ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਸਦੀ ਪੁਸ਼ਟੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਕੀਤੀ। ਅਸਤੀਫੇ ਤੋਂ ਬਾਅਦ ਜਾਰੀ ਪਹਿਲੇ ਬਿਆਨ ਵਿੱਚ ਭੁੱਲਰ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ, ਪਰ ਕਿਉਂਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਸੱਚ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ‘ਤੇ ਚੱਲਦੀ ਹੈ, ਇਸ ਲਈ ਉਹ ਚਾਹੁੰਦੇ ਹਨ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਵੇ।
ਭੁੱਲਰ ਨੇ ਲਿਖਿਆ ਕਿ ਜਦ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦਾ ਮੰਤਰੀ ਪਦ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਣੇ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਤਾਂ ਜੋ ਜਾਂਚ ਬਿਨਾਂ ਕਿਸੇ ਦਬਾਅ ਦੇ ਹੋ ਸਕੇ।
ਇਹ ਵੀ ਯਾਦ ਰਹੇ ਕਿ ਵਿਵਾਦਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਭੁੱਲਰ ਤੋਂ ਅਸਤੀਫਾ ਮੰਗਿਆ ਸੀ ਅਤੇ ਮੁੱਖ ਸਕੱਤਰ ਨੂੰ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
