Last Updated: October 7, 2026

Dainik Savera Times Logo

Guru Ravidas Jayanti Marathon: 8 ਅਕਤੂਬਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ

8 hours ਪਹਿਲਾ

Guru Ravidas Jayanti Marathon: 8 ਅਕਤੂਬਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ

Moga: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ 8 ਅਕਤੂਬਰ ਨੂੰ ਵਿਸ਼ੇਸ਼ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਪਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੈਰਾਥਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੈਰਾਥਨ ਸਿਰਫ਼ ਇੱਕ ਖੇਡ ਗਤੀਵਿਧੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਮਨੁੱਖਤਾਵਾਦੀ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਇੱਕ ਸਾਰਥਕ ਉਪਰਾਲਾ ਹੈ। ਗੁਰੂ ਸਾਹਿਬ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਮਨੁੱਖੀ ਏਕਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੇ ਸਮੇਂ ਵਿੱਚ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਸ ਮੈਰਾਥਨ ਵਿੱਚ ਲਗਭਗ 1500 ਤੋਂ ਵੱਧ ਨੌਜਵਾਨ, ਖਿਡਾਰੀ ਅਤੇ ਮੋਗਾ ਵਾਸੀ ਹਿੱਸਾ ਲੈਣਗੇ। 5 ਕਿਲੋਮੀਟਰ ਦੀ ਮੈਰਾਥਨ 8 ਅਕਤੂਬਰ ਨੂੰ ਸਵੇਰੇ 6:30 ਵਜੇ ਸਰਕਾਰੀ ITI ਮੋਗਾ ਤੋਂ ਸ਼ੁਰੂ ਹੋਵੇਗੀ। ਮੈਰਾਥਨ ਦਾ ਰੂਟ ਸਰਕਾਰੀ ITI ਤੋਂ ਨੇਚਰ ਪਾਰਕ ਤੱਕ ਹੋਵੇਗਾ ਅਤੇ ਭਾਗੀਦਾਰ ਵਾਪਸ ਸਰਕਾਰੀ ITI ਪਹੁੰਚ ਕੇ ਮੈਰਾਥਨ ਪੂਰੀ ਕਰਨਗੇ।

ਉਨ੍ਹਾਂ ਕਿਹਾ ਕਿ ਨੌਜਵਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਭਾਈਚਾਰੇ ਅਤੇ ਬਰਾਬਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਜੀਵਨਸ਼ੈਲੀ ਨਾਲ ਜੋੜਦੀਆਂ ਹਨ ਅਤੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਵੀ ਵਧਾਉਂਦੀਆਂ ਹਨ।

ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ, ਖਿਡਾਰੀਆਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਇਤਿਹਾਸਕ ਮੌਕੇ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਭਾਗੀਦਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਸ਼ਾਮਲ ਹੋਣ ਦੇ ਇੱਛੁਕ ਭਾਗੀਦਾਰਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਲਿੰਕ ਵੀ ਜਾਰੀ ਕੀਤਾ ਗਿਆ ਹੈ। ਵੱਧ ਤੋਂ ਵੱਧ ਲੋਕਾਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾ ਕੇ ਇਸ ਵਿਸ਼ੇਸ਼ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਮੈਰਾਥਨ ਦੌਰਾਨ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.