ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਮਨਜੀਤ ਸਾਹਿਬ ਦੀਵਾਨ ਹਾਲ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਨੇ ਤੰਤੀ ਸਾਜਾਂ ਨਾਲ ਗੁਰਬਾਣੀ ਕੀਰਤਨ ਗਾਇਨ ਕੀਤਾ।
ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਗੁਰਮਤਿ ਯੋਗਦਾਨ ਬਾਰੇ ਵਿਚਾਰ ਪ੍ਰਗਟ ਕੀਤੇ। ਇਸ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਰਾਗੀ ਜਥੇ ਨੂੰ ਸਨਮਾਨਿਤ ਕੀਤਾ।
ਇਸ ਧਾਰਮਿਕ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਭਾਈ ਮਰਦਾਨਾ ਜੀ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾ ਭਾਵਨਾ ਪ੍ਰਗਟ ਕੀਤੀ।

