ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਧਿਰਾਂ ਨੂੰ ਤਲਬ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਖਿਲਾਫ ਗ਼ਲਤ ਅਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ, ਜੋ ਅਨੁਸੂਚਿਤ ਜਾਤੀ ਵਰਗ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ।
READ ALSO : ਇੱਕ ਹੋਰ ਗੰਭੀਰ ਮਾਮਲਾ: ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਪਿੰਡ ਵਿੱਚ ਤਣਾਅ ਦਾ ਮਾਹੌਲ
ਚੇਅਰਮੈਨ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਐੱਸਐੱਸਪੀ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ। ਇਹ ਰਿਪੋਰਟ ਡੀਐੱਸਪੀ (ਐਸਪੀ ਪੱਧਰ ਦੇ ਅਧਿਕਾਰੀ) ਰਾਹੀਂ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤੱਕ ਕਮਿਸ਼ਨ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸਦੇ ਨਾਲ ਹੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।ਕਮਿਸ਼ਨ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਅਨੁਸੂਚਿਤ ਜਾਤੀ ਸਮਾਜ ਦੀ ਇੱਜ਼ਤ ਅਤੇ ਮਰਿਆਦਾ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਅਪਮਾਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਟ੍ਰੈਫ਼ਿਕ ਵਿਚਾਲੇ ਰੋਡ ਤੇ ਉਤਾਰਿਆ ਗਿਆ ਜਹਾਜ਼, ਲੋਕਾਂ ਵਿੱਚ ਫੈਲੀ ਦਹਿਸ਼ਤ
