਸ਼, ਚੀਨ, ਜਾਪਾਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਸ਼ਾਮਲ ਹਨ।
ਜਲੰਧਰ ਵਿੱਚ ਲੀਗ ਮੈਚ; ਮੋਹਾਲੀ ਵਿੱਚ ਸੈਮੀਫਾਈਨਲ ਅਤੇ ਫਾਈਨਲ
ਚੈਂਪੀਅਨਸ਼ਿਪ ਦੇ ਸਾਰੇ ਲੀਗ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ, ਜਦਕਿ ਸੈਮੀਫਾਈਨਲ ਅਤੇ ਫਾਈਨਲ ਮੁਕਾਬਲੇ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੱਧਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਪੰਜਾਬ ਨੂੰ ਦੁਨੀਆ ਸਾਹਮਣੇ ਆਪਣੇ ਖੇਡ ਬੁਨਿਆਦੀ ਢਾਂਚੇ, ਸੱਭਿਆਚਾਰ ਅਤੇ ਮਹਿਮਾਨ-ਨਿਵਾਜ਼ੀ ਨੂੰ ਪੇਸ਼ ਕਰਨ ਦਾ ਮੌਕਾ ਮਿਲਦਾ ਹੈ।
ਪੰਜਾਬ ਨੇ ਭਾਰਤੀ ਹਾਕੀ ਨੂੰ 77 ਓਲੰਪੀਅਨ ਦਿੱਤੇ ਹਨ
ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ‘ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 1928 ਦੀਆਂ ਐਮਸਟਰਡਮ ਓਲੰਪਿਕ ਤੋਂ ਲੈ ਕੇ 2024 ਦੀਆਂ ਪੈਰਿਸ ਓਲੰਪਿਕ ਤੱਕ, ਸੂਬੇ ਨੇ ਦੇਸ਼ ਨੂੰ 77 ਹਾਕੀ ਓਲੰਪੀਅਨ ਦਿੱਤੇ ਹਨ। ਇਨ੍ਹਾਂ ਵਿੱਚੋਂ 48 ਖਿਡਾਰੀਆਂ ਨੇ ਓਲੰਪਿਕ ਤਗਮੇ ਜਿੱਤੇ ਹਨ। ਇਸ ਤੋਂ ਇਲਾਵਾ, ਪੰਜਾਬ ਦੇ ਖਿਡਾਰੀਆਂ ਨੇ 10 ਵਾਰ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਟੋਕੀਓ ਓਲੰਪਿਕ 2021 ਅਤੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦੇ ਤਗਮੇ ਜਿੱਤਣ ਵਾਲੀਆਂ ਭਾਰਤੀ ਪੁਰਸ਼ ਹਾਕੀ ਟੀਮਾਂ ਵਿੱਚ ਪੰਜਾਬ ਦੀ ਮਜ਼ਬੂਤ ਨੁਮਾਇੰਦਗੀ ਸੀ। ਮੌਜੂਦਾ ਭਾਰਤੀ ਟੀਮ ਵਿੱਚ ਵੀ ਪੰਜਾਬ ਦੇ ਅੱਠ ਖਿਡਾਰੀ ਸ਼ਾਮਲ ਹਨ।
ਖੇਡ ਮੈਦਾਨਾਂ ਅਤੇ ਖਿਡਾਰੀਆਂ ਦੀ ਸਿਖਲਾਈ ‘ਤੇ ਪੰਜਾਬ ਸਰਕਾਰ ਦਾ ਜ਼ੋਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਲਈ 6 ਲੱਖ ਤੋਂ ਵੱਧ ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਦੇ ਨਾਲ ਹੀ, ‘ਮੁੱਖ ਮੰਤਰੀ ਖੇਡ ਮੈਦਾਨ ਯੋਜਨਾ’ ਤਹਿਤ ਪੂਰੇ ਸੂਬੇ ਵਿੱਚ 3,000 ਤੋਂ ਵੱਧ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ ਦੇ ਅਧੀਨ 14 ‘ਸੈਂਟਰਜ਼ ਆਫ਼ ਐਕਸੀਲੈਂਸ’ (ਉੱਤਮਤਾ ਕੇਂਦਰਾਂ) ਵਿੱਚ 1,870 ਖਿਡਾਰੀ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰ ਰਹੇ ਹਨ। ਸਾਲ 2023 ਵਿੱਚ ਲਾਗੂ ਕੀਤੀ ਗਈ ਨਵੀਂ ਖੇਡ ਨੀਤੀ ਅਤੇ ਖੇਡਾਂ ਲਈ 1,744 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਵੀ ਇਸ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦਾ ਹਿੱਸਾ ਹਨ।
2030 ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਤਿਆਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਅਨੁਸਾਰ, ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਵਰਗੇ ਅੰਤਰਰਾਸ਼ਟਰੀ ਮੁਕਾਬਲੇ ਸੂਬੇ ਨੂੰ ਭਵਿੱਖ ਵਿੱਚ ਵੱਡੇ ਖੇਡ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਤਜਰਬਾ ਅਤੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਆਯੋਜਨ ਖੇਡ ਸੈਰ-ਸਪਾਟੇ, ਹੋਟਲ ਅਤੇ ਪਰਾਹੁਣਚਾਰੀ ਖੇਤਰ, ਖੇਡ ਸਾਜ਼ੋ-ਸਾਮਾਨ ਦੇ ਉਦਯੋਗ ਅਤੇ ਸਥਾਨਕ ਕਾਰੋਬਾਰਾਂ ਨੂੰ ਹੁਲਾਰਾ ਦੇ ਸਕਦੇ ਹਨ। ਇਸ ਤੋਂ ਇਲਾਵਾ, ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਅਤੇ ਹੋਰ ਮੌਕੇ ਪੈਦਾ ਕਰਨ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਹੋਵੇਗਾ।


