
Bangla Sahib: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਅਤੇ ਖ਼ਾਸ ਤੌਰ ’ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਦੇ ਦੋਸ਼ਾਂ ਦੀ ਸਖ਼ਤ ਨਿੰਦਾ ਕੀਤੀ। ‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰੋ. ਬਲਜਿੰਦਰ ਕੌਰ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਨੇ ਸ਼ਨੀਵਾਰ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਸਾਰੇ ਲੋਕਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਗੁਰਦੁਆਰੇ ਦੀ ਮਰਿਆਦਾ ਦੀ ਉਲੰਘਣਾ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ।
‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ’ਤੇ ਤਾਕਤ ਦੀ ਵਰਤੋਂ ਕਰਕੇ, ਜਨਤਕ ਆਵਾਜਾਈ ਰੋਕ ਕੇ ਅਤੇ ਪੁਲਿਸ ਮੁਲਾਜ਼ਮਾਂ ਨੂੰ ਜੁੱਤੀਆਂ ਪਾ ਕੇ ਤੇ ਨੰਗੇ ਸਿਰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਦਾਖ਼ਲ ਹੋਣ ਦੇ ਕੇ ਹੱਦਾਂ ਪਾਰ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਅੰਦਰ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਅਤੇ ਪਰੇਸ਼ਾਨ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਕਾਰਵਾਈ ਨੇ ਸਾਕਾ ਨੀਲਾ ਤਾਰਾ ਅਤੇ 1984 ਦੀਆਂ ਘਟਨਾਵਾਂ ਦੀਆਂ ਦਰਦਨਾਕ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਉਨ੍ਹਾਂ ਦਾ ਦੋਸ਼ ਸੀ ਕਿ ਭਾਜਪਾ ਅਤੇ ਕਾਂਗਰਸ ਭਾਵੇਂ ਸਿਆਸੀ ਵਿਰੋਧੀ ਹਨ, ਪਰ ਸਿੱਖਾਂ ਦੀ ਆਵਾਜ਼ ਦਬਾਉਣ ਦੇ ਮਾਮਲੇ ਵਿੱਚ ਦੋਵਾਂ ਦਾ ਤਰੀਕਾ ਇੱਕੋ ਜਿਹਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਤੋਂ ਕਾਰਵਾਈ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਣ ਅਤੇ ਗੁਰਦੁਆਰਾ ਮਰਿਆਦਾ ਦੀ ਉਲੰਘਣਾ ਖ਼ਿਲਾਫ਼ ਸਿੱਖ ਜਥੇਬੰਦੀਆਂ ਨੂੰ ਆਵਾਜ਼ ਉਠਾਉਣ ਲਈ ਸੱਦਾ ਦੇਣ। ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ 10 ਅਕਤੂਬਰ ਨੂੰ ਕਾਲਾ ਦਿਨ ਦੱਸਦਿਆਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਬਿਨਾਂ ਵਾਜਬ ਕਾਰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਣ ਤੋਂ ਰੋਕਣ ਲਈ ਮੈਟਰੋ, ਬੱਸਾਂ ਅਤੇ ਆਵਾਜਾਈ ਵਿੱਚ ਰੁਕਾਵਟਾਂ ਪਾਈਆਂ। ਉਨ੍ਹਾਂ ਕਿਹਾ ਕਿ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰਦੁਆਰੇ ਵਿੱਚ ਦਾਖ਼ਲ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੀਆਂ ਵੀਡੀਓਜ਼ ਚਿੰਤਾਜਨਕ ਹਨ। ਉਨ੍ਹਾਂ ਅਨੁਸਾਰ, ਗੁਰਦੁਆਰਾ ਸੰਗਤ ਨੂੰ ਪਨਾਹ ਦੇਣ ਅਤੇ ਸੇਵਾ ਕਰਨ ਵਾਲਾ ਪਵਿੱਤਰ ਸਥਾਨ ਹੈ, ਇਸ ਲਈ ਉੱਥੇ ਅਜਿਹਾ ਵਿਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਬਲਜਿੰਦਰ ਕੌਰ ਨੇ ਇਸ ਘਟਨਾ ਦੀ ਤੁਲਨਾ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਨਾਲ ਕਰਦਿਆਂ ਭਾਜਪਾ ਤੋਂ ਸਵਾਲ ਪੁੱਛੇ ਕਿ ਉਹ ਆਪਣੇ ਸ਼ਾਸਨ ਦੌਰਾਨ ਪੁਲਿਸ ਦੀ ਕਾਰਵਾਈ ਬਾਰੇ ਜਵਾਬ ਦਿੱਤੇ ਬਿਨਾਂ ਕਾਂਗਰਸ ਨੂੰ 1984 ਦੇ ਮੁੱਦੇ ’ਤੇ ਕਿਵੇਂ ਘੇਰ ਸਕਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪੁੱਛਿਆ ਕਿ ਕੀ ਭਾਜਪਾ ਨਾਲ ਸਿਆਸੀ ਗੱਠਜੋੜ ਸਿੱਖ ਭਾਵਨਾਵਾਂ ਨਾਲੋਂ ਵੱਧ ਮਹੱਤਵਪੂਰਨ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਉਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੁੱਤੀਆਂ ਪਾ ਕੇ ਅਤੇ ਨੰਗੇ ਸਿਰ ਗੁਰਦੁਆਰੇ ਵਿੱਚ ਦਾਖ਼ਲ ਹੋਣ ਦੀ ਘਟਨਾ ਨੂੰ ਨਾ ਭੁਲਾਇਆ ਜਾ ਸਕਦਾ ਹੈ ਅਤੇ ਨਾ ਹੀ ਮੁਆਫ਼ ਕੀਤਾ ਜਾ ਸਕਦਾ ਹੈ। ਉਨ੍ਹਾਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਪਵਿੱਤਰ ਅਸਥਾਨ ਗੁਰੂ ਹਰਿਕ੍ਰਿਸ਼ਨ ਸਾਹਿਬ ਵੱਲੋਂ 1664 ਵਿੱਚ ਮਹਾਮਾਰੀ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਦੀ ਕੀਤੀ ਨਿਸ਼ਕਾਮ ਸੇਵਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਇਆ, ਮਨੁੱਖਤਾ ਅਤੇ ਸੇਵਾ ਦੇ ਪ੍ਰਤੀਕ ਅਜਿਹੇ ਸਥਾਨ ਦਾ ਸਤਿਕਾਰ ਕਰਨਾ ਸਭ ਦੀ ਜ਼ਿੰਮੇਵਾਰੀ ਹੈ। ਗਿਆਸਪੁਰਾ ਨੇ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ ‘ਮਾਈ ਕੰਟਰੀ, ਮਾਈ ਲਾਈਫ’ ਦਾ ਹਵਾਲਾ ਦਿੰਦਿਆਂ ਭਾਜਪਾ ’ਤੇ ਸਿੱਖ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਦੇ ਮੁੱਦੇ ’ਤੇ ਸਵਾਲ ਉਠਾਏ ਅਤੇ ਦੋਸ਼ ਲਾਇਆ ਕਿ ਪਾਰਟੀ ਧਾਰਮਿਕ ਭਾਵਨਾਵਾਂ ਨੂੰ ਸਿਆਸੀ ਲਾਹੇ ਲਈ ਵਰਤ ਰਹੀ ਹੈ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਵਿੱਚ ਭਾਜਪਾ ਦੀ ਸਿਆਸਤ ਅਤੇ ਸੁਖਬੀਰ ਸਿੰਘ ਬਾਦਲ ਦੀ ਚੁੱਪ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਵਾਲੇ ਸੁਖਬੀਰ ਬਾਦਲ ਇਸ ਘਟਨਾ ’ਤੇ ਚੁੱਪ ਹਨ ਤਾਂ ਇਸ ਦੇ ਪਿੱਛੇ ਕੀ ਕਾਰਨ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਕੰਮਕਾਜ, ਚੋਣਾਂ ਵਿੱਚ ਦੇਰੀ ਅਤੇ ਬਾਦਲ ਪਰਿਵਾਰ ਦੇ ਕਥਿਤ ਸਿਆਸੀ ਪ੍ਰਭਾਵ ਬਾਰੇ ਵੀ ਜਵਾਬ ਮੰਗੇ। ‘ਆਪ’ ਵਿਧਾਇਕਾਂ ਨੇ ਮੁੜ ਮੰਗ ਕੀਤੀ ਕਿ ਅਮਿਤ ਸ਼ਾਹ ਦਿੱਲੀ ਪੁਲਿਸ ਦੀ ਕਾਰਵਾਈ ਦੀ ਜ਼ਿੰਮੇਵਾਰੀ ਲੈਣ, ਹਿਰਾਸਤ ਵਿੱਚ ਲਏ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਗੁਰਦੁਆਰਾ ਮਰਿਆਦਾ ਦੀ ਉਲੰਘਣਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਉਨ੍ਹਾਂ ਸਿੱਖ ਧਾਰਮਿਕ ਆਗੂਆਂ ਅਤੇ ਜਥੇਬੰਦੀਆਂ ਨੂੰ ਭਾਈਚਾਰੇ ਦੀ ਮਰਿਆਦਾ, ਸਤਿਕਾਰ ਅਤੇ ਲੋਕਤੰਤਰੀ ਹੱਕਾਂ ਦੀ ਰਾਖੀ ਲਈ ਸਪੱਸ਼ਟ ਰੁਖ਼ ਅਪਣਾਉਣ ਦੀ ਅਪੀਲ ਕੀਤੀ।
मेष: दिन शुभ रहेगा...