ਅੱਜ ਸਵੇਰ ਤੋਂ ਇੱਕ ਵਾਰ ਫਿਰ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਫਿਰੋਜ਼ਪੁਰ ਦੀ ਜ਼ਿਲ੍ਹਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਮਾਮਲੇ ਦੀ ਜਾਂਚ ਹਾਲੇ ਜਾਰੀ ਹੀ ਸੀ ਕਿ ਇਸ ਦੌਰਾਨ ਮੋਗਾ ਕੋਰਟ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਦੀ ਖ਼ਬਰ ਸਾਹਮਣੇ ਆ ਗਈ।
ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਸਾਵਧਾਨੀ ਵਜੋਂ ਕੋਰਟ ਪ੍ਰਿਸਰ ਤੋਂ ਆਮ ਲੋਕਾਂ, ਵਕੀਲਾਂ ਅਤੇ ਕੋਰਟ ਸਟਾਫ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਲਿਆ ਗਿਆ। ਇਸ ਤੋਂ ਬਾਅਦ ਪੁਲਿਸ ਵੱਲੋਂ ਕੋਰਟ ਕੰਪਲੈਕਸ ਦੀ ਬਰੀਕੀ ਨਾਲ ਤਲਾਸ਼ੀ ਲੈਣ ਦੀ ਕਾਰਵਾਈ ਸ਼ੁਰੂ ਕੀਤੀ ਗਈ। ਬੰਬ ਨਿਰੋਧਕ ਦਲ ਅਤੇ ਹੋਰ ਸੁਰੱਖਿਆ ਟੀਮਾਂ ਵੀ ਮੌਕੇ ’ਤੇ ਮੌਜੂਦ ਹਨ ਅਤੇ ਹਰ ਕੋਣੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
READ ALSO : ਪੰਜਾਬ–ਚੰਡੀਗੜ੍ਹ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ, ਧੁੰਦ ਦਾ ਓਰੇਂਜ ਅਲਰਟ ਬਰਕਰਾਰ
ਪੁਲਿਸ ਅਧਿਕਾਰੀਆਂ ਮੁਤਾਬਕ, ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਕੀ ਕਿਸ ਵੱਲੋਂ ਅਤੇ ਕਿਹੜੇ ਸਰੋਤ ਰਾਹੀਂ ਭੇਜੀ ਗਈ ਹੈ। ਸਾਈਬਰ ਟੀਮਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਈ-ਮੇਲ ਦੀ ਤਕਨੀਕੀ ਜਾਂਚ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਇਹ ਪਹਿਲਾ ਮਾਮਲਾ ਨਹੀਂ ਹੈ। ਪਿਛਲੇ ਦਸੰਬਰ ਮਹੀਨੇ ਦੌਰਾਨ ਵੀ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲੀਆਂ ਸਨ। ਉਸ ਸਮੇਂ ਪੁਲਿਸ ਨੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਸਕੂਲ ਖਾਲੀ ਕਰਵਾ ਦਿੱਤੇ ਸਨ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜਿਆ ਗਿਆ ਸੀ।
ਲਗਾਤਾਰ ਆ ਰਹੀਆਂ ਅਜਿਹੀਆਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਅਫਵਾਹਾਂ ਤੋਂ ਬਚਿਆ ਜਾਵੇ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਬਾਰੇ ਸਪਸ਼ਟ ਜਾਣਕਾਰੀ ਦਿੱਤੀ ਜਾਵੇਗੀ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਟਿਆਲਾ ਦੇ SP ਅਤੇ DSP ਨੂੰ ਤਲਬ ਕਰਨ ਦੇ ਹੁਕਮ

