Bagha Purana Polling: ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਵਿੱਚ ਨਗਰ ਕੌਂਸਲ ਦੇ 15 ਵਾਰਡਾਂ ਲਈ ਸ਼ਨੀਵਾਰ ਨੂੰ ਵੋਟਿੰਗ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਪੂਰੀ ਹੋ ਗਈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ ਇਸ ਚੋਣ ਲਈ ਸਵੇਰੇ 8 ਵਜੇ ਮਤਦਾਨ ਸ਼ੁਰੂ ਹੋਇਆ, ਜੋ ਸ਼ਾਮ 4 ਵਜੇ ਤੱਕ ਜਾਰੀ ਰਿਹਾ। ਸਮਾਂ ਪੂਰਾ ਹੋਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ। ਇਨ੍ਹਾਂ ਚੋਣਾਂ ਵਿੱਚ ਕੁੱਲ 61.36 ਫੀਸਦੀ ਵੋਟਿੰਗ ਦਰਜ ਕੀਤੀ ਗਈ।
ਐਸਡੀਐਮ ਕਮ ਰਿਟਰਨਿੰਗ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ, ਬੂਥ ਕੈਪਚਰਿੰਗ ਜਾਂ ਗੰਭੀਰ ਗੜਬੜੀ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ। ਉਨ੍ਹਾਂ ਮੁਤਾਬਕ ਵੋਟਰਾਂ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਮਿਲੀਆਂ ਸ਼ਿਕਾਇਤਾਂ ‘ਤੇ ਵੀ ਤੁਰੰਤ ਕਾਰਵਾਈ ਕੀਤੀ ਗਈ।
ਮਤਦਾਨ ਦੌਰਾਨ ਇੱਕ ਪੋਲਿੰਗ ਸਟੇਸ਼ਨ ‘ਤੇ ਈਵੀਐਮ ਵਿੱਚ ਤਕਨੀਕੀ ਸਮੱਸਿਆ ਆਉਣ ਦਾ ਮਾਮਲਾ ਵੀ ਸਾਹਮਣੇ ਆਇਆ। ਐਸਡੀਐਮ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਇੰਜੀਨੀਅਰਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਨਿਯਮਾਂ ਅਨੁਸਾਰ ਮਸ਼ੀਨ ਬਦਲ ਦਿੱਤੀ ਗਈ। ਇਸ ਕਾਰਵਾਈ ਸਮੇਂ ਸਬੰਧਤ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਸਾਰੀ ਪ੍ਰਕਿਰਿਆ ਪੂਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਕਨੀਕੀ ਖਰਾਬੀ ਕਾਰਨ ਵੋਟਿੰਗ ਪ੍ਰਕਿਰਿਆ ਪ੍ਰਭਾਵਿਤ ਨਹੀਂ ਹੋਈ।
ਇਸ ਵਾਰ ਚੋਣਾਂ ਦੌਰਾਨ ਸ਼ਹਿਰ ਦੇ ਬਾਜ਼ਾਰ ਵੀ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ ਅਤੇ ਲੋਕਾਂ ਨੇ ਆਪਣੇ ਰੋਜ਼ਾਨਾ ਦੇ ਕੰਮਾਂ ਦੇ ਨਾਲ ਵੋਟ ਪਾਉਣ ਵਿੱਚ ਵੀ ਦਿਲਚਸਪੀ ਦਿਖਾਈ। ਗਗਨਦੀਪ ਸਿੰਘ ਨੇ ਕਿਹਾ ਕਿ ਸਥਾਨਕ ਚੋਣਾਂ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ, ਮੀਡੀਆ ਕਰਮਚਾਰੀਆਂ ਅਤੇ ਚੋਣ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ, ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਮਗਰੋਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰਨ ਸਬੰਧੀ ਵਾਇਰਲ ਵੀਡੀਓ ਦੀ ਜਾਂਚ ਲਈ ਫਲਾਇੰਗ ਸਕੁਐਡ ਨੂੰ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਉਮੀਦਵਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ।
ਵੋਟਾਂ ਦੀ ਗਿਣਤੀ ਬਾਰੇ ਅੰਤਿਮ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਿਆ ਜਾਵੇਗਾ। ਐਸਡੀਐਮ ਅਨੁਸਾਰ ਚੋਣ ਪ੍ਰਕਿਰਿਆ ਦੀ ਰਿਪੋਰਟ ਹਾਈ ਕੋਰਟ ਵੱਲੋਂ ਨਿਯੁਕਤ ਨਿਗਰਾਨ ਰਾਹੀਂ ਅਦਾਲਤ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ ਮੁੱਖ ਜੱਜ ਵੱਲੋਂ ਗਿਣਤੀ ਕਰਵਾਉਣ ਸਬੰਧੀ ਫੈਸਲਾ ਕੀਤਾ ਜਾਵੇਗਾ। ਵੋਟਾਂ ਦੀ ਗਿਣਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਾਘਾ ਪੁਰਾਣਾ ਵਿਖੇ ਹੋਣੀ ਹੈ, ਜਿਸ ਲਈ ਸਟਰਾਂਗ ਰੂਮ ਤਿਆਰ ਕਰ ਦਿੱਤੇ ਗਏ ਹਨ। ਇਨ੍ਹਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਲਈ ਪੁਲਿਸ ਤੇ ਬੈਰੀਕੇਡਿੰਗ ਦੇ ਪ੍ਰਬੰਧ ਵੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਦਾਲਤ ਦੇ ਫੈਸਲੇ ਦੀ ਉਡੀਕ ਕਰਨ ਅਤੇ ਉਸ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ।

