Canada Deportation: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਲਈ ਚਲਾਏ ਜਾ ਰਹੇ ਅਭਿਆਨ ਤਹਿਤ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੱਕ ਸਾਥੀ ਨੂੰ ਹਿਰਾਸਤ ਵਿੱਚ ਲਿਆ ਹੈ। ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (DGP) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ। ਪਛਾਣੇ ਗਏ ਮੁਲਜ਼ਮ ਕਰਮਵੀਰ ਸਿੰਘ—ਜੋ ਲੁਧਿਆਣਾ ਦੇ ਬਹਾਦੁਰਕੇ ਪਿੰਡ ਦਾ ਵਸਨੀਕ ਹੈ—ਨੂੰ AGTF ਟੀਮ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ‘ਤੇ ਪਹੁੰਚਣ ‘ਤੇ ਗ੍ਰਿਫ਼ਤਾਰ ਕੀਤਾ।
ਇਹ ਕਾਰਵਾਈ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਪ੍ਰਮੁੱਖ ਮੈਂਬਰ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ (ਉਰਫ਼ ਅੰਮ੍ਰਿਤ ਡਲਮ) ਨੂੰ ਮੋਲਦੋਵਾ ਗਣਰਾਜ ਤੋਂ ਵਾਪਸ ਲਿਆਂਦੇ ਜਾਣ ਤੋਂ ਬਾਅਦ ਹੋਈ ਹੈ। ਇਸ ਪ੍ਰਕਿਰਿਆ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਲਈ ਸੀ।
DGP ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕਲ ਸਹਾਇਤਾ ਅਤੇ ਲੁਕਣ ਲਈ ਥਾਂ ਮੁਹੱਈਆ ਕਰਵਾਈ ਸੀ। ਉਹ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, SAS ਨਗਰ ਵਿੱਚ ਭਾਰਤੀ ਦੰਡ ਸੰਹਿਤਾ (IPC), ਆਰਮਜ਼ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ FIR ਦੇ ਸਬੰਧ ਵਿੱਚ ਲੋੜੀਂਦਾ ਸੀ।
DGP ਨੇ ਅੱਗੇ ਦੱਸਿਆ ਕਿ AGTF ਪੰਜਾਬ ਵੱਲੋਂ ਉਸ ਖ਼ਿਲਾਫ਼ 3 ਸਤੰਬਰ, 2026 ਨੂੰ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ। ਹੋਰ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਮਹਾਨਿਰਦੇਸ਼ਕ (ADGP) ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਦਾ ਅਪਰਾਧਿਕ ਪਿਛੋਕੜ ਹੈ। ਉਸ ਖ਼ਿਲਾਫ਼ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਹਥਿਆਰਬੰਦ ਡਕੈਤੀ, ਜਬਰੀ ਵਸੂਲੀ, ਆਰਮਜ਼ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਸ਼ਾਮਲ ਹਨ।
ADGP ਨੇ ਕਿਹਾ ਕਿ ਉਸ ਦੇ ਓਪਰੇਸ਼ਨਲ ਲਿੰਕ, ਗੈਰ-ਕਾਨੂੰਨੀ ਫੰਡਿੰਗ ਦੇ ਸਰੋਤਾਂ ਅਤੇ ਗੈਂਗ ਦੇ ਹੋਰ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

