ਫਰੀਦਾਬਾਦ ਨਿਊਜ਼ : ਹਰਿਆਣਾ ਸਰਕਾਰ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇੱਕ ਅਹਿਮ ਫੈਸਲਾ ਲੈਂਦਿਆਂ Faridabad ਦੇ NIT ਜ਼ੋਨ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ 30 ਮਈ ਨੂੰ ਹੋਣ ਵਾਲੀ ਢਾਹੁਣ ਮੁਹਿੰਮ ਤੋਂ ਪਹਿਲਾਂ ਲਾਗੂ ਕੀਤੀ ਗਈ ਹੈ।
ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ, ਇਹ ਫੈਸਲਾ ਖੁਫੀਆ ਏਜੰਸੀਆਂ ਅਤੇ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਦੀ ਸਿਫ਼ਾਰਸ਼ ਤੋਂ ਬਾਅਦ ਲਿਆ ਗਿਆ ਹੈ। ਪ੍ਰਸ਼ਾਸਨ ਨੂੰ ਅਸ਼ੰਕਾ ਹੈ ਕਿ ਸੋਸ਼ਲ ਮੀਡੀਆ ਰਾਹੀਂ ਅਫਵਾਹਾਂ ਜਾਂ ਭੜਕਾਊ ਸੁਨੇਹੇ ਫੈਲਣ ਨਾਲ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ।
ਕਿਹੜੀਆਂ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ?
ਪਾਬੰਦੀ ਦੌਰਾਨ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ ,ਬਲਕ SMS ਸੇਵਾਵਾਂ ਮੁਅੱਤਲ ਰਹਿਣਗੀਆਂ ,ਡੋਂਗਲ ਅਤੇ ਮੋਬਾਈਲ ਡਾਟਾ ਸੇਵਾਵਾਂ ਵੀ ਪ੍ਰਭਾਵਿਤ ਹੋਣਗੀਆਂ।
ਇਹ ਕਦਮ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ, ਐਕਸ (ਟਵਿੱਟਰ) ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਅਫਵਾਹਾਂ ਦੇ ਫੈਲਾਅ ਨੂੰ ਰੋਕਣ ਲਈ ਚੁੱਕਿਆ ਗਿਆ ਹੈ।
ਕਿੱਥੇ ਲਾਗੂ ਹੋਵੇਗੀ ਪਾਬੰਦੀ?
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਪੂਰੇ ਫਰੀਦਾਬਾਦ ਵਿੱਚ ਨਹੀਂ ਹੋਵੇਗੀ। ਇਹ ਸਿਰਫ਼ NIT ਜ਼ੋਨ ਦੇ ਇੱਕ ਨਿਰਧਾਰਤ ਸਥਾਨ ਦੇ ਆਲੇ-ਦੁਆਲੇ 1 ਕਿਲੋਮੀਟਰ ਦੇ ਘੇਰੇ ਤੱਕ ਹੀ ਲਾਗੂ ਰਹੇਗੀ।
ਕਦੋਂ ਤੱਕ ਰਹੇਗੀ ਇੰਟਰਨੈੱਟ ਸੇਵਾ ਬੰਦ?
ਜਾਰੀ ਹੁਕਮਾਂ ਮੁਤਾਬਕ ਇਹ ਪਾਬੰਦੀ 31 ਮਈ 2026 ਤੱਕ ਪ੍ਰਭਾਵੀ ਰਹੇਗੀ। ਹਾਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦੇਣ।

