Site icon Dainik Savera Punjab

Police Commissioner: ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Amritsar: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਹਰਮਨਬੀਰ ਸਿੰਘ ਦੀ ਥਾਂ ਨਵਾਂ ਅਹੁਦਾ ਸੰਭਾਲਿਆ ਹੈ।

ਕੁਲਦੀਪ ਸਿੰਘ ਚਾਹਲ 2009 ਬੈਚ ਦੇ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਹਨ। ਇਸ ਨਵੀਂ ਨਿਯੁਕਤੀ ਤੋਂ ਪਹਿਲਾਂ ਉਹ ਪੰਜਾਬ ਪੁਲਿਸ ਵਿੱਚ ਡੀਆਈਜੀ ਟੈਕਨੀਕਲ ਸਰਵਿਸਿਜ਼ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਡੀਆਈਜੀ ਪਟਿਆਲਾ ਰੇਂਜ ਦਾ ਵਾਧੂ ਚਾਰਜ ਵੀ ਸੀ। ਸਰਕਾਰ ਦੇ ਤਬਾਦਲਾ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ।

ਕੁਲਦੀਪ ਸਿੰਘ ਚਾਹਲ ਨੂੰ ਪੁਲਿਸ ਪ੍ਰਸ਼ਾਸਨ ਵਿੱਚ ਕੰਮ ਕਰਨ ਦਾ ਲੰਮਾ ਤਜਰਬਾ ਹਾਸਲ ਹੈ। ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਐੱਸਐੱਸਪੀ ਵਜੋਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਜਲੰਧਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਉਨ੍ਹਾਂ ਦੇ ਇਸ ਤਜਰਬੇ ਨੂੰ ਅੰਮ੍ਰਿਤਸਰ ਵਰਗੇ ਮਹੱਤਵਪੂਰਨ ਸ਼ਹਿਰ ਲਈ ਅਹਿਮ ਮੰਨਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ 25 ਨਵੰਬਰ ਨੂੰ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਕੁੱਲ 31 ਪੁਲਿਸ ਅਧਿਕਾਰੀਆਂ ਦੀਆਂ ਨਿਯੁਕਤੀਆਂ ਬਦਲੀਆਂ ਗਈਆਂ ਸਨ, ਜਿਨ੍ਹਾਂ ਵਿੱਚ 25 ਆਈਪੀਐੱਸ ਅਤੇ 6 ਪੀਪੀਐੱਸ ਅਧਿਕਾਰੀ ਸ਼ਾਮਲ ਸਨ।

ਇਸ ਤਬਦੀਲੀ ਤਹਿਤ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਬਦਲਾਅ ਕੀਤਾ ਗਿਆ ਸੀ। ਕੁਲਦੀਪ ਸਿੰਘ ਚਾਹਲ ਨੂੰ ਅੰਮ੍ਰਿਤਸਰ ਦੀ ਕਮਾਨ ਮਿਲੀ ਹੈ, ਜਦਕਿ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਅਤੇ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਹੁਣ ਨਵੇਂ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਸਾਹਮਣੇ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਅਤੇ ਆਮ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਵਿੱਚ ਭਰੋਸਾ ਵਧਾਉਣ ਦੀ ਵੱਡੀ ਚੁਣੌਤੀ ਹੋਵੇਗੀ।

Exit mobile version