Last Updated: November 18, 2026

Dainik Savera Times Logo

Guru Ravidas Jayanti: ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸੀਐਮ ਮਾਨ ਦਾ ਐਲਾਨ, 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਹੋਣਗੇ ਸਮਾਗਮ

18 November 2026 ਅੱਪਡੇਟ ਕੀਤਾ ਗਿਆ

Guru Ravidas Jayanti: ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸੀਐਮ ਮਾਨ ਦਾ ਐਲਾਨ, 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਹੋਣਗੇ ਸਮਾਗਮ

Guru Ravidas Jayanti 2026: ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਇਸ ਵਾਰ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਇਸ ਇਤਿਹਾਸਕ ਮੌਕੇ ‘ਤੇ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਤਿੰਨ ਰੋਜ਼ਾ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਮਕਸਦ ਗੁਰੂ ਰਵਿਦਾਸ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਤਿਆਰੀਆਂ ਸਬੰਧੀ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ। ਇਸ ਦਿਨ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਵਿਸ਼ੇਸ਼ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ, ਕੀਰਤਨ ਦਰਬਾਰ, 3D ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਵੀ ਕਰਵਾਏ ਜਾਣਗੇ।

ਸਮਾਗਮਾਂ ਦੇ ਦੂਜੇ ਦਿਨ, 5 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਕੇਂਦਰਿਤ ਵਿਸ਼ੇਸ਼ ਕਾਨਫਰੰਸ ਹੋਵੇਗੀ। ਇਸ ਦਿਨ ਕਥਾ-ਕੀਰਤਨ ਦਰਬਾਰ, 3D ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਵਰਗੇ ਪ੍ਰੋਗਰਾਮ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਸਾਹਿਬ ਦੇ ਅਧਿਆਤਮਿਕ ਸੰਦੇਸ਼ ਅਤੇ ਸਮਾਜ ਸੁਧਾਰ ਦੇ ਵਿਚਾਰਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ 6 ਦਸੰਬਰ ਨੂੰ ਹੋਵੇਗੀ। ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ ਸਮੇਤ ਹੋਰ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸੰਤ ਸਮਾਜ ਦੀ ਅਗਵਾਈ ਹੇਠ ਰਵਾਨਾ ਹੋਣਗੀਆਂ। ਇਨ੍ਹਾਂ ਸਾਰੀਆਂ ਯਾਤਰਾਵਾਂ ਦਾ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਨ ਹੋਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਯਾਤਰਾਵਾਂ ਦੌਰਾਨ ਸੁਰੱਖਿਆ, ਸੰਗਤ ਦੀਆਂ ਸਹੂਲਤਾਂ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਅਤੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਲ ਭਰ ਕਈ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਤਹਿਤ ਸੂਬੇ ਦੇ 13 ਹਜ਼ਾਰ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ, ਜਦਕਿ 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਮੁਕਾਬਲੇ, ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਮੈਰਾਥਨ, ਖੂਨਦਾਨ ਕੈਂਪ ਅਤੇ ਪੌਦੇ ਲਗਾਉਣ ਦੀਆਂ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਆਪਣੀ ਪੂਰੀ ਕੈਬਨਿਟ ਨਾਲ ਖੁਰਾਲਗੜ੍ਹ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.