PUNJAB NEWS : ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਚਲ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪੰਜਾਬ ਸਰਕਾਰ ਨੇ ਅੱਜ ‘ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ’ ਨੂੰ ਅਧਿਕਾਰਿਕ ਤੌਰ ‘ਤੇ ਨੋਟੀਫਾਈ ਕਰ ਦਿੱਤਾ ਹੈ। ਇਸ ਨੀਤੀ ਨਾਲ ਹੁਣ ਫੀਲਡ ਅਧਿਕਾਰੀ ਅਤੇ ਵੱਖ-ਵੱਖ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ ‘ਤੇ ਉਹਨਾਂ ਵਿਅਕਤੀਆਂ ਨੂੰ ਇਨਾਮ ਦੇ ਸਕਣਗੇ, ਜਿਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਨਾਲ ਅਪਰਾਧੀਆਂ ਦੀ ਗ੍ਰਿਫ਼ਤਾਰੀ ਸੰਭਵ ਹੋਵੇਗੀ। ਨਾਲ ਹੀ, ਅਸਾਧਾਰਣ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਹ ਨੀਤੀ ਸੋਮਵਾਰ ਨੂੰ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਗਈ ਸੀ। ਨੀਤੀ ਦਾ ਮੁੱਖ ਉਦੇਸ਼ ਇਨਾਮ ਪ੍ਰਦਾਨ ਕਰਨ ਲਈ ਇੱਕ ਪਾਰਦਰਸ਼ੀ ਅਤੇ ਵਿਵਸਥਿਤ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ, ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕਰਨਾ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਯਤਨਾਂ ਨੂੰ ਮਾਨਤਾ ਦੇਣਾ ਹੈ।
READ ALSO : Jalandhar Visit: ਮੁੱਖ ਮੰਤਰੀ ਭਗਵੰਤ ਮਾਨ ਅੱਜ PAP ਵਿੱਚ ਪਾਸਿੰਗ-ਆਊਟ ਪਰੇਡ ਨੂੰ ਕਰਨਗੇ ਸੰਬੋਧਨ
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) Gaurav Yadav ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੀਤੀ ਤਹਿਤ ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼ ਅਤੇ ਆਈਜੀਪੀਜ਼/ਡੀਆਈਜੀਜ਼ ਰੇਂਜਾਂ ਨੂੰ 1.5 ਲੱਖ ਰੁਪਏ ਤੱਕ ਅਤੇ ਵਿੰਗ ਦੇ ਮੁਖੀਆਂ ਨੂੰ 2 ਲੱਖ ਰੁਪਏ ਤੱਕ ਇਨਾਮ ਦੇਣ ਦਾ ਅਧਿਕਾਰ ਹੋਵੇਗਾ। ਇਸ ਤੋਂ ਵੱਧ ਰਕਮ ਦੇ ਇਨਾਮਾਂ ਨੂੰ ਮਨਜ਼ੂਰੀ ਦੇਣ ਦਾ ਅਧਿਕਾਰ ਡੀਜੀਪੀ ਕੋਲ ਹੋਵੇਗਾ।
ਨੀਤੀ ਦਾ ਮਕਸਦ ਲੋਕਾਂ ਅਤੇ ਪੁਲਿਸ ਦੋਵਾਂ ਨੂੰ ਭਰੋਸੇਯੋਗ ਅਤੇ ਕਾਰਵਾਈਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਾ ਹੈ, ਤਾਂ ਜੋ ਕਾਨੂੰਨ ਤੋਂ ਭੱਜ ਰਹੇ ਅਪਰਾਧੀਆਂ ਦੀ ਪਛਾਣ, ਠਿਕਾਣੇ ਦੀ ਜਾਣਕਾਰੀ ਅਤੇ ਗ੍ਰਿਫ਼ਤਾਰੀ ਯਕੀਨੀ ਬਣਾਈ ਜਾ ਸਕੇ। ਇਸ ਵਿੱਚ ਭਗੌੜੇ, ਘੋਸ਼ਿਤ ਅਪਰਾਧੀ, ਆਦਤਨ ਅਪਰਾਧੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਵਾਲੇ ਦੋਸ਼ੀ ਵਿਅਕਤੀ ਸ਼ਾਮਲ ਹਨ।
ਡੀਜੀਪੀ ਨੇ ਸਪਸ਼ਟ ਕੀਤਾ ਕਿ ਇਹ ਇਨਾਮ ਐਕਸ-ਗ੍ਰੇਸ਼ੀਆ ਅਦਾਇਗੀ ਹੋਵੇਗੀ ਅਤੇ ਇਸਨੂੰ ਕਾਨੂੰਨੀ ਅਧਿਕਾਰ ਵਜੋਂ ਨਹੀਂ ਮੰਨਿਆ ਜਾ ਸਕੇਗਾ। ਇਨਾਮ ਦੀ ਰਕਮ ਅਪਰਾਧ ਦੀ ਗੰਭੀਰਤਾ, ਸੂਚਨਾ ਦੇਣ ਵਾਲੇ ਵੱਲੋਂ ਲਏ ਗਏ ਜੋਖਮ ਅਤੇ ਦਿੱਤੀ ਗਈ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ‘ਤੇ ਕੇਸ-ਦਰ-ਕੇਸ ਨਿਰਧਾਰਤ ਕੀਤੀ ਜਾਵੇਗੀ।
ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਵਿੱਚ ਢਾਂਚਾਗਤ ਸਿਫ਼ਾਰਸ਼ ਪ੍ਰਕਿਰਿਆ ਲਾਜ਼ਮੀ ਕੀਤੀ ਗਈ ਹੈ। ਕਾਰਵਾਈ ਵਿੱਚ ਸ਼ਾਮਲ ਨਿਗਰਾਨ ਗਜ਼ਟਿਡ ਅਧਿਕਾਰੀ ਵੱਲੋਂ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਸੰਬੰਧਿਤ ਵਿਅਕਤੀਆਂ ਦੀ ਭੂਮਿਕਾ ਬਾਰੇ ਪ੍ਰਮਾਣਿਤ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਨਾਲ ਹੀ, ਸੂਚਨਾ ਦੇਣ ਵਾਲਿਆਂ ਦੀ ਪਛਾਣ ਹਰ ਪੜਾਅ ‘ਤੇ ਗੁਪਤ ਰੱਖਣ ਦੀ ਭਰੋਸਾ ਦਿਵਾਇਆ ਗਿਆ ਹੈ।ਇਸ ਨਵੀਂ ਇਨਾਮ ਨੀਤੀ ਨਾਲ ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਅਪਰਾਧ ਦੇ ਖ਼ਾਤਮੇ ਵੱਲ ਇਕ ਹੋਰ ਢੁਕਵਾਂ ਕਦਮ ਚੁੱਕਿਆ ਗਿਆ ਹੈ।
ਮੋਗਾ ਪੁਲਿਸ ਦੀ ਵੱਡੀ ਕਾਰਵਾਈ,ਪ੍ਰਵਾਸੀ ਮਜ਼ਦੂਰਾਂ ‘ਤੇ ਹਮਲਾ ਕਰਨ ਵਾਲਾ ਗਿਰੋਹ ਗ੍ਰਿਫ਼ਤਾਰ,ਕੀਤੇ ਵੱਡੇ ਖੁਲਾਸੇ