ਚੰਡੀਗੜ੍ਹ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਕੜਾ ਰੁਖ ਅਪਣਾਉਂਦਿਆਂ ਮਾਨ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਹਾਈਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਮੁੱਖ ਸਕੱਤਰ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੰਗੀ ਹੈ, ਜਿਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ।
ਚੀਫ਼ ਜਸਟਿਸ ਦੀ ਬੈਂਚ ਨੇ ਇਸ ਗੰਭੀਰ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ। ਅਦਾਲਤ ਨੇ ਕਿਹਾ ਕਿ ਇਹ ਬੇਹੱਦ ਚਿੰਤਾ ਜਨਕ ਹੈ ਕਿ ਸੂਬੇ ਦੀ ਸਰਕਾਰ ਵਿੱਚ ਅਜੇ ਵੀ ਅਜਿਹੇ ਅਧਿਕਾਰੀ ਅਤੇ ਕਰਮਚਾਰੀ ਸੇਵਾ ਨਿਭਾ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਐਨਡੀਪੀਐਸ ਐਕਟ ਅਧੀਨ ਕੇਸ ਦਰਜ ਹਨ ਅਤੇ ਜੋ ਜਾਂਚ ਦਾ ਸਾਹਮਣਾ ਕਰ ਰਹੇ ਹਨ।
READ ALSO : WPL 2026 ਦੀ ਸ਼ਾਨਦਾਰ ਸ਼ੁਰੂਆਤ ਵਿੱਚ ਜੈਕਲੀਨ ਲਗਾਏਗੀ ਗਲੈਮਰ ਦਾ ਤੜਕਾ
ਹਾਈਕੋਰਟ ਨੇ ਧਿਆਨ ਦਿਵਾਇਆ ਕਿ ਕੁਝ ਮਾਮਲਿਆਂ ਵਿੱਚ ਅਜਿਹੇ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾਵਾਂ ਵੀ ਸੁਣਾਈਆਂ ਜਾ ਚੁੱਕੀਆਂ ਹਨ। ਇਸ ਦੇ ਬਾਵਜੂਦ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਉਹ ਅਜੇ ਵੀ ਸਰਕਾਰੀ ਸੇਵਾ ਵਿੱਚ ਕਿਵੇਂ ਬਣੇ ਹੋਏ ਹਨ ਅਤੇ ਉਨ੍ਹਾਂ ਨੂੰ ਅਜੇ ਤੱਕ ਬਰਖਾਸਤ ਕਿਉਂ ਨਹੀਂ ਕੀਤਾ ਗਿਆ।
ਅਦਾਲਤ ਨੇ ਸਖ਼ਤ ਰੁਖ ਅਪਣਾਉਂਦਿਆਂ ਹੁਕਮ ਦਿੱਤੇ ਹਨ ਕਿ ਨਾ ਸਿਰਫ਼ ਦੋਸ਼ੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪੂਰੀ ਸੂਚੀ ਪੇਸ਼ ਕੀਤੀ ਜਾਵੇ, ਸਗੋਂ ਉਨ੍ਹਾਂ ਉੱਚ ਅਧਿਕਾਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ ਜਿਨ੍ਹਾਂ ਨੇ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵੀ ਇਨ੍ਹਾਂ ਕਰਮਚਾਰੀਆਂ ਨੂੰ ਸੇਵਾ ਵਿੱਚ ਬਣੇ ਰਹਿਣ ਦੀ ਸਿਫ਼ਾਰਸ਼ ਕੀਤੀ। ਹਾਈਕੋਰਟ ਨੇ ਸੰਕੇਤ ਦਿੱਤਾ ਹੈ ਕਿ ਅਜਿਹੇ ਉੱਚ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਚੀਫ਼ ਜਸਟਿਸ ਦੀ ਬੈਂਚ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ 10 ਫਰਵਰੀ ਤੱਕ ਜਵਾਬ ਦਾਖਲ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਦੇ ਇਸ ਸਖ਼ਤ ਰੁਖ ਤੋਂ ਬਾਅਦ ਸੂਬੇ ਦੀ ਸਰਕਾਰ ਅਤੇ ਪ੍ਰਸ਼ਾਸਨ ’ਤੇ ਦਬਾਅ ਵਧਦਾ ਨਜ਼ਰ ਆ ਰਿਹਾ ਹੈ।
ਪ੍ਰਿਯੰਕਾ ਚੋਪੜਾ ਨੇ ‘ਦ ਬਲੱਫ’ ਵਿੱਚ ਆਪਣੇ ਸ਼ਕਤੀਸ਼ਾਲੀ ਕਿਰਦਾਰ ਦੀ ਪਹਿਲੀ ਝਲਕ ਦਿਖਾਈ


