Kulgam Terror Attack: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। CRPF ਦੀ ਟੀਮ ‘ਤੇ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ‘ਪਾਸਦਾਰਾਨ-ਏ-ਹੁਰੀਅਤ ਕਸ਼ਮੀਰ’ ਨਾਮਕ ਇੱਕ ਨਵੇਂ ਅੱਤਵਾਦੀ ਸੰਗਠਨ ਨੇ ਲੈਣ ਦਾ ਦਾਅਵਾ ਕੀਤਾ ਹੈ। ਇਸ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੇ ਤਿੰਨ ਜਵਾਨ ਜ਼ਖ਼ਮੀ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਸ਼ਮੀਰ ਵਿੱਚ ਕਿਸੇ ਅੱਤਵਾਦੀ ਘਟਨਾ ਦੇ ਸਬੰਧ ਵਿੱਚ ਇਸ ਸੰਗਠਨ ਦਾ ਨਾਮ ਪਹਿਲੀ ਵਾਰ ਸਾਹਮਣੇ ਆਇਆ ਹੈ।
ਹਮਲੇ ਤੋਂ ਬਾਅਦ ਉਕਤ ਸੰਗਠਨ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ, ਜਿਸ ਵਿੱਚ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੰਗਠਨ ਨੇ ਆਪਣੇ ਬਿਆਨ ਵਿੱਚ ਭਾਰਤ ਸਰਕਾਰ, ਆਰਐੱਸਐੱਸ ਅਤੇ ਸੁਰੱਖਿਆ ਬਲਾਂ ਨੂੰ ਧਮਕਾਉਂਦਿਆਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਹਮਲੇ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਨੇ ਹਮਲਿਆਂ ਦੀ ਨਵੀਂ ਲੜੀ ਸ਼ੁਰੂ ਕਰਨ ਦੀ ਗੱਲ ਵੀ ਕਹੀ ਹੈ। ਸੰਗਠਨ ਵੱਲੋਂ ਜਾਰੀ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸ ਦੀ ਕਥਿਤ ਮੁਹਿੰਮ ਆਪਣੇ ਟੀਚੇ ਦੀ ਪ੍ਰਾਪਤੀ ਤੱਕ ਜਾਰੀ ਰਹੇਗੀ। ਇਸ ਸੰਗਠਨ ਦੇ ਬੁਲਾਰੇ ਵਜੋਂ ਮੁਹੰਮਦ ਉਮਰ ਅਜ਼ਮ ਦਾ ਨਾਮ ਸਾਹਮਣੇ ਆਇਆ ਹੈ। ਸੁਰੱਖਿਆ ਏਜੰਸੀਆਂ ਇਸ ਦੇ ਦਾਅਵਿਆਂ ਦੀ ਜਾਂਚ ਕਰ ਰਹੀਆਂ ਹਨ।
ਜਾਣਕਾਰੀ ਅਨੁਸਾਰ, ਕੁਲਗਾਮ ਦੇ ਅਖਰਾਨ ਇਲਾਕੇ ਵਿੱਚ ਸਥਿਤ CRPF ਕੈਂਪ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਦੁਪਹਿਰ AK-47 ਰਾਈਫਲਾਂ ਨਾਲ ਲੈਸ ਦੋ ਅੱਤਵਾਦੀਆਂ ਨੇ ਅਚਾਨਕ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਜਵਾਬੀ ਕਾਰਵਾਈ ਕੀਤੀ, ਪਰ ਇਸ ਦੌਰਾਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਜੰਗਲ ਵੱਲ ਭੱਜਣ ਵਿੱਚ ਕਾਮਯਾਬ ਹੋ ਗਏ।
ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਕਾਰਵਾਈ ਵਿੱਚ BSF, ਜੰਮੂ-ਕਸ਼ਮੀਰ ਪੁਲਿਸ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੀਆਂ ਟੀਮਾਂ ਸ਼ਾਮਲ ਹਨ। ਇਲਾਕੇ ਦੇ ਵੱਖ-ਵੱਖ ਰਸਤਿਆਂ ‘ਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਜੰਗਲਾਂ ਸਮੇਤ ਆਸ-ਪਾਸ ਦੇ ਸ਼ੱਕੀ ਟਿਕਾਣਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨੇੜਲੀਆਂ ਦੁਕਾਨਾਂ ਅਤੇ ਹੋਰ ਥਾਵਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਜਾਂਚ ਏਜੰਸੀਆਂ ਨੂੰ ਇਸ ਹਮਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਸਥਾਨਕ ਕਮਾਂਡਰ ਮੁਹੰਮਦ ਲਤੀਫ ਭੱਟ ਦੀ ਸੰਭਾਵਿਤ ਭੂਮਿਕਾ ਹੋਣ ਦਾ ਵੀ ਸ਼ੱਕ ਹੈ। ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ। ਫੋਰੈਂਸਿਕ ਟੀਮ ਨੇ ਵੀ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਅਹਿਮ ਸਬੂਤ ਇਕੱਠੇ ਕੀਤੇ ਹਨ। ਏਜੰਸੀਆਂ ਹਮਲਾਵਰਾਂ ਦੀ ਪਛਾਣ, ਉਨ੍ਹਾਂ ਨੂੰ ਮਦਦ ਪਹੁੰਚਾਉਣ ਵਾਲੇ ਲੋਕਾਂ ਅਤੇ ਫਰਾਰ ਹੋਣ ਦੇ ਰਸਤਿਆਂ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ।
ਕੁਲਗਾਮ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਕਟੜਾ ਤੋਂ ਜੰਮੂ ਅਤੇ ਕੁਲਗਾਮ ਤੋਂ ਕਿਸ਼ਤਵਾੜ ਤੱਕ ਸੁਰੱਖਿਆ ਬਲਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਵੱਖ-ਵੱਖ ਸੜਕਾਂ ‘ਤੇ ਵਾਧੂ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਅਤੇ ਗੱਡੀਆਂ ‘ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ, ਜਦਕਿ ਫਰਾਰ ਅੱਤਵਾਦੀਆਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਹੈ।

