Last Updated: October 29, 2026

Dainik Savera Times Logo

Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਅੰਤਰਰਾਸ਼ਟਰੀ ਖੇਡ ਨਕਸ਼ੇ ’ਤੇ ਪੰਜਾਬ ਦੀ ਪਛਾਣ ਹੋਵੇਗੀ ਹੋਰ ਮਜ਼ਬੂਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

29 October 2026 ਅੱਪਡੇਟ ਕੀਤਾ ਗਿਆ

Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਅੰਤਰਰਾਸ਼ਟਰੀ ਖੇਡ ਨਕਸ਼ੇ ’ਤੇ ਪੰਜਾਬ ਦੀ ਪਛਾਣ ਹੋਵੇਗੀ ਹੋਰ ਮਜ਼ਬੂਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ

Asian Champions Trophy:ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣ ਆਈਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਮਹਿਮਾਨਨਿਵਾਜ਼ੀ ਅਤੇ ਭਾਈਚਾਰੇ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਟੀਮਾਂ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਜਿਹੀ ਧਰਤੀ ਹੈ, ਜਿੱਥੇ ਹਰ ਮਹਿਮਾਨ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ ਅਤੇ ਉਸ ਨੂੰ ਪਰਿਵਾਰਕ ਮੈਂਬਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਸ ਕੌਮਾਂਤਰੀ ਖੇਡ ਮੁਕਾਬਲੇ ਨੂੰ ਹਰ ਖਿਡਾਰੀ ਅਤੇ ਅਧਿਕਾਰੀ ਲਈ ਯਾਦਗਾਰੀ ਬਣਾਉਣਾ ਹੈ। ਉਨ੍ਹਾਂ ਪੰਜਾਬ ਨੂੰ ਕੁਰਬਾਨੀ, ਹਿੰਮਤ, ਮਿਹਨਤ, ਇਨਕਲਾਬੀ ਸੋਚ ਅਤੇ ਮਨੁੱਖਤਾ ਦੀ ਪ੍ਰਤੀਕ ਧਰਤੀ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ, ਕਵੀਆਂ ਅਤੇ ਮਹਾਨ ਆਗੂਆਂ ਦੀ ਧਰਤੀ ਹੈ। ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਨੇ ਲੋਕਾਂ ਨੂੰ ਬਰਾਬਰੀ, ਦਇਆ, ਭਾਈਚਾਰੇ ਅਤੇ ਨਿਆਂ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਸ਼ਹੀਦਾਂ ਦੀਆਂ ਕੁਰਬਾਨੀਆਂ, ਕਿਸਾਨਾਂ ਦੀ ਮਿਹਨਤ, ਸੈਨਿਕਾਂ ਦੀ ਬਹਾਦਰੀ ਅਤੇ ਲੋਕਾਂ ਦੇ ਪਿਆਰ ਨਾਲ ਜੁੜੀ ਹੋਈ ਹੈ। ਉਨ੍ਹਾਂ ਲਈ ਇਸ ਇਤਿਹਾਸਕ ਧਰਤੀ ’ਤੇ ਕੌਮਾਂਤਰੀ ਟੀਮਾਂ ਦਾ ਸਵਾਗਤ ਕਰਨਾ ਮਾਣ ਵਾਲੀ ਗੱਲ ਹੈ।

ਭਗਵੰਤ ਮਾਨ ਨੇ ਭਾਰਤ ਦੀ ਤਰੱਕੀ ਵਿੱਚ ਪੰਜਾਬ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਨੇ ਆਜ਼ਾਦੀ ਦੀ ਲੜਾਈ ਅਤੇ ਹਰੀ ਕ੍ਰਾਂਤੀ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ, ਜਦਕਿ ਮਿਹਨਤੀ ਕਿਸਾਨਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰੰਗੀਨ ਰਵਾਇਤਾਂ, ਤਿਉਹਾਰ, ਸੰਗੀਤ, ਲੋਕ ਨਾਚ ਅਤੇ ਕੁਦਰਤੀ ਸੁੰਦਰਤਾ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹਨ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਟੂਰਨਾਮੈਂਟ ਦੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਦੇ ਨਾਲ-ਨਾਲ ਸਾਰੀਆਂ ਟੀਮਾਂ ਦੇ ਆਰਾਮਦਾਇਕ ਠਹਿਰਾਅ ਲਈ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਵਿਸ਼ਵ ਪੱਧਰੀ ਖੇਡ ਮੁਕਾਬਲਾ ਕਰਵਾਉਣ ਤੱਕ ਸੀਮਤ ਨਹੀਂ ਹੈ, ਸਗੋਂ ਹਰ ਖਿਡਾਰੀ ਅਤੇ ਮਹਿਮਾਨ ਨੂੰ ਪੰਜਾਬ ਤੋਂ ਪਿਆਰ ਅਤੇ ਯਾਦਗਾਰੀ ਤਜਰਬੇ ਲੈ ਕੇ ਵਾਪਸ ਭੇਜਣਾ ਵੀ ਹੈ। ਉਨ੍ਹਾਂ ਮੁਤਾਬਕ, ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਸੂਬੇ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਕੌਮਾਂਤਰੀ ਖੇਡ ਜਗਤ ਵਿੱਚ ਪੰਜਾਬ ਦੀ ਪਛਾਣ ਹੋਰ ਮਜ਼ਬੂਤ ਹੋ ਸਕਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਫਿਟਨੈੱਸ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਨਵੀਂ ਪ੍ਰਤਿਭਾ ਨੂੰ ਅੱਗੇ ਲਿਆਉਣ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਭਾਸ਼ਾ, ਸੱਭਿਆਚਾਰ ਅਤੇ ਦੇਸ਼ਾਂ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਜੋੜਦੀਆਂ ਹਨ। ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਖੇਡ ਭਾਵਨਾ, ਦੋਸਤੀ ਅਤੇ ਆਪਸੀ ਸਤਿਕਾਰ ਨਾਲ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਟੂਰਨਾਮੈਂਟ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਕੌਮਾਂਤਰੀ ਪੱਧਰ ’ਤੇ ਉਭਾਰਨ ਦੇ ਨਾਲ ਖੇਡ ਸੈਰ-ਸਪਾਟੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕਰ ਸਕਦਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.