Site icon Dainik Savera Punjab

Kejriwal Extortion Threat: ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਦੀ ਫਿਰੌਤੀ ਮੰਗੀ

Kejriwal Extortion Threat: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਮੋਹਾਲੀ ਵਿੱਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ ਹੈ।

ਸ਼ਿਕਾਇਤ ਮੁਤਾਬਕ, ਮੁਲਜ਼ਮ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨਾਲ ਫੋਨ ਅਤੇ ਵ੍ਹਾਟਸਐਪ ਰਾਹੀਂ ਸੰਪਰਕ ਕੀਤਾ। ਉਸ ਨੇ ਵਿਧਾਇਕ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਤੱਕ 7 ਕਰੋੜ ਰੁਪਏ ਦੇਣ ਦਾ ਸੁਨੇਹਾ ਪਹੁੰਚਾਇਆ ਜਾਵੇ। ਪੈਸੇ ਨਾ ਮਿਲਣ ਦੀ ਸੂਰਤ ਵਿੱਚ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਮਾਰਨ ਦੀ ਧਮਕੀ ਦਿੱਤੀ ਗਈ।

ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਐੱਸਐੱਸਪੀ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਮੋਬਾਈਲ ‘ਤੇ ਧਮਕੀ ਭਰੀ ਕਾਲ ਆਈ ਅਤੇ ਬਾਅਦ ਵਿੱਚ ਉਸੇ ਨੰਬਰ ਤੋਂ ਵ੍ਹਾਟਸਐਪ ਸੰਦੇਸ਼ ਵੀ ਭੇਜਿਆ ਗਿਆ। ਮੁਲਜ਼ਮ ਦਾ ਵ੍ਹਾਟਸਐਪ ਪ੍ਰੋਫਾਈਲ ਨਾਮ ‘ਐੱਚ’ ਦਿਖਾਈ ਦੇ ਰਿਹਾ ਸੀ। ਸੰਦੇਸ਼ ਵਿੱਚ ਵੀ 7 ਕਰੋੜ ਰੁਪਏ ਦੀ ਮੰਗ ਕਰਦਿਆਂ ਜਾਨੋਂ ਮਾਰਨ ਦੀ ਧਮਕੀ ਦੁਹਰਾਈ ਗਈ।

ਆਪਣੀ ਸ਼ਿਕਾਇਤ ਵਿੱਚ ਵਿਧਾਇਕ ਨੇ ਕਿਹਾ ਕਿ ਮੁਲਜ਼ਮ ਨੇ ਉਨ੍ਹਾਂ ਦੀ ਜਨਤਕ ਨੁਮਾਇੰਦੇ ਵਜੋਂ ਪਛਾਣ ਦਾ ਫਾਇਦਾ ਚੁੱਕ ਕੇ ਫਿਰੌਤੀ ਦੀ ਮੰਗ ਅਤੇ ਧਮਕੀ ਕੇਜਰੀਵਾਲ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਨੂੰ ਗੰਭੀਰ ਅਪਰਾਧਿਕ ਮਾਮਲਾ ਦੱਸਦਿਆਂ ਮੁਲਜ਼ਮ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼ਿਕਾਇਤ ਦੇ ਆਧਾਰ ‘ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਵਿਰੁੱਧ ਐੱਫਆਈਆਰ ਦਰਜ ਕੀਤੀ ਗਈ ਹੈ।

ਵਿਧਾਇਕ ਨੇ ਪੁਲਿਸ ਤੋਂ ਮੁਲਜ਼ਮ ਦੇ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (CDR), ਆਈਪੀ ਲੌਗ ਅਤੇ ਫੋਨ ਦੀ ਲੋਕੇਸ਼ਨ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਧਮਕੀ ਭੇਜਣ ਵਾਲੇ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਵੀ ਕੀਤੀ ਗਈ ਹੈ। ਪੁਲਿਸ ਨੂੰ ਵ੍ਹਾਟਸਐਪ ਸੰਦੇਸ਼ ਦਾ ਸਕ੍ਰੀਨਸ਼ਾਟ ਵੀ ਸਬੂਤ ਵਜੋਂ ਸੌਂਪਿਆ ਗਿਆ ਹੈ।

ਇਸ ਤੋਂ ਇਲਾਵਾ ਵਿਧਾਇਕ ਨੇ ਸਬੰਧਤ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਹੁਣ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਕੇ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਅਤੇ ਉਸ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version