Last Updated: November 18, 2026

Dainik Savera Times Logo

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (11-01-2026) ਅੰਮ੍ਰਿਤਸਰ ਤੋਂ।

11 January 2026 ਅੱਪਡੇਟ ਕੀਤਾ ਗਿਆ

ਅੱਜ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ (11-01-2026) ਅੰਮ੍ਰਿਤਸਰ ਤੋਂ।

ਪੰਜਾਬ ਡੈਕਸ: ਇਹ ਸ਼ਬਦ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਵੱਲੋਂ ਰਚਿਆ ਗਿਆ ਹੈ। ਇਹ ਰਾਗ ਬੈਰਾੜੀ ਵਿੱਚ ਉਚਾਰਿਆ ਗਿਆ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 719 ਉੱਤੇ ਦਰਜ ਹੈ। ਇਸ ਸ਼ਬਦ ਵਿੱਚ ਗੁਰੂ ਸਾਹਿਬ ਨੇ ਭਗਤ ਦੀ ਨਿਮਰਤਾ, ਪਰਮਾਤਮਾ ਦੀ ਸਰਬਵਿਆਪਕਤਾ ਅਤੇ ਉਸ ਦੀ ਰਚਨਾ ਦੀ ਮਹਾਨਤਾ ਬਾਰੇ ਉਚਾਰਣ ਕੀਤਾ ਹੈ।

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਐਤਵਾਰ, ੨੮ ਪੋਹ (ਸੰਮਤ ੫੫੭ ਨਾਨਕਸ਼ਾਹੀ) ੧੧ ਜਨਵਰੀ, ੨੦੨੬ (ਅੰਗ: ੭੧੯)


ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ।੧। ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮਕਾਉਂਦਾ ਹੈ।੨।੩।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.