Faridkot: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਮੌਕੇ ‘ਤੇ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਮਜ਼ਦੂਰਾਂ ਅਤੇ ਕਿਰਤੀ ਵਰਗ ਨੂੰ ਵਧਾਈ ਦਿੱਤੀ। ਉਹ ਪਿੰਡ ਵਾਂਦਰ ਜਟਾਣਾ, ਪਿੰਡ ਸੰਧਵਾਂ, ਵਿਸ਼ਵਕਰਮਾ ਧਰਮਸ਼ਾਲਾ ਜਟਾਣਾ ਪੱਟੀ, ਵਿਸ਼ਵਕਰਮਾ ਭਵਨ ਸਰਕੂਲਰ ਰੋਡ ਫਰੀਦਕੋਟ, ਪਿੰਡ ਟਹਿਣਾ ਅਤੇ ਗੁਰਦੁਆਰਾ ਰਾਮਗੜ੍ਹੀਆ ਕੋਟਕਪੂਰਾ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਲੋਕਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਸਮਾਗਮਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸੰਸਾਰ ਦਾ ਪਹਿਲਾ ਆਰਕੀਟੈਕਟ ਅਤੇ ਇੰਜੀਨੀਅਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਸਿਰਜਣਾਤਮਕਤਾ ਅਤੇ ਕਲਾ ਨੇ ਭਾਰਤੀ ਕਾਰੀਗਰਾਂ, ਸ਼ਿਲਪਕਾਰਾਂ ਅਤੇ ਮਜ਼ਦੂਰਾਂ ਨੂੰ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵੱਲੋਂ ਹਥਿਆਰਾਂ, ਔਜ਼ਾਰਾਂ ਅਤੇ ਮਸ਼ੀਨਾਂ ਦੀ ਰਚਨਾ ਕਲਾ ਅਤੇ ਤਕਨੀਕੀ ਹੁਨਰ ਦੇ ਖੇਤਰ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵਕਰਮਾ ਦਿਵਸ ਸਿਰਫ਼ ਧਾਰਮਿਕ ਮਹੱਤਵ ਵਾਲਾ ਦਿਨ ਹੀ ਨਹੀਂ, ਸਗੋਂ ਇਹ ਮਿਹਨਤ, ਹੁਨਰ ਅਤੇ ਕਾਰੀਗਰੀ ਦੀ ਕਦਰ ਕਰਨ ਦਾ ਵੀ ਮੌਕਾ ਹੈ। ਅਜਿਹੇ ਸਮਾਗਮ ਲੋਕਾਂ ਨੂੰ ਆਪਸੀ ਏਕਤਾ, ਸ਼ਰਧਾ ਅਤੇ ਸੇਵਾ ਦੀ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੰਦੇ ਹਨ। ਭਗਵਾਨ ਵਿਸ਼ਵਕਰਮਾ ਜੀ ਦਾ ਜੀਵਨ ਮਨੁੱਖਤਾ ਲਈ ਮਿਹਨਤ, ਇਮਾਨਦਾਰੀ ਅਤੇ ਨਵੀਆਂ ਚੀਜ਼ਾਂ ਦੀ ਸਿਰਜਣਾ ਕਰਨ ਦੀ ਪ੍ਰੇਰਣਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।
ਸਪੀਕਰ ਨੇ ਕਿਹਾ ਕਿ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਵਿੱਚ ਮਜ਼ਦੂਰਾਂ ਅਤੇ ਕਾਰੀਗਰਾਂ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਸੂਬੇ ਵਿੱਚ ਵਿਕਾਸ ਕਾਰਜ ਅੱਗੇ ਵਧਦੇ ਹਨ ਅਤੇ ਨਵੀਆਂ ਇਮਾਰਤਾਂ ਤੇ ਸਹੂਲਤਾਂ ਦਾ ਨਿਰਮਾਣ ਸੰਭਵ ਹੁੰਦਾ ਹੈ। ਉਨ੍ਹਾਂ ਕਿਰਤੀ ਵਰਗ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਮਿਹਨਤਕਸ਼ ਲੋਕਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਤਕਨਾਲੋਜੀ ਦਾ ਗੁਲਾਮ ਬਣਨ ਦੀ ਬਜਾਏ ਇਸ ਦੀ ਸਹੀ ਵਰਤੋਂ ਕਰਨੀ ਸਿੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਗਿਆਨ ਅਤੇ ਹੁਨਰ ਨੂੰ ਆਪਣੀ ਤਾਕਤ ਬਣਾਉਣਾ ਸਮੇਂ ਦੀ ਲੋੜ ਹੈ। ਇਸ ਦਿਸ਼ਾ ਵਿੱਚ ਪੰਜਾਬ ਸਰਕਾਰ ਨੌਜਵਾਨਾਂ ਅਤੇ ਆਮ ਲੋਕਾਂ ਦੀ ਮਦਦ ਲਈ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਇਨ੍ਹਾਂ ਧਾਰਮਿਕ ਸਮਾਗਮਾਂ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਵਿਸ਼ਵਕਰਮਾ ਧਰਮਸ਼ਾਲਾ ਦੇ ਮੈਂਬਰਾਂ ਅਤੇ ਇਲਾਕੇ ਦੇ ਕਈ ਪਤਵੰਤੇ ਵਿਅਕਤੀ ਮੌਜੂਦ ਰਹੇ। ਸਮਾਗਮਾਂ ਵਿੱਚ ਮਜ਼ਦੂਰ ਵਰਗ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਦੇ ਦਿਖਾਏ ਮਿਹਨਤ ਅਤੇ ਸਿਰਜਣਾ ਦੇ ਰਸਤੇ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ।