Site icon Dainik Savera Punjab

Ravidas Jayanti: ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪ੍ਰਸ਼ਾਸਨ ਨੇ ਤੇਜ਼ ਕੀਤੀਆਂ ਤਿਆਰੀਆਂ, ਸਾਰੇ ਪ੍ਰਬੰਧਾਂ ਦੀ ਕੀਤੀ ਜਾ ਰਹੀ ਸਮੀਖਿਆ

Shobha Yatra: ਫਰੀਦਕੋਟ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਦਸੰਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਐੱਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਰਾਹੁਲ ਛਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਸਮਾਗਮ ਨੂੰ ਸੁਚਾਰੂ ਅਤੇ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਵਿਧਾਇਕ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਸੇ ਲੜੀ ਤਹਿਤ ਬਾਬਾ ਫਰੀਦ ਜੀ ਦੀ ਧਰਤੀ ਫਰੀਦਕੋਟ ਤੋਂ ਵੀ ਧਾਰਮਿਕ ਯਾਤਰਾ ਕੱਢੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਫਰੀਦਕੋਟ ਵਿੱਚ ਇਹ ਸ਼ੋਭਾ ਯਾਤਰਾ 2 ਦਸੰਬਰ ਨੂੰ ਸਵੇਰੇ 8 ਵਜੇ ਇਤਿਹਾਸਕ ਕਿਲ੍ਹਾ ਮੁਬਾਰਕ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ। ਵਿਧਾਇਕ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੀ ਹਦਾਇਤ ਕੀਤੀ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪ੍ਰਸ਼ਾਸਨ ਵੱਲੋਂ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਸੁਰੱਖਿਆ, ਸਾਫ਼-ਸਫ਼ਾਈ ਅਤੇ ਸਿਹਤ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਯਾਤਰਾ ਦੌਰਾਨ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਵੇ। ਇਸ ਇਤਿਹਾਸਕ ਧਾਰਮਿਕ ਮੌਕੇ ਨੂੰ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ।

ਇਸ ਤੋਂ ਇਲਾਵਾ ਧਾਰਮਿਕ ਪਾਠ ਦੀ ਸ਼ੁਰੂਆਤ ਦੇ ਨਾਲ ਹੀ ਇਤਿਹਾਸਕ ਕਿਲ੍ਹਾ ਮੁਬਾਰਕ ਨੂੰ ਆਮ ਲੋਕਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇਹ ਕਿਲ੍ਹਾ 2 ਦਸੰਬਰ ਤੱਕ ਹਰ ਰੋਜ਼ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ਇਸ ਨਾਲ ਸ਼ਰਧਾਲੂਆਂ ਅਤੇ ਇਲਾਕਾ ਵਾਸੀਆਂ ਨੂੰ ਇਤਿਹਾਸਕ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੋਭਾ ਵਧਾਉਣ। ਪ੍ਰਸ਼ਾਸਨ ਦਾ ਉਦੇਸ਼ ਇਸ ਪੂਰੇ ਸਮਾਗਮ ਨੂੰ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਕਰਵਾਉਣਾ ਹੈ।

Exit mobile version