ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਨਾਲ ਜੁੜੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟਾਂ ਨੂੰ ਲੈ ਕੇ DIG ਬਾਰਡਰ ਰੇਂਜ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਤਵਾਦੀ ਕਨੈਕਸ਼ਨ ਹੋਣ ਦੇ ਦਾਅਵੇ ਬਿਲਕੁਲ ਬੇਬੁਨਿਆਦ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਲਈ ਇੱਕ ਅੱਤਵਾਦੀ ਸੰਗਠਨ ਵੱਲੋਂ ਇਸ ਕਤਲ ਦੀ ਝੂਠੀ ਜ਼ਿੰਮੇਵਾਰੀ ਲਈ ਗਈ ਹੈ।
DIG ਨੇ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਸੱਚਾਈ ਤੱਕ ਪਹੁੰਚਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਅਫਵਾਹਾਂ ਤੋਂ ਦੂਰ ਰਹਿਣ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਜਲਦ ਹੀ ਪੂਰੇ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
READ ALSO : Big Breaking: ਡਿਊਟੀ ਦੌਰਾਨ ਸ਼ਹੀਦ ਹੋਏ 2 ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ CM Mann ਦਾ ਵੱਡਾ ਐਲਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਦੋਨਾਂ ਮੁਲਾਜ਼ਮਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਦੋਨਾਂ ਨੇ ਇੱਕ-ਦੂਜੇ ‘ਤੇ ਗੋਲੀ ਚਲਾ ਦਿੱਤੀ। ਘਟਨਾ ਸਥਾਨ ‘ਤੇ ਹੀ ਦੋਨਾਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏ.ਐੱਸ.ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੇਜ਼ੀ ਨਾਲ ਅੱਗੇ ਵਧਾਈ ਜਾ ਰਹੀ ਹੈ।
ਦੂਜੇ ਪਾਸੇ ਇੱਕ ਨਾਮੀ ਗੈਂਗ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਸੀ, ਜਿਸਨੂੰ DIG ਨੇ ਸਿਰੇ ਤੋਂ ਰੱਦ ਕਰ ਦਿੱਤਾ ਹੈ। ਪੁਲਿਸ ਨੇ ਦੁਬਾਰਾ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਅਧਿਕਾਰਕ ਜਾਣਕਾਰੀ ‘ਤੇ ਹੀ ਭਰੋਸਾ ਕਰਨ ਅਤੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ।

