Faridkot Police: ਫਰੀਦਕੋਟ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 717 ਗ੍ਰਾਮ ਅਫੀਮ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਹ ਕਾਰਵਾਈ ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਅਤੇ ਐੱਸਪੀ (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ।
ਪੁਲਿਸ ਮੁਤਾਬਕ, 23 ਅਗਸਤ ਨੂੰ ਹੌਲਦਾਰ ਗੁਰਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਗਸ਼ਤ ‘ਤੇ ਸਨ। ਪੁਲਿਸ ਟੀਮ ਐੱਨਐੱਚ-54 ਹਾਈਵੇਅ ਰਾਹੀਂ ਲੱਕੜ ਮੰਡੀ, ਮੋਗਾ ਰੋਡ ਪਹੁੰਚੀ। ਇਸ ਦੌਰਾਨ ਦਰੱਖਤ ਦੀ ਛਾਂ ਹੇਠ ਬੈਠੇ ਦੋ ਵਿਅਕਤੀ ਪੁਲਿਸ ਨੂੰ ਦਿਖਾਈ ਦਿੱਤੇ। ਇਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਕਾਲੇ ਰੰਗ ਦਾ ਲਿਫਾਫਾ ਸੀ। ਪੁਲਿਸ ਨੂੰ ਦੇਖ ਕੇ ਦੋਵੇਂ ਘਬਰਾ ਗਏ ਅਤੇ ਲਿਫਾਫਾ ਜ਼ਮੀਨ ‘ਤੇ ਸੁੱਟ ਕੇ ਉੱਥੋਂ ਜਾਣ ਲੱਗੇ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ।
ਲਿਫਾਫੇ ਦੀ ਜਾਂਚ ਕਰਨ ‘ਤੇ ਉਸ ਵਿੱਚੋਂ 717 ਗ੍ਰਾਮ ਅਫੀਮ ਬਰਾਮਦ ਹੋਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਣਦੀਪ ਮਲਹੋਤਰਾ ਪੁੱਤਰ ਅਸ਼ੋਕ ਮਲਹੋਤਰਾ ਵਾਸੀ ਲਾਜਪਤ ਨਗਰ, ਕੋਟਕਪੂਰਾ ਅਤੇ ਬਲਕਾਰ ਸਿੰਘ ਉਰਫ਼ ਬਿੱਟੂ ਪੁੱਤਰ ਨਾਜਰ ਸਿੰਘ ਵਾਸੀ ਜੈਤੋ ਰੋਡ, ਕੋਟਕਪੂਰਾ ਵਜੋਂ ਹੋਈ ਹੈ। ਪੁਲਿਸ ਨੇ ਅਫੀਮ ਤੋਂ ਇਲਾਵਾ ਇੱਕ ਓੱਪੋ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਿਆ ਹੈ।
ਪੁਲਿਸ ਮੁਤਾਬਕ, ਰਿਕਾਰਡ ਦੀ ਜਾਂਚ ਅਤੇ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਰਣਦੀਪ ਮਲਹੋਤਰਾ ਖ਼ਿਲਾਫ਼ ਪਹਿਲਾਂ ਤੋਂ 5 ਮਾਮਲੇ, ਜਦਕਿ ਬਲਕਾਰ ਸਿੰਘ ਉਰਫ਼ ਬਿੱਟੂ ਖ਼ਿਲਾਫ਼ 3 ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਐੱਨਡੀਪੀਐੱਸ ਐਕਟ ਤਹਿਤ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਹੋਰ ਗੰਭੀਰ ਧਾਰਾਵਾਂ ਤਹਿਤ ਦਰਜ ਕੇਸ ਵੀ ਸ਼ਾਮਲ ਹਨ।
ਫਰੀਦਕੋਟ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਦਾ ਉਦੇਸ਼ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦਾ ਪਤਾ ਲਗਾ ਕੇ ਨਸ਼ਾ ਤਸਕਰੀ ਨਾਲ ਜੁੜੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨਾ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਵਿੱਚ ਹੈ, ਤਾਂ ਜੋ ਨਸ਼ੇ ਦੀ ਸਪਲਾਈ ਅਤੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 172, ਮਿਤੀ 23 ਅਗਸਤ 2026 ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀ ਧਾਰਾ 18(ਬੀ)/61/85 ਤਹਿਤ ਮਾਮਲਾ ਦਰਜ ਕੀਤਾ ਹੈ।

