
ਪੰਜਾਬ ਵਿੱਚ ਲੋਹੜੀ ਦੇ ਮੌਕੇ ਕੜਾਕੇ ਦੀ ਠੰਢ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਇਸ ਸੀਜ਼ਨ ਵਿੱਚ ਪਹਿਲੀ ਵਾਰ ਹੈ ਜਦੋਂ ਮੌਸਮ ਵਿਭਾਗ ਨੇ ਇੰਨਾ ਸਖ਼ਤ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 15 ਜਨਵਰੀ ਤੱਕ ਸੂਬੇ ਨੂੰ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਠੰਢ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਸ਼ਿਮਲਾ ਨਾਲੋਂ ਵੀ ਘੱਟ ਹੈ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵੀ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 17 ਅਤੇ 18 ਜਨਵਰੀ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
READ ALSO : ਕੜਾਕੇ ਦੀ ਠੰਢ ਜਾਰੀ, ਸੰਘਣੀ ਧੁੰਦ ਅਤੇ ਸ਼ੀਤ ਲਹਿਰ ਤੋਂ ਬਚਣ ਲਈ ,ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜਰੀ
ਇਸ ਦਰਮਿਆਨ ਇਹ ਸੰਭਾਵਨਾ ਵੀ ਬਣੀ ਹੋਈ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀਆਂ ਮੁੜ ਵਧਾਈਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਸਰਕਾਰ ਵੱਲੋਂ ਇਸ ਸਬੰਧੀ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਸੀ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ।
ਸਰਕਾਰੀ ਹੁਕਮਾਂ ਮੁਤਾਬਕ ਸਕੂਲ 14 ਜਨਵਰੀ ਤੋਂ ਆਮ ਵਾਂਗ ਖੁੱਲ੍ਹਣੇ ਹਨ, ਪਰ ਮੌਜੂਦਾ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਛੁੱਟੀਆਂ ਵਿੱਚ ਵਾਧੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਖ਼ਾਸ ਕਰਕੇ ਜਦੋਂ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ 16 ਜਨਵਰੀ ਤੱਕ ਵਧਾਈਆਂ ਗਈਆਂ ਹਨ।
ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਦ੍ਰਿਸ਼ਟਤਾ ਕਾਫ਼ੀ ਘੱਟ ਗਈ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਸਵੇਰੇ ਸਕੂਲ ਜਾਣ ਵਾਲੇ ਬੱਚਿਆਂ ਲਈ ਜੋਖਮ ਵਧ ਗਿਆ ਸੀ। ਇਨ੍ਹਾਂ ਹਾਲਾਤਾਂ ਨੂੰ ਦੇਖਦਿਆਂ ਹੀ ਪਹਿਲਾਂ ਵੀ ਸਕੂਲਾਂ ਦੀਆਂ ਛੁੱਟੀਆਂ 7 ਜਨਵਰੀ ਤੱਕ ਵਧਾਈਆਂ ਗਈਆਂ ਸਨ।
328 ਸਰੂਪ ਮਾਮਲਾ: ਕੋਹਲੀ ਤੇ ਕੰਵਲਜੀਤ ਸਿੰਘ ਨੂੰ 10 ਦਿਨਾਂ ਲਈ ਨਿਆਂਇਕ ਹਿਰਾਸਤ ‘ਚ
