Drug Crackdown: ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਗਈ। ਐੱਸਐੱਸਪੀ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਹੇਠ ਸਵੇਰੇ ਤੜਕੇ ਕੀਤੀ ਗਈ ਇਸ ਕਾਰਵਾਈ ਦੀ ਨਿਗਰਾਨੀ ਐੱਸਪੀ ਸਿਟੀ ਅਸਵੰਤ ਸਿੰਘ ਨੇ ਕੀਤੀ। ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ ਕਾਬੂ ਕਰਨਾ ਅਤੇ ਨਸ਼ਿਆਂ ਦੀ ਸਪਲਾਈ ‘ਤੇ ਰੋਕ ਲਗਾਉਣਾ ਸੀ।
ਸਵੇਰੇ 4 ਵਜੇ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਿਸ ਟੀਮਾਂ ਨੇ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ। ਸਬ-ਡਿਵੀਜ਼ਨ ਸਿਟੀ-2 ਬਠਿੰਡਾ ਦੇ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਇਸ ਕਾਰਵਾਈ ਵਿੱਚ 5 ਇੰਸਪੈਕਟਰ, 6 ਐਨਜੀਓ ਅਤੇ 107 ਈਪੀਓ ਸਮੇਤ ਕੁੱਲ 118 ਪੁਲਿਸ ਮੁਲਾਜ਼ਮ ਸ਼ਾਮਲ ਰਹੇ।
ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੁੱਲ 25 ਮਾਮਲੇ ਦਰਜ ਕੀਤੇ ਗਏ ਅਤੇ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 137.76 ਗ੍ਰਾਮ ਹੈਰੋਇਨ, 315 ਨਸ਼ੀਲੇ ਕੈਪਸੂਲ ਅਤੇ 40 ਲੀਟਰ ਲਾਹਣ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਇਹ ਕਾਰਵਾਈ ਕੈਨਾਲ ਕਾਲੋਨੀ, ਕੋਤਵਾਲੀ, ਸਿਵਲ ਲਾਈਨਜ਼, ਕੈਂਟ, ਥਰਮਲ, ਕੋਟਫੱਤਾ, ਸਦਰ ਬਠਿੰਡਾ, ਸੰਗਤ, ਨੰਦਗੜ੍ਹ, ਮੌੜ, ਬਾਲਿਆਂਵਾਲੀ, ਤਲਵੰਡੀ ਸਾਬੋ ਅਤੇ ਰਾਮਾਂ ਇਲਾਕਿਆਂ ਵਿੱਚ ਕੀਤੀ ਗਈ। ਇਸ ਤੋਂ ਇਲਾਵਾ ਸਦਰ ਰਾਮਪੁਰਾ, ਸਿਟੀ ਰਾਮਪੁਰਾ, ਫੂਲ, ਭਗਤਾ ਭਾਈਕਾ, ਨਥਾਣਾ ਅਤੇ ਨੇਹੀਆਂਵਾਲਾ ਵਿੱਚ ਵੀ ਪੁਲਿਸ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ।
ਕਾਰਵਾਈ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਟਿਕਾਣਿਆਂ ਦੀ ਜਾਂਚ ਕੀਤੀ। ਵੱਖ-ਵੱਖ ਥਾਵਾਂ ‘ਤੇ ਕੀਤੀ ਗਈ ਚੈਕਿੰਗ ਦਾ ਮਕਸਦ ਨਸ਼ਿਆਂ ਦੀ ਖਰੀਦੋ-ਫਰੋਖ਼ਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸਣਾ ਸੀ। ਪੁਲਿਸ ਨੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਇਹ ਮੁਹਿੰਮ ਚਲਾਈ।
ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਨੂੰ ਰੋਕਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

