ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿੱਚ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਕੇ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।
ਨਵੇਂ ਪ੍ਰਸਤਾਵਿਤ ਕਾਨੂੰਨ ਵਿੱਚ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਜਾਇਦਾਦ ਜ਼ਬਤ ਕਰਨ ਵਰਗੀਆਂ ਵਿਵਸਥਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਨਾਲ ਹੀ ਡਿਜੀਟਲ ਮੀਡੀਆ ਰਾਹੀਂ ਕੀਤੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਵੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮਾਮਲੇ ‘ਤੇ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਹ ਕਦਮ ਪੰਜਾਬ ਵਿੱਚ ਧਾਰਮਿਕ ਭਾਵਨਾਵਾਂ ਦੀ ਰੱਖਿਆ ਅਤੇ ਬੇਅਦਬੀ ਦੀਆਂ ਘਟਨਾਵਾਂ ‘ਤੇ ਸਖ਼ਤ ਰੋਕ ਲਗਾਉਣ ਲਈ ਉਠਾਇਆ ਜਾ ਰਿਹਾ ਹੈ।