Site icon Dainik Savera Punjab

ਇਟਲੀ ‘ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਰੌਣਕ

ਅੰਤਰਰਾਸ਼ਟਰੀ ਡੈਸਕ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ਵਿੱਚ ਵੱਖ ਵੱਖ ਗੁਰਦੁਆਰਿਆਂ ਅਤੇ ਧਾਰਮਿਕ ਸਥਾਨਾਂ ‘ਤੇ ਭਵਿਆ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਰਾਹੀਂ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਜਨਮ ਦਿਹਾੜੇ ਨੂੰ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਦੇ ਸ਼ਹਿਰ ਸੁਜਾਰਾ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਸੁਖਮਨੀ ਸਾਹਿਬ ਜੀ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਹੋਏ ਜਿੱਥੇ ਇਲਾਕੇ ਦੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾਈ। ਸਮਾਗਮ ਦੀ ਸ਼ੁਰੂਆਤ ਸ੍ਰੀ ਆਖੰਡ ਪਾਠ ਸਾਹਿਬ ਦੀ ਸੇਵਾ ਨਾਲ ਹੋਈ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਇਟਲੀ ਦੇ ਸੇਵਾਦਾਰਾਂ ਵੱਲੋਂ ਨਿਭਾਈ ਗਈ। ਸਜੇ ਹੋਏ ਦੀਵਾਨ ਵਿੱਚ ਭਾਈ ਇੰਦਰਜੀਤ ਸਿੰਘ ਸਿਰਸਾ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬ ਦੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਰੂਹਾਨੀ ਅਨੰਦ ਪ੍ਰਦਾਨ ਕੀਤਾ। ਕੀਰਤਨ ਦੀ ਰੌਣਕ ਅਤੇ ਸੰਗਤਾਂ ਦੀ ਹਾਜਰੀ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾਇਆ।

ਭਾਰਤ ਚੌਕਸ ਹੈ, ਅੰਦਰੂਨੀ ਸੁਰੱਖਿਆ ‘ਤੇ ਨਹੀਂ ਹੋਣ ਦੇਵਾਂਗੇ ਅਸਰ: ਅਮਿਤ ਸ਼ਾਹ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਟਰੱਸਟ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਸੇਵਾਦਾਰਾਂ ਅਤੇ ਮੈਂਬਰਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਬੰਧਕਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਜੀਵਨ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਸੇਵਾਦਾਰਾਂ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਚੈਰੀਟੇਬਲ ਟਰੱਸਟ ਇਟਲੀ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਵੱਸਦੇ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ। ਇਹ ਟਰੱਸਟ ਲੋੜਵੰਦਾਂ ਦੀ ਸੇਵਾ ਕਰਦਾ ਹੈ ਅਤੇ ਸਮਾਜਿਕ ਭਲਾਈ ਲਈ ਵੱਖ ਵੱਖ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਟਰੱਸਟ ਵੱਲੋਂ ਸਾਲ ਭਰ ਧਾਰਮਿਕ ਅਤੇ ਚੈਰੀਟੇਬਲ ਕਾਰਜ ਕਰਵਾਏ ਜਾਂਦੇ ਹਨ ਜੋ ਸੰਗਤਾਂ ਨੂੰ ਇਕਜੁੱਟ ਕਰਨ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ ਵਿੱਚ ਲਾਗੂ ਕਰਨ ਵੱਲ ਪ੍ਰੇਰਿਤ ਕਰਦੇ ਹਨ।

VD : ਵੋਟ ਪਾਉਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਏ ‘ਆਪ’ ਉਮੀਦਵਾਰ Harmeet Sandhu

ਇਟਲੀ ਵਿੱਚ ਹੋ ਰਹੇ ਇਹ ਸਮਾਗਮ ਸਿੱਖ ਧਰਮ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਗੁਰੂ ਨਾਨਕ ਦੇਵ ਜੀ ਦੇ ਵਿਸ਼ਵ ਭਾਈਚਾਰੇ ਲਈ ਦਿੱਤੇ ਸੰਦੇਸ਼ ਦੀ ਪ੍ਰਤੀਕ ਹਨ। ਇਨ੍ਹਾਂ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version